99.73 ਫੀਸਦੀ ਖ਼ਰੀਦ ਨਾਲ ਜ਼ਿਲੇ ‘ਚ ਹੁਣ ਤੱਕ 705132 ਮੀਟਰਕ ਕਣਕ ਦੀ ਹੋਈ ਖਰੀਦ – ਧੀਮਾਨ
- ਹੁਣ ਤੱਕ 1359.34 ਕਰੋੜ ਰੁਪਏ ਦੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ
99.73 ਫੀਸਦੀ ਖ਼ਰੀਦ ਨਾਲ ਜ਼ਿਲੇ ‘ਚ ਹੁਣ ਤੱਕ 705132 ਮੀਟਰਕ ਕਣਕ ਦੀ ਹੋਈ ਖਰੀਦ – ਧੀਮਾਨ
– ਹੁਣ ਤੱਕ 1359.34 ਕਰੋੜ ਰੁਪਏ ਦੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ
– ਖੁਰਾਕ ਤੇ ਸਿਵਲ ਸਪਲਾਈਜ ਵਿਭਾਗ ਨੂੰ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਆਦੇਸ਼
– ਕਿਸਾਨਾਂ ਨੂੰ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ
ਫਿਰੋਜ਼ਪੁਰ, 29 ਅਪ੍ਰੈਲ 2023
ਜ਼ਿਲ੍ਹੇ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 705132 ਮੀਟਰਕ ਟਨ ਕਣਕ ਦੀ ਖਰੀਦ ਨਾਲ ਮੰਡੀਆਂ ਵਿਚ ਹੁਣ ਤੱਕ ਹੋਈ ਕਣਕ ਦੀ ਕੁੱਲ ਆਮਦ ਵਿੱਚੋਂ 99.73 ਫੀਸਦੀ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਕੀਤਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ 11 ਅਪ੍ਰੈਲ 2023 ਨੂੰ ਸ਼ੁਰੂ ਹੋਈ ਸੀ ਅਤੇ 19 ਦਿਨਾਂ ਦੇ ਸਮੇਂ ਦੌਰਾਨ ਮੰਡੀਆਂ ਵਿਚ 707032 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਸ਼ੁੱਕਰਵਾਰ ਸ਼ਾਮ ਤੱਕ ਲਗਭਗ 100 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ 72 ਘੰਟਿਆਂ ਵਿੱਚ ਲਿਫ਼ਟ ਕੀਤਾ ਜਾਣ ਵਾਲਾ 51 ਫੀਸਦੀ ਸਟਾਕ ਲਿਫ਼ਟ ਕੀਤਾ ਜਾ ਚੁੱਕਾ ਹੈ ਅਤੇ ਚੁਕਾਈ ਦਾ ਕੰਮ ਨਿਰੰਤਰ ਜਾਰੀ ਹੈ। ਜਦਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 97 ਫੀਸਦੀ ਦੇ ਰੂਪ ਵਿਚ 1359.34 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਸਿਹਤ ਸੰਬੰਧੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਰੋਨਾ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਯੋਗਦਾਨ ਪਾ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ।