ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਹਰੇਕ ਪਿੰਡ ਵਿਚ 550 ਬੂਟੇ ਲਗਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਫ਼ਿਰੋਜ਼ਪੁਰ 23 ਅਪ੍ਰੈਲ 2019
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ 550 ਬੂਟੇ ਲਗਾਏ ਜਾਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨ.) ਰਵਿੰਦਰ ਸਿੰਘ ਵੱਲੋਂ ਜੰਗਲਾਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ: ਰਵਿੰਦਰਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰ: ਰਵਿੰਦਰ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਹਰੇਕ ਪਿੰਡ 550 ਬੂਟੇ ਲਗਾਉਣੇ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾ ਵਿਚ ਬੂਟੇ ਲਗਾਉਣ ਲਈ ਜੰਗਲਾਤ ਵਿਭਾਗ ਅਤੇ ਪੇਂਡੂ ਤੇ ਵਿਕਾਸ ਪੰਚਾਇਤ ਵਿਭਾਗ ਵੱਲੋਂ ਇਸ ਸਬੰਧੀ ਲੋੜੀਂਦੀਆਂ ਨਿਸ਼ਾਨ ਦੇਹੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 15 ਮਈ ਤੱਕ ਤੱਕਂ ਟੋਏ ਪੁੱਟਣ ਦਾ ਕੰਮ ਪੂਰਾ ਕਰ ਲਿਆ ਜਾਵੇ ਅਤੇ ਇਸ ਸਬੰਧੀ ਰਿਪੋਰਟ ਇਸ ਦਫਤਰ ਨੂੰ ਭੇਜੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਛਾਂਦਾਰ, ਫਲਦਾਰ, ਘੱਟ ਪਾਣੀ ਸੋਖਣ ਵਾਲੇ ਅਤੇ ਮੈਡੀਕਲ ਰੂਪ 'ਚ ਵਰਤੋਂ ਵਿੱਚ ਆਉਣ ਵਾਲੇ ਬੂਟੇ ਮੁਹੱਈਆ ਕਰਵਾਏ ਜਾਣ ਤਾਂ ਜੋ ਵਾਤਾਵਰਣ ਸ਼ੁੱਧ ਹੋਣ ਦੇ ਨਾਲ-ਨਾਲ ਮਨੁੱਖੀ ਜੀਵਨ ਨੂੰ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਲਈ ਮਗਨਰੇਗਾ ਮਜ਼ਦੂਰਾਂ ਤੋਂ ਕੰਮ ਲਿਆ ਜਾਵੇ ਅਤੇ ਨਾਲ ਹੀ ਨਹਿਰੂ ਯੁਵਾ ਕੇਂਦਰ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਕਲੱਬ ਮੈਂਬਰਾਂ ਦਾ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੂਟੇ ਲਗਾਉਣ ਦੇ ਕੰਮ ਨੂੰ ਤਸੱਲੀਬਖ਼ਸ਼ ਨੇਪਰੇ ਚਾੜ੍ਹਿਆ ਜਾਵੇ ਤੇ ਇਸ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰੱਖੀ ਜਾਵੇ।
ਇਸ ਮੌਕੇ ਸਹਾਇਕ ਕਮਿਸ਼ਨਰ ਸ. ਰਣਜੀਤ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਧ ਢਿੱਲੋ, ਸਿਮਰਨਜੀਤ ਸਿੰਘ ਵਣ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।