Ferozepur News
'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ, ਵਾਤਾਵਰਨ ਦੀ ਸੰਭਾਲ ਕਰਨ ਵਾਲੇ ਕਲੱਬਾਂ ਨੂੰ ਮਿਲੇਗੀ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਲੋਕਾਂ ਨੂੰ ਵਾਤਾਵਰਨ ਦੀ ਸੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਬਾਰੇ ਕੀਤਾ ਜਾਵੇ ਪ੍ਰੇਰਿਤ- ਗੁਰਕਰਨ ਸਿੰਘ
ਫ਼ਿਰੋਜ਼ਪੁਰ 13 ਜੂਨ 2018 (Manish Bawa/Pankaj Madaan ) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਆਈ.ਏ.ਐਸ. ਫ਼ਿਰੋਜ਼ਪੁਰ ਦੀ ਅਗਵਾਈ ਵਿਚ ਸ. ਗੁਰਚਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਦਫ਼ਤਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਵਿਖੇ ਵੱਖ-ਵੱਖ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰ. ਗੁਰਕਰਨ ਸਿੰਘ ਨੇ ਪੇਂਡੂ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਕਿਹਾ ਕਿ ਲੋਕਾਂ ਨੂੰ ਵਾਤਾਵਰਨ ਦੀ ਸੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ, ਪਿੰਡਾਂ ਦੇ ਲੋਕਾਂ ਨੂੰ ਫ਼ਸਲਾਂ ਅਤੇ ਸਬਜ਼ੀਆਂ ਉਗਾਉਣ ਲਈ ਪੈਸਟੀਸਾਈਡ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਬੱਚਤ ਦੇ ਨਾਲ-ਨਾਲ ਪਾਣੀਆਂ ਨੂੰ ਗੰਧਲੇ ਹੋਣ ਤੋਂ ਬਚਾਉਣ ਬਾਰੇ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਲ ਵਾਤਾਵਰਨ ਨੂੰ ਕਿਸ ਤਰ੍ਹਾਂ ਦੂਸ਼ਿਤ ਹੋਣ ਤੋ ਬਚਾਇਆ ਜਾ ਸਕਦਾ ਹੈ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਆਏ ਹੋਏ ਨੌਜਵਾਨਾਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੰਮ ਕਰਨ ਵਾਲੇ, ਲੋਕ ਭਲਾਈ ਦੇ ਕੰਮ ਕਰਨ ਵਾਲੇ, ਵਾਤਾਵਰਨ ਨੂੰ ਬਚਾਉਣ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੰਮ ਕਰਨ ਵਾਲੇ ਸਰਗਰਮ ਕਲੱਬਾਂ ਨੂੰ ਇੱਕ-ਇੱਕ ਲੱਖ ਰੁਪਏ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਲੱਬ ਮੈਂਬਰਾਂ ਨੂੰ ਕਿਹਾ ਕਿ ਉਹ ਬਲਾਕ ਵਾਈਜ਼ 11 ਮੈਂਬਰੀ ਕਮੇਟੀ ਬਣਾ ਕੇ ਪੰਜਾਬ ਸਰਕਾਰ ਦੇ ਇਸ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਉਹ ਆਪਣੇ-ਆਪਣੇ ਪਿੰਡ ਵਿਚ ਬਜ਼ੁਰਗਾਂ ਨੂੰ ਸਵੇਰ ਦੀ ਸੈਰ ਕਰਾਉਣੀ ਵੀ ਯਕੀਨੀ ਬਣਾਉਣ।
ਇਸ ਮੌਕੇ ਸ੍ਰੀਮਤੀ ਤਰਨਜੀਤ ਕੌਰ ਸਟੈਨੋ, ਸ. ਬਲਕਾਰ ਸਿੰਘ, ਅਪਨਦੀਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਲੱਖੋਂ ਕੇ ਬਹਿਰਾਮ, ਵਿਕਰਮਜੀਤ ਸਿੰਘ ਪ੍ਰਧਾਨ ਦਸਮੇਸ਼ ਯੁਵਕ ਸੇਵਾਵਾਂ ਕਲੱਬ ਪੋਜ਼ੋ ਕੇ ਉਤਾੜ, ਦੇਸਰਾਜ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਪੋਜ਼ੋ ਕੇ ਉਤਾੜ, ਮਲਕੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਕੋਤਵਾਲ, ਬੂਧ ਸਿੰਘ, ਮੰਗਲ ਸਿੰਘ, ਚਮਕੌਰ ਸਿੰਘ ਪ੍ਰਧਾਨ ਗੁਰੂ ਨਾਨਕ ਯੂਥ ਕਲੱਬ ਚੰਗਾਲੀ ਜਦੀਦ, ਅਮਨਦੀਪ ਸਿੰਘ ਪ੍ਰਧਾਨ ਯੂਥ ਕਲੱਬ ਪਿੰਡ ਨਾਜ਼ੂ ਸ਼ਾਹ ਮਿਸ਼ਰੀ ਵਾਲਾ, ਅਮਨਦੀਪ ਸਿੰਘ ਪ੍ਰਧਾਨ ਡਾ. ਬੀ.ਆਰ. ਅੰਬੇਦਕਰ ਯੁਵਕ ਸੇਵਾਵਾਂ ਕਲੱਬ, ਵਿਜੈ ਸ਼ੈਰੀ, ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਫ਼ਿਰੋਜ਼ਪੁਰ ਸ਼ਹਿਰ, ਚਰਨਜੀਤ ਸਿੰਘ ਮੈਂਬਰ ਦਸਮੇਸ਼ ਯੁਵਕ ਸੇਵਾਵਾਂ ਕਲੱਬ, ਪ੍ਰਤਾਪ ਨਗਰ ਆਦਿ ਵੀ ਹਾਜ਼ਰ ਸਨ।