ਜ਼ਿਲ੍ਹੇ ਵਿੱਚ ਹੁਣ ਤੱਕ 85 ਮਰੀਜ ਠੀਕ ਹੋ ਕੇ ਘਰ ਜਾ ਚੁੱਕੇ ਹਨ, ਕੁੱਲ ਐਕਟਿਵ ਕੇਸ 57- ਸਿਵਲ ਸਰਜਨ
ਕੋਰੋਨਾ ਵਾਇਰਸ ਦੇ 04 ਨਵੇਂ ਮਰੀਜ਼ ਆਏ, ਕੁੱਲ ਗਿਣਤੀ ਹੋਈ 145
ਫਿਰੋਜ਼ਪੁਰ, 10 ਜੁਲਾਈ
ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 04 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਜ਼ਿਲ੍ਹੇ ਵਿਚ ਪੋਜ਼ਿਟਿਵ ਮਰੀਜ਼ਾਂ ਦੀ ਕੁਲ ਗਿਣਤੀ 145 ਹੋ ਗਈ ਹੈ। ਇਸ ਵਿੱਚੋਂ ਕੁੱਲ 85 ਮਰੀਜ਼ ਠੀਕ ਹੋ ਕੇ ਵਾਪਸ ਪਰਤ ਚੁੱਕੇ ਹਨ। ਇਹ ਜਾਣਕਾਰੀ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿੱਥੇ ਸੈਂਪਲ ਲੈਣ ਦੀ ਪ੍ਰਕ੍ਰਿਆ ਜਾਰੀ ਹੈ ਉਥੇ ਹੀ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ, ਸਮਾਜਿਕ ਦੂਰੀ ਬਣਾਈ ਰੱਖਣਾ ਬਾਰੇ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ।
ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਜਰੂਰ ਕਰਨ ਅਤੇ ਬਿਨ੍ਹਾਂ ਵਜਾਂ ਤੋਂ ਘਰ ਤੋਂ ਬਾਹਰ ਜਾਣ ਤੋਂ ਵੀ ਗੁਰਜ਼ ਕਰਨ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।