ਜ਼ਿਲ੍ਹੇ ਦੇ 257600 ਲੋਕਾਂ ਦੀ ਸਕਰੀਨਿੰਗ ਡੋਰ ਟੂ ਡੋਰ ਸਰਵੇ ਤਹਿਤ ਹੋਈ ਮੁਕੰਮਲ
745 ਆਸ਼ਾ ਵਰਕਰਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਸਕਰੀਨਿੰਗ
ਫ਼ਿਰੋਜ਼ਪੁਰ, 10 ਜੁਲਾਈ 2020
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਦੇ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਲੋਕਾਂ ਦੀ ਸਕਰੀਨਿੰਗ ਕਰਨ ਲਈ ਘਰ-ਘਰ ਜਾ ਕੇ ਸਰਵੇ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿਚ ਹੁਣ ਤੱਕ 257600 ਲੋਕਾਂ ਦੀ ਸਕਰੀਨਿੰਗ ਪੂਰੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਲੋਕਾਂ ਲਈ ਸਿਹਤ ਸਰਵੇਖਣ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਦੀ ਤਰਫ਼ੋਂ ਸਾਰੇ ਘਰਾਂ ਵਿਚ ਪਹੁੰਚ ਕੇ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਪੂਰੇ ਜ਼ਿਲ੍ਹੇ ਨੂੰ ਕਵਰ ਕਰਨ ਲਈ ਵੱਡੀ ਗਿਣਤੀ ਵਿਚ ਸਿਹਤ ਮੁਲਾਜ਼ਮ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 745 ਆਸ਼ਾ ਵਰਕਰ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਇਸ ਮੁਹਿੰਮ ਨੂੰ ਸਫਲਤਾਪੂਰਵਕ ਸਿਰੇ ਚਾੜ੍ਹਨ ਵਿਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕੀ ਲੋਕਾਂ ਦੀ ਸਿਹਤ ਜਾਂਚ ਤੋ ਇਲਾਵਾ ਉਨ੍ਹਾਂ ਨੂੰ ਸਰਕਾਰੀ ਹਦਾਇਤਾਂ ਅਪਣਾਉਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਵੇਂ ਮਾਸਕ ਪਾਉਣਾ, ਬਾਰ-ਬਾਰ ਹੱਥ ਧੋਣਾ, ਸਮਾਜਿਕ ਦੂਰੀ ਬਨਾ ਕੇ ਰੱਖਣਾ ਅਤੇ ਕੋਵਾ ਐਪ ਡਾਊਨਲੋਡ ਕਰਨਾ ਤਾਂ ਜੋ ਇਸ ਮਿਸ਼ਨ ਨੂੰ ਇੱਕ ਲੋਕ ਲਹਿਰ ਵਿਚ ਤਬਦੀਲ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਜਾਗਰੂਕਤਾ ਨਾਲ ਹੀ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪਛਾਣ ਕਰਨ ਲਈ ਹਜ਼ਾਰਾਂ ਲੋਕਾਂ ਦੀ ਟੈਸਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।