ਜ਼ਿਲ੍ਹੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ:ਧੀਮਾਨ
ਜ਼ਿਲ੍ਹੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ:ਧੀਮਾਨ
ਸ਼ਹੀਦੀ ਸਮਾਰਕ ਹੂਸੈਨੀਵਾਲਾ, ਹਰੀਕੇ ਵੈਟਲੈਂਡ, ਐਗਲੋਂ ਸਿੱਖ ਵਾਰ ਮੈਮੋਰੀਅਲ ਫਿਰੋਜ਼ਸ਼ਾਹ ਸਮੇਤ ਹੋਰ ਇਤਿਹਾਸਕ ਸਥਾਨਾਂ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾਣਗੇ
ਫਿਰੋਜ਼ਪੁਰ, 5 ਮਈ 2023.
ਇਤਿਹਾਸਕ ਜ਼ਿਲ੍ਹੇ ਫਿਰੋਜ਼ਪੁਰ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕੀਤਾ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਿੱਥੇ ਫਿਰੋਜ਼ਪੁਰ ਪੁਰਾਤਨ ਤੇ ਇਤਿਹਾਸਕ ਸ਼ਹਿਰ ਹੈ ਉਥੇ ਹੀ ਏਥੇ ਸਾਡੇ ਕੌਮੀ ਸ਼ਹੀਦਾਂ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਸਮਾਧਾਂ ਤੋਂ ਇਲਾਵਾ ਅੰਗਰੇਜ਼ਾਂ ਤੇ ਸਿੱਖਾਂ ਦੀ ਲੜਾਈ ਨਾਲ ਸਬੰਧਤ ਯਾਦਗਾਰਾਂ, ਹਰੀਕੇ ਨਮ ਧਰਤੀ ਤੋਂ ਇਲਾਵਾ ਬਹੁਤ ਸਾਰੇ ਇਤਿਹਾਸਕ ਸਥਾਨ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਇਤਿਹਾਸਕ ਮਹਤੱਤਾ ਵਾਲੇ ਸਥਾਨਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਸੈਰ-ਸਪਾਟੇ ਦੇ ਸਥਾਨਾਂ ਪ੍ਰਤੀ ਆਕਰਸ਼ਿਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ। ਇਨ੍ਹਾਂ ਇਤਿਹਾਸਕ ਮਹੱਤਤਾ ਰੱਖਣ ਵਾਲੇ ਸਥਾਨਾਂ ਤੋਂ ਇਲਾਵਾ ਏਥੇ ਆਉਣ ਵਾਲੇ ਯਾਤਰੀਆਂ ਲਈ ਵੀ ਵਿਸ਼ੇਸ਼ ਸਹੂਲਤਾਂ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਸਰਕਾਰ ਤੋਂ ਫੰਡਜ਼ ਪ੍ਰਾਪਤ ਕੀਤੇ ਜਾਣਗੇ ਤਾਂ ਜੋ ਜ਼ਿਲ੍ਹੇ ਵਿੱਚ ਸੈਰ-ਸਪਾਟੇ ਨੂੰ ਵੱਡੀ ਪੱਧਰ ਤੇ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੈਲਾਨੀਆਂ ਦੇ ਏਥੇ ਆਉਣ ਨਾਲ ਜਿੱਥੇ ਵੱਖ-ਵੱਖ ਕਿੱਤਿਆ ਨਾਲ ਜੁੜੇ ਲੋਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਹੀ ਇਥੋਂ ਦੇ ਵਪਾਰ ਵਿੱਚ ਵੀ ਵਾਧਾ ਹੋਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਜ਼ੀਰਾ ਸ੍ਰੀ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਤੇਜਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।