Ferozepur News
ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਵੱਲੋਂ ਫ਼ਿਰੋਜ਼ਪੁਰ ਦਿਹਾਤੀ ਨਾਲ ਸਬੰਧਿਤ 29 ਯੋਗ ਉਮੀਦਵਾਰਾਂ ਦਿੱਤੇ ਗਏ ਨਿਯੁਕਤੀ ਪੱਤਰ ਉਮੀਦਵਾਰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ-ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ 23 ਅਗਸਤ 2018 ( Manish Bawa) ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਨਾਲ ਸਬੰਧਿਤ 165 ਯੋਗ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਮੌਕੇ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਵੱਲੋਂ ਫ਼ਿਰੋਜ਼ਪੁਰ ਦਿਹਾਤੀ ਨਾਲ ਸਬੰਧਿਤ 29 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਬੇਰੁਜ਼ਗਾਰ ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਸ ਰਾਹੀਂ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ਘਰ-ਘਰ ਰੁਜ਼ਗਾਰ ਦੇ ਸੁਪਨੇ ਉਲੀਕੇ ਗਏ ਸਨ ਉਸ ਨੂੰ ਪੂਰਾ ਕਰਦਿਆਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ 165 ਯੋਗ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਇਸ ਮੌਕੇ ਸ੍ਰ. ਜਸਮੇਲ ਸਿੰਘ ਲਾਡੀ ਗਹਿਰੀ ਨੇ ਫ਼ਿਰੋਜ਼ਪੁਰ ਦਿਹਾਤੀ ਦੇ 29 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਡੱਟ ਕੇ ਸਾਹਮਣਾ ਕਰਨ। ਉਨ੍ਹਾਂ ਕਿਹਾ ਕਿ ਸਕਿਉਰਿਟੀ ਸਕਿੱਲ ਇੰਡੀਆ ਲਿਮਟਿਡ ਕੰਪਨੀ ਵੱਲੋਂ ਨੌਜਵਾਨਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ਬੈਂਕਾਂ, ਕੈਸ਼ ਵੈਨ, ਹਸਪਤਾਲਾਂ ਆਦਿ ਵਿਚ ਰੁਜ਼ਗਾਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੌਜਵਾਨਾਂ ਨੂੰ 12500 ਰੁਪਏ ਤੋਂ ਵੱਧ ਉਨ੍ਹਾਂ ਦੀ ਯੋਗਤਾ ਮੁਤਾਬਿਕ ਤਨਖ਼ਾਹ ਦਿੱਤੀ ਜਾਵੇਗੀ।
ਇਸ ਮੌਕੇ ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਗੁਰਮੀਤ ਸਿੰਘ ਮੁਲਤਾਨੀ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ. ਅਸ਼ੋਕ ਜਿੰਦਲ ਸਮੇਤ ਨਿਯੁਕਤੀ ਪ੍ਰਾਪਤ ਕਰਨ ਵਾਲੇ ਨੌਜਵਾਨ ਵੀ ਹਾਜ਼ਰ ਸਨ।