ਕਿਸਾਨਾਂ ਮਜ਼ਦੂਰਾਂ ਵੱਲੋਂ ਗੁਰੂ ਹਰਸਹਾਏ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ
12 ਸਤੰਬਰ ਤੋਂ ਪੱਕਾ ਮੋਰਚਾ ਜੀ.ਟੀ. ਰੋਡ ਮੁੱਖ ਸੜਕ ਉੱਤੇ ਤਬਦੀਲ ਕਰ ਦਿੱਤਾ ਜਾਵੇਗਾ
ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ S.D.M. ਦਫ਼ਤਰ ਗੁਰੂ ਹਰਸਹਾਏ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਤੇ ਮੰਗ ਕੀਤੀ ਕਿ ਦਿੱਲੀ ਮੋਰਚੇ ਦੇ ਤਿੰਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਸਮੁੱਚਾ ਕਰਜ਼ਾ ਖਤਮ ਕਰੇ ਤੇ ਐਲਾਨ ਕੀਤਾ ਕਿ ਜੇਕਰ ਕਿਸਾਨਾਂ ਦੀ ਗੱਲ ਨਾ ਸੁਣੀ ਕਈ ਤਾਂ 12 ਸਤੰਬਰ ਤੋਂ ਪੱਕਾ ਮੋਰਚਾ ਜੀ.ਟੀ. ਰੋਡ ਮੁੱਖ ਸੜਕ ਉੱਤੇ ਤਬਦੀਲ ਕਰ ਦਿੱਤਾ ਜਾਵੇਗਾ।
ਗੁਰੂ ਹਰਸਹਾਏ, 9.9.2021: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ S.D.M.ਦੇ ਦਫਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਤੇ ਸ਼ਾਮ ਨੂੰ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਦੇ ਘਰ ਤੱਕ ਰੋਸ ਮਾਰਚ ਕਰਕੇ ਨਾਅਰੇਬਾਜ਼ੀ ਕੀਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਰਾਣਾ ਰਣਬੀਰ ਸਿੰਘ ਠੱਠਾ, ਧਰਮ ਸਿੰਘ ਸਿੱਧੂ, ਬੂਟਾ ਸਿੰਘ ਕਰੀਕਲਾਂ, ਨਰਿੰਦਰਪਾਲ ਸਿੰਘ ਜਤਾਲਾ ਨੇ ਕਿਹਾ ਕਿ ਇਹ ਪੱਕਾ ਮੋਰਚਾ ਦਿੱਲੀ ਮੋਰਚੇ ਦੇ ਤਿੰਨ ਸ਼ਹੀਦਾਂ ਜਰਨੈਲ ਸਿੰਘ ਪਿੱਪਲੀ ਚੱਕ, ਮਹਿਲ ਸਿੰਘ ਸ਼ਰੀਂਹਵਾਲਾ, ਲਵਪ੍ਰੀਤ ਸਿੰਘ ਸਵਾਈਕੇ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਉਨ੍ਹਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਜੇਕਰ ਕਿਸਾਨਾਂ ਨਾਲ ਟਾਲ ਮਟੋਲ ਦੀ ਕੋਸ਼ਿਸ਼ ਕੀਤੀ ਗਈ ਤਾਂ 12 ਸਤੰਬਰ ਨੂੰ ਇਹ ਪੱਕਾ ਮੋਰਚਾ ਮੁੱਖ ਜੀ.ਟੀ. ਰੋਡ ਫਿਰੋਜ਼ਪੁਰ- ਫਾਜ਼ਿਲਕਾ ਸਡ਼ਕ ੳਤੇ ਤਬਦੀਲ ਕਰ ਦਿੱਤਾ ਜਾਵੇ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਐਲਾਨੇ ਕਣਕ ਦੇ ਭਾਅ ਨੂੰ ਰੱਦ ਕਰਦਿਆਂ 2830 ਰੁਪਏ ਡਾ: ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਦੇਣ ਦੀ ਮੰਗ ਕੀਤੀ ਤੇ ਐਲਾਨ ਕੀਤਾ ਕਿ ਝੋਨੇ ਦੀ ਖਰੀਦ ਲਈ ਕਿਸਾਨ ਫਰਦਾਂ ਨਹੀਂ ਦੇਣਗੇ ਤੇ ਕਿਸਾਨਾਂ ਦਾ ਝੋਨਾ ਬਗ਼ੈਰ ਫ਼ਰਦਾਂ ਦੇ ਵਿਕਾਇਆ ਜਾਵੇਗਾ। ਇਸ ਮੌਕੇ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਤਾਰ ਪਾਰਲੀਆਂ ਜ਼ਮੀਨਾਂ ਦਾ ਪਿਛਲੇ 4 ਸਾਲ ਦਾ ਬਕਾਇਆ 10 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ, ਝੋਨੇ ਦੀ ਨਮੀ ਦੀ ਮਾਤਰਾ 22% ਕਰਨ ਤੇ ਹੋਰ ਲਾਈਆਂ ਸ਼ਰਤਾਂ ਹਟਾਉਣ, ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ,ਮਜ਼ਦੂਰਾਂ ਦੇ ਬਿੱਲ ਬਕਾਏ ਖਤਮ ਕਰਨ ਤੇ ਨਿੱਜੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕੀਤੇ ਜਾਣ। ਇਸ ਮੌਕੇ ਗੁਰਨਾਮ ਸਿੰਘ ਅਲੀਕੇ, ਸੁਖਵਿੰਦਰ ਸਿੰਘ ਭੱਪਾ, ਗੁਰਬਖ਼ਸ਼ ਸਿੰਘ ਪੰਜਗਰਾਈਂ, ਮੰਗਲ ਸਿੰਘ ਗੁੱਦੜਢੰਡੀ, ਮੇਜਰ ਸਿੰਘ ਗਜਨੀ ਵਾਲਾ, ਮੰਗਲ ਸਿੰਘ ਸਵਾਈ ਕੇ, ਗੁਰਦਿਆਲ ਸਿੰਘ ਟਿੱਬੀ ਕਲਾਂ ਆਦਿ ਨੇ ਵੀ ਸੰਬੋਧਨ ਕੀਤਾ।