23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ – ਡੀ.ਸੀ.
ਸ਼ਹੀਦੀ ਸਮਾਰਕ ਵਾਲੇ ਦਿਨ ਫਿਰੋਜ਼ਪੁਰ ਤੋਂ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆ ਤੇ ਬੱਸਾਂ
23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ – ਡੀ.ਸੀ.
ਸ਼ਹੀਦੀ ਸਮਾਰਕ ਵਾਲੇ ਦਿਨ ਫਿਰੋਜ਼ਪੁਰ ਤੋਂ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆ ਤੇ ਬੱਸਾਂ
– ਫੌਜ, ਬੀ.ਐਸ.ਐਫ., ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਹੋਣਗੇ
ਫ਼ਿਰੋਜ਼ਪੁਰ 20 ਮਾਰਚ 2023:
ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ 2023 ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ , ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ ਆਦਿ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮ. ਅਤੇ ਸਹਾਇਕ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਰਕ ਹੁਸੈਨੀਵਾਲਾ ਦਾ ਦੌਰਾ ਕੀਤਾ। ਉਨ੍ਹਾਂ ਸਮਾਰਕ ਤੇ ਆਲ਼ੇ-ਦੁਆਲ਼ੇ ਦੀ ਸਫ਼ਾਈ, ਮੁਰੰਮਤ, ਸਜਾਵਟ ਆਦਿ ਸਬੰਧੀ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਪੁਲਿਸ, ਬੀ.ਐਸ.ਐਫ. ਅਤੇ ਫੌਜ ਦੇ ਅਧਿਕਾਰੀਆਂ ਨਾਲ ਵੀ ਸਮਾਗਮ ਦੇ ਪ੍ਰਬੰਧਾਂ, ਸੁਰੱਖਿਆ ਤੇ ਪਾਰਕਿੰਗ ਆਦਿ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਪਾਲ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਤੇਜਪਾਲ ਸਿੰਘ, ਡੀ.ਐਸ.ਪੀ. ਸ੍ਰੀ ਮਨਜੀਤ ਸਿੰਘ, ਸੁਪਰਡੈਂਟ ਸ੍ਰੀ ਜੋਗਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।