ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ -5 ਜੂਨ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਦਿੱਲੀ ਮੋਰਚੇ ਉੱਤੇ ਜਾਣ ਦਾ ਐਲਾਨ
ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਕਰਕੇ 5 ਜੂਨ ਨੂੰ ਹਜ਼ਾਰਾਂ ਦੀ ਗਿਣਤੀ ਵਿਚ ਦਿੱਲੀ ਮੋਰਚੇ ਉੱਤੇ ਜਾਣ ਦਾ ਐਲਾਨ ਕੀਤਾ ਤੇ 5 ਜੂਨ ਨੂੰ ਪੰਜਾਬ ਭਰ ਵਿਚ ਭਾਜਪਾ ਦੇ ਆਗੂਆਂ, ਵਿਧਾਇਕਾਂ, ਸੰਸਦਾਂ ਦੇ ਘਰਾਂ ਅੱਗੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ ਕੀਤਾ।
ਫਿਰੋਜ਼ਪੁਰ, 30.5.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕਮੇਟੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਕੋਰ ਕਮੇਟੀ ਮੈਂਬਰ ਰਣਬੀਰ ਸਿੰਘ ਠੱਠਾ ਨੇ ਕਿਹਾ ਕਿ 5 ਜੂਨ ਨੂੰ ਮੋਦੀ ਸਰਕਾਰ ਦੀ ਦਮਨ ਕਾਰੀ ਕਿਸਾਨ ਮਜ਼ਦੂਰ ਤੇ ਦੇਸ਼ ਵਿਰੋਧੀ ਨੀਤੀ ਖ਼ਿਲਾਫ਼ ਪੰਜਾਬ ਭਰ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨੇ ਦੇ ਕੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ 5 ਜੂਨ ਨੂੰ ਹੀ ਜ਼ਿਲ੍ਹਾ ਫਿਰੋਜ਼ਪੁਰ ਵਿੱਚੋਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਦਾ ਜਥਾ ਦਿੱਲੀ ਦੇ ਸਿੰਘੂ ਮੋਰਚੇ ਵੱਲ ਰਵਾਨਾ ਹੋਵੇਗਾ। ਕਿਸਾਨ ਆਗੂਆਂ ਅੱਗੇ ਕਿਹਾ ਅੱਗੇ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ ਉੱਤੇ ਫੇਲ੍ਹ ਹੋ ਚੁੱਕੀ ਹੈ ਤੇ ਫਿਰਕੂ ਵੰਡੀਆਂ ਪਾ ਕੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਦੇ ਮਨਸੂਬੇ ਬਣਾ ਰਹੀ ਹੈ। ਦੇਸ਼ ਵਿੱਚ ਵੈਕਸੀਨ, ਆਕਸੀਜਨ, ਦਵਾਈਆਂ, ਡਾਕਟਰਾਂ ਦੀ ਘਾਟ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਮੋਦੀ ਸਰਕਾਰ ਵੈਕਸੀਨ ਦਾ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਜਦੋਂ ਕਿ ਨਿੱਜੀ ਹਸਪਤਾਲ ਵੈਕਸੀਨ ਦਾ ਟੀਕਾ 1200 ਤੋਂ 1500 ਰੁਪਏ ਤੱਕ ਵੇਚ ਕੇ ਲੋਕਾਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ। ਮੋਦੀ ਸਰਕਾਰ ਕਿਸਾਨਾਂ ਉਤੇ ਕਰੋਨਾ ਫੈਲਾਉਂਦੇ ਨਿਰ ਅਧਾਰ ਇਲਜ਼ਾਮ ਲਾ ਰਹੀ ਹੈ। ਜਦੋਂ ਕਿ ਕਰੋਨਾ ਤੋਂ ਬਚਾਅ ਦੇ ਪ੍ਰਬੰਧ ਸਰਕਾਰ ਵੱਲੋਂ ਨਹੀਂ ਕੀਤੇ ਗਏ ਸਨ।
ਕਿਸਾਨ ਆਗੂਆਂ ਨੇ ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੇ M.S.P. ਦਾ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਸੰਘਰਸ਼ ਨੂੰ ਸਾਰੇ ਦੇਸ਼ ਵਿਚ ਫੈਲਾਇਆ ਜਾਵੇਗਾ ਤੇ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਾਹਿਬ ਸਿੰਘ ਦੀਨੇ ਕੇ, ਰਣਜੀਤ ਸਿੰਘ ਖੱਚਰਵਾਲਾ, ਸੁਖਵੰਤ ਸਿੰਘ, ਬਲਵਿੰਦਰ ਸਿੰਘ ਲੋਹਕਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਖਲਾਰਾ ਸਿੰਘ ਪੰਨੂ, ਅਮਨਦੀਪ ਸਿੰਘ ਕੱਚਰਭੰਨ, ਲਖਵਿੰਦਰ ਸਿੰਘ ਵਸਤੀ ਨਾਮਦੇਵ,ਮੰਗਲ ਸਿੰਘ, ਗੁਰਨਾਮ ਸਿੰਘ,ਬੂਟਾ ਸਿੰਘ, ਬਲਕਾਰ ਸਿੰਘ, ਸਰਵਨ ਸਿੰਘ, ਚਮਕੌਰ ਸਿੰਘ,ਫੁੰਮਣ ਸਿੰਘ ਆਦਿ ਆਗੂ ਹਾਜ਼ਰ ਸਨ।