ਜ਼ਿਲ੍ਹਾ ਫਿਰੋਜ਼ਪੁਰ ਦੇ ਕੁੱਲ 838 ਸਰਪੰਚਾਂ ਅਤੇ 4718 ਪੰਚਾਂ ਦੀ ਕੀਤੀ ਜਾਵੇਗੀ ਚੋਣ-ਜ਼ਿਲ੍ਹਾ ਚੋਣ ਅਫ਼ਸਰ
ਫਿਰੋਜ਼ਪੁਰ 18 ਦਸੰਬਰ, 2018: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਪੰਚਾਇਤੀ ਚੋਣਾਂ ਸਬੰਧੀ ਬਣਾਏ ਗਏ ਨਾਮਜ਼ਦਗੀ ਲਈ ਵੱਖ-ਵੱਖ ਸੈਂਟਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਸ੍ਰ. ਪ੍ਰੀਤਮ ਸਿੰਘ ਵੀ ਮੌਜੂਦ ਸਨ।
ਚੋਣ ਪ੍ਰਕਿਰਿਆ ਅਮਨ-ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇਗੀ
ਜ਼ਿਲ੍ਹੇ ਅੰਦਰ ਚੋਣਾਂ ਲਈ 961 ਪੋਲਿੰਗ ਬੂਥ ਸਥਾਪਿਤ
ਜ਼ਿਲ੍ਹਾ ਚੋਣ ਅਫਸਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਇਸ ਦੌਰਾਨ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਨਾਮਜ਼ਦਗੀ ਪੱਤਰ ਲੈਣ ਦੌਰਾਨ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ 838 ਸਰਪੰਚਾਂ ਅਤੇ 4718 ਪੰਚਾਂ ਦੀ ਚੋਣ ਲਈ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 838 ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਚੋਣ ਲਈ 961 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਵੋਟਾਂ ਵਾਲੇ ਦਿਨ 4,81,085 ਮਤਦਾਤਾ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵੋਟਰਾਂ ਵਿੱਚੋਂ 2,53,665 ਪੁਰਸ਼ ਵੋਟਰ, 2,27,415 ਇਸਤਰੀ ਵੋਟਰ ਅਤੇ 05 ਥਰਡ ਜੈਂਡਰ ਵੋਟਰ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ 21 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ ਅਤੇ ਉਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ। 30 ਦਸੰਬਰ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਉਪਰੰਤ ਮੌਕੇ 'ਤੇ ਹੀ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ।