ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 15 ਮਾਰਚ ਨੂੰ ਫਿਰੋਜ਼ਪੁਰ ਮਹਾਂ ਕਿਸਾਨ ਰੈਲੀ ਕਰਨ ਦਾ ਕੀਤਾ ਐਲਾਨ
ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਮੋਦੀ ਸਰਕਾਰ ਦੇ ਹਰ ਜਬਰ ਦਾ ਸਾਹਮਣਾ ਕਰਨ, ਤਿੰਨੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਦਿੱਲੀ ਮੋਰਚਾ ਰਹੇਗਾ ਜਾਰੀ, 15 ਮਾਰਚ ਨੂੰ ਫਿਰੋਜ਼ਪੁਰ ਮਹਾਂ ਕਿਸਾਨ ਰੈਲੀ ਕਰਨ ਦਾ ਕੀਤਾ ਐਲਾਨ।
ਫਿਰੋਜ਼ਪੁਰ, 26.2.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਪਿੰਡ ਆਰਿਫ਼ ਕੇ ਦੇ ਗੁਰਦੁਆਰਾ ਸਾਹਿਬ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਮੀਤ-ਪ੍ਰਧਾਨ ਜਸਬੀਰ ਸਿੰਘ ਪਿੱਦੀ ਜੀ ਵਿਸ਼ੇਸ਼ ਤੌਰ ਤੇ ਪਹੁੰਚੇ।
ਇਸ ਸਬੰਧੀ ਪ੍ਰੈੱਸ ਨੂੰ ਲਿਖਤੀ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਕੇ ਦੱਸਿਆ ਕਿ 15 ਮਾਰਚ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਦਾਣਾ ਮੰਡੀ ਵਿਖੇ ਕਿਸਾਨ ਮਹਾਂ ਰੈਲੀ ਕੀਤੀ ਜਾਵੇਗੀ ਤੇ ਇਹ ਕਿਸਾਨ ਰੈਲੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਜਿਸ ਵਿਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਪਿੰਡਾਂ ਵਿੱਚੋਂ ਕਿਸਾਨ ਮਜ਼ਦੂਰ ਬੀਬੀਆਂ ਬੱਚਿਆਂ ਸਮੇਤ ਪਰਿਵਾਰਾਂ ਦੇ ਸ਼ਾਮਲ ਹੋਣਗੇ ਤੇ ਮੋਦੀ ਸਰਕਾਰ ਨੂੰ ਤਿੰਨੇ ਖੇਤੀ ਦੇ ਕਾਨੂੰਨਾਂ ਨੂੰ ਵਾਪਸ ਕਰਨ ਲੲੀ ਮਜਬੂਰ ਕਰ ਦੇਣਗੇ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦਿੱਲੀ ਵਿਖੇ ਚੱਲ ਰਹੇ ਧਰਨਿਆਂ ਵਿਚ ਆਉਣ ਜਾਣ ਵਾਲੇ ਰਸਤੇ ਪੁੱਟ ਕੇ, ਖਾਣਾ ਪਾਣੀ ਬੰਦ ਕਰਕੇ, ਡਰਾਂ-ਧਮਕਾ ਤੇ ਝੂਠੇ ਪਰਚੇ ਕਰਕੇ ਨੋਟਿਸ ਕੱਢ ਕੇ ਕਿਸਾਨਾਂ ਮਜ਼ਦੂਰਾਂ ਨੂੰ ਦਬਾਉਣਾ ਚਾਹੁੰਦੀ ਹੈ ਤੇ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਕੇ ਆਪਣੇ ਅਕਾਵਾਂ (ਮਾਲਕਾਂ) ਅੰਬਾਨੀਆਂ, ਅਡਾਨੀਆਂ ਨੂੰ ਖ਼ੁਸ਼ ਕਰਨਾ ਚਾਹੁੰਦੀ ਹੈ, ਪਰ ਕਿਸਾਨ ਮੋਦੀ ਸਰਕਾਰ ਦੇ ਹਰ ਜਬਰ ਦਾ ਸਾਹਮਣਾ ਸਬਰ ਵਿੱਚ ਰਹਿਕੇ ਕਰਨਗੇ, ਚਾਹੇ ਮੋਦੀ ਸਰਕਾਰ ਜਿੰਨਾ ਮਰਜ਼ੀ ਜ਼ੁਲਮ ਕਰ ਲਵੇ। ਇਹ ਅੰਦੋਲਨ ਹੁਣ ਦੇਸ਼ ਭਰ ਦਾ ਨਾ ਹੋ ਕੇ ਵਿਸ਼ਵ ਵਿਆਪੀ ਜਨ- ਅੰਦੋਲਨ ਬਣ ਚੁੱਕਾ ਹੈ ਤੇ ਮੋਦੀ ਸਰਕਾਰ ਨੂੰ ਹਰ ਹੀਲੇ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ, ਸਾਰੀਆਂ ਫਸਲਾਂ ਦੀ ਖਰੀਦ ਤੇ M.S.P. ਤੇ ਵੱਖਰਾ ਕਾਨੂੰਨ ਬਣਾਉਣ ਤੇ ਬਿਜਲੀ ਸੋਧ ਬਿੱਲ 2020, ਪ੍ਰਦੂਸ਼ਣ ਐਕਟ ਰੱਦ ਕਰਨੇ ਪੈਣਗੇ।
ਇਸ ਮੌਕੇ ਸਾਹਿਬ ਸਿੰਘ ਦੀਨੇਕੇ, ਅਮਨਦੀਪ ਸਿੰਘ ਕੱਚਰਭੰਨ, ਨਰਿੰਦਰਪਾਲ ਸਿੰਘ ਚੁਤਾਲਾ, ਗੁਰਦੇਵ ਸਿੰਘ, ਹਰਬੰਸ ਸਿੰਘ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਬਲਵਿੰਦਰ ਸਿੰਘ ਲੋਹੁਕਾ, ਗੁਰਬਖਸ਼ ਸਿੰਘ,ਖਿਲਾਰਾ ਸਿੰਘ, ਬਚਿੱਤਰ ਸਿੰਘ, ਹਰਫੂਲ ਸਿੰਘ,ਫੁੰਮਣ ਸਿੰਘ ਆਦਿ ਆਗੂ ਵੀ ਹਾਜ਼ਰ ਸਨ।