ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਦੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਦੇ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੇ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ 23 ਜੁਲਾਈ 2019 ( ) ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਨੇ 15 ਅਗਸਤ ਨੂੰ ਆਯੋਜਿਤ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਉਣ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਰਵਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਦੇ ਨਾਲ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੀ ਇੱਕ ਬੈਠਕ ਨੂੰ ਸੰਬੋਧਨ ਕੀਤਾ ਅਤੇ ਸਮਾਗਮ ਨੂੰ ਲੈ ਕੇ ਚੱਲ ਰਹੀ ਤਿਆਰੀਆਂ ਦਾ ਜਾਇਜ਼ਾ ਲਿਆ।
ਮੀਟਿੰਗ ਦੇ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਪ੍ਰੋਗਰਾਮ ਦੇਸ਼ ਦੇ ਮਹਾਨ ਸੁਤੰਤਰਤਾ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਆਯੋਜਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਗਰਾਮ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਮੇਲ ਹੋਣਾ ਚਾਹੀਦਾ ਹੈ ਅਤੇ ਇਹ ਸਮਾਗਮ ਵਧੀਆ ਤਰੀਕੇ ਨਾਲ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚੋਂ ਨਗਰ ਕੌਂਸਲ, ਸਿੱਖਿਆ ਵਿਭਾਗ, ਜਨ ਸਿਹਤ ਵਿਭਾਗ, ਪੀ.ਡਬਲਯੂ.ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਯੁਵਕ ਸੇਵਾਵਾਂ ਵਿਭਾਗ ਅਤੇ ਖ਼ੁਰਾਕ ਸਪਲਾਈ ਵਿਭਾਗ ਆਦਿ ਸ਼ਾਮਲ ਹਨ, ਦੇ ਪ੍ਰਮੁੱਖ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਇਸ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕਿਸੀ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਸਮਾਗਮ ਦੇ ਲਈ 10 ਅਗਸਤ ਤੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਰਿਹਰਸਲ ਸ਼ੁਰੂ ਕੀਤੀ ਜਾਵੇਗੀ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਪ੍ਰੋਗਰਾਮ ਵਿੱਚ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਟੀਮ ਵੀ ਸ਼ਾਮਲ ਹੋਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸੰਸਕ੍ਰਿਤ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਪੁਲਿਸ ਵਿਭਾਗ ਨੂੰ ਟ੍ਰੈਫਿਕ ਡਾਇਵਰਟ ਕਰਨ, ਟ੍ਰੈਫਿਕ ਪਲਾਨ ਬਣਾਉਣ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਕਿਹਾ ਗਿਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਸ੍ਰ. ਅਮਿਤ ਗੁਪਤਾ, ਐੱਸ.ਪੀ. ਸ੍ਰੀ. ਸੰਦੀਪ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰ. ਨੇਕ ਸਿੰਘ, ਆਰ.ਟੀ.ਏ. ਤਰਲੋਚਨ ਸਿੰਘ ਸਹੋਤਾ, ਫੂਡ ਸੇਫ਼ਟੀ ਅਫਸਰ ਮਨਜਿੰਦਰ ਸਿੰਘ ਢਿੱਲੋਂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ, ਸਕੱਤਰ ਰੈੱਡ ਕਰਾਸ ਸ੍ਰੀ. ਅਸ਼ੋਕ ਬਹਿਲ, ਕਾਰਜਕਾਰੀ ਅਫਸਰ ਡੇਅਰੀ ਸ੍ਰ. ਬੀਰਪ੍ਰਤਾਪ ਸਿੰਘ ਗਿੱਲ, ਸ੍ਰੀ. ਪ੍ਰਦੀਪ ਕੁਮਾਰ ਅਤੇ ਸ੍ਰੀ. ਚੇਤਨ ਰਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।