ਸ੍ਰੀ ਸੁਮੇਰ ਸਿੰਘ ਗੁਰਜਰ ਨੇ ਕਮਿਸ਼ਨਰ ਫਿਰੋਜਪੁਰ ਡਵੀਜ਼ਨ ਵਜੋਂ ਅਹੁਦਾ ਸੰਭਾਲਿਆ
ਫ਼ਿਰੋਜ਼ਪੁਰ 6 ਸਤੰਬਰ 2017 ( ) ਆਮ ਲੋਕਾਂ ਨੂੰ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੀ ਸੁਮੇਰ ਸਿੰਘ ਗੁਰਜਰ, ਆਈ.ਏ.ਐਸ. ਨੇ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਵਜੋਂ ਅਹੁਦਾ ਸੰਭਾਲਣ ਉਪਰੰਤ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਤੋਂ ਪਹਿਲਾ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਰਨਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫਿਰੋਜਪੁਰ ਵਿਖੇ ਸੇਵਾਵਾਂ ਦੇਣਾ ਉਨ੍ਹਾਂ ਲਈ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ।
ਇਸ ਮੌਕੇ ਸ੍ਰੀ ਸੁਮੇਰ ਸਿੰਘ ਗੁਜ਼ਰ ਵੱਲੋਂ ਅਧਿਕਾਰੀਆਂ ਪਾਸੋਂ ਫ਼ਿਰੋਜ਼ਪੁਰ ਡਵੀਜ਼ਨ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਹ 1998 ਬੈਚ ਦੇ ਆਈ. ਏ. ਐਸ. ਅਧਿਕਾਰੀ ਹਨ। ਸ਼੍ਰੀ ਸੁਮੇਰ ਸਿੰਘ ਇਸ ਤੋਂ ਪਹਿਲਾ ਫ਼ਰੀਦਕੋਟ ਡਵੀਜ਼ਨ ਵਿਚ ਕਮਿਸ਼ਨਰ ਦੇ ਅਹੁਦੇ 'ਤੇ ਤਾਇਨਾਤ ਸਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫ਼ਰੀਦਕੋਟ ਡਵੀਜ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਇਸ ਤੋਂ ਪਹਿਲਾ ਸਕੱਤਰ ਬਾਲ ਅਧਿਕਾਰ ਕਮਿਸ਼ਨ ਪੰਜਾਬ , ਡਵੀਜ਼ਨਲ ਕਮਿਸ਼ਨਰ ਪਟਿਆਲਾ, ਡਿਪਟੀ ਕਮਿਸ਼ਨਰ ਲੁਧਿਆਣਾ ਦੇ ਅਹੁਦੇ ਤੇ ਵੀ ਤਾਇਨਾਤ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜਪੁਰ ਸ੍ਰੀ ਰਾਮਵੀਰ ਨੇ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਨੂੰ ਜੀ ਆਇਆ ਕਿਹਾ ਅਤੇ ਵਿਸ਼ਵਾਸ ਦਵਾਇਆ ਕਿ ਜ਼ਿਲ੍ਹਾ ਫਿਰੋਜਪੁਰ ਵਿਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਵਿਕਾਸ ਕੰਮਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਪੂਰਾ ਕਰਵਾਇਆ ਜਾਵੇਗਾ।
ਇਸ ਮੌਕੇ ਸ੍ਰੀ ਰਾਜਿੰਦਰ ਸਿੰਘ ਡੀ.ਆਈ.ਜੀ ਫਿਰੋਜਪੁਰ ਰੇਂਜ, ਸ੍ਰੀ ਗੌਰਵ ਗਰਗ ਐਸ.ਐਸ.ਪੀ.ਫਿਰੋਜਪੁਰ, ਸ੍ਰੀ ਵਨੀਤ ਕੁਮਾਰ ਆਈ.ਏ.ਐਸ.ਵਧੀਕ ਡਿਪਟੀ ਕਮਿਸ਼ਨਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।