27ਵੇਂ ਦਿਨ ਵੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਜਾਰੀ, ਪੀ.ਐਸ.ਐਮ.ਐਸ.ਯੂ ਵੱਲੋਂ ਖਜਾਨਾ ਦਫਤਰ ਅੱਗੇ ਲਗਾਇਆ ਗਿਆ ਧਰਨਾ
27ਵੇਂ ਦਿਨ ਵੀ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ ਜਾਰੀ, ਪੀ.ਐਸ.ਐਮ.ਐਸ.ਯੂ ਵੱਲੋਂ ਖਜਾਨਾ ਦਫਤਰ ਅੱਗੇ ਲਗਾਇਆ ਗਿਆ ਧਰਨਾ
ਫਾਜਿਲਕਾ 4 ਦਸੰਬਰ, 2023
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ 27ਵੇਂ ਦਿਨ ਵਿਚ ਦਾਖਲ ਹੋ ਗਈ ਹੈ, ਪਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾ ਪ੍ਰਤੀ ਅਜੇ ਵੀ ਗੰਭੀਰਤਾ ਨਹੀ ਦਿਖਾ ਰਹੀ ਹੈ, ਜਿਸ ਕਰਕੇ ਮੁਲਾਜ਼ਮਾਂ ਅੰਦਰ ਦਿਨੋ- ਦਿਨ ਪੰਜਾਬ ਸਰਕਾਰ ਪ੍ਰਤੀ ਰੋਸ਼ ਹੋਰ ਵੱਧ ਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਵਿਚ ਜਿਲ੍ਹਾ ਖਜਾਨਾਂ ਦਫ਼ਤਰ ਵਿਖੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਉਨ੍ਹਾਂ ਕਿਹਾ ਕਿ ਜਾਇਜ ਮੰਗਾਂ ਜਿਵੇ ਕਿ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੰਗਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦਸਿਆ ਕੀ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ,ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।