ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੱਲ੍ਹ ਸ਼ਾਮ ਤੱਕ 7,72,710 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ
ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7,72,531 ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖ਼ਰੀਦ
ਫ਼ਿਰੋਜ਼ਪੁਰ 19 ਮਈ 2020
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਮੰਗਲਵਾਰ ਸ਼ਾਮ ਤੱਕ 7 ਲੱਖ 72 ਹਜ਼ਾਰ 710 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7 ਲੱਖ 72 ਹਜ਼ਾਰ 531 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਮੰਡੀਆਂ ਵਿੱਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਸ਼ਾਮ ਤੱਕ ਪਨਗਰੇਨ ਵੱਲੋਂ 2,64,973 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 29,412 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,95,412 ਮੀਟ੍ਰਿਕ ਟਨ, ਪਨਸਪ ਵੱਲੋਂ 1,52,007 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 1,22,613 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 8114 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 94 ਫ਼ੀਸਦੀ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ 1350 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਕੀਤੀ ਗਈ ਹੈ।