ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ- ਸੁਮੇਰ ਸਿੰਘ ਗੁਰਜ਼ਰ
ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਕਿਸਾਨ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ- ਸੁਮੇਰ ਸਿੰਘ ਗੁਰਜ਼ਰ
· ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਕਿਸਾਨ
· ਸਿੱਧੀ ਬਿਜਾਈ ਰਾਹੀਂ 20 ਮਈ ਤੋਂ ਝੋਨਾ ਬੀਜ ਸਕਦੇ ਹਨ ਕਿਸਾਨ
ਫਿਰੋਜ਼ਪੁਰ, 11 ਮਈ, 2022: ਪੰਜਾਬ ਦੇ ਦਿਨੋ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਇਸ ਸਾਉਣੀ ਦੇ ਸੀਜ਼ਨ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਝੋਨੇ ਦੀ ਸਿੱਧੀ ਬਿਜਾਈ 20 ਮਈ ਤੋਂ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਸੈਕਟਰੀ ਲੇਬਰ ਸੁਮੇਰ ਸਿੰਘ ਗੁਰਜ਼ਰ ਆਈਏਐਸ ਨੇ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਨ ਮੌਕੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸੁਮੇਰ ਸਿੰਘ ਗੁਰਜ਼ਰ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪਿੰਡ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਇਸ ਸਬੰਧੀ ਸਾਰੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੱਸਿਆ ਜਾਵੇ ਕਿ ਖੇਤੀਬਾੜੀ ਵਿਭਾਗ ਜਿਲ੍ਹੇ ਵਿਚ ਇਸ ਬਿਜਾਈ ਦੇ ਬੀਤੇ ਕਈ ਸਾਲਾਂ ਤੋਂ ਸਫਲ ਤਜ਼ਰਬੇ ਕਰ ਚੁੱਕਾ ਹੈ ਅਤੇ ਸਿੱਧੀ ਬਿਜਾਈ ਕਰਨ ਨਾਲ ਝੋਨੇ ਦੇ ਝਾੜ ਵਿਚ ਕੋਈ ਕਮੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣੇ ਹਨ ਉਥੇ ਹੀ ਖੇਤੀਬਾੜੀ ਵਿਭਾਗ ਇਹ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਲਈ ਹਰ ਤਰਾਂ ਦਾ ਤਕਨੀਕੀ ਸਹਿਯੋਗ ਦੇਣ ਲਈ ਤਿਆਰ ਹੈ ਅਤੇ ਕਿਸਾਨ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ।
ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹੇ ਦੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤੀ ਚੰਗੀ ਨਹੀਂ ਹੈ, ਸੋ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਬਚਤ ਅੱਜ ਤੋਂ ਹੀ ਸ਼ੁਰੂ ਕਰਨੀ ਪਵੇਗੀ। ਉਨਾਂ ਕਿਹਾ ਕਿ ਇਹ ਬਿਜਾਈ ਜਿੱਥੇ ਪਾਣੀ ਦੀ ਬਚਤ ਕਰਦੀ ਹੈ, ਉਥੇ ਲੇਬਰ ਦੇ ਖਰਚੇ ਘੱਟਦੇ ਹਨ। ਝੋਨੇ ਦੇ ਝਾੜ ਉਤੇ ਇਸ ਦਾ ਕੋਈ ਅਸਰ ਨਹੀਂ ਪੈਂਦਾ, ਜਿਸ ਨਾਲ ਕਿਸਾਨ ਦਾ ਮੁਨਾਫਾ ਵੱਧਦਾ ਹੈ। ਉਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਜੇਕਰ ਕਿਸ ਕਿਸਾਨ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੋਈ ਤਕਨੀਕੀ ਜਾਣਕਾਰੀ ਚਾਹੀਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ, ਉਹ ਤੁਹਾਡੀ ਹਰ ਤਰਾਂ ਨਾਲ ਮਦਦ ਕਰਨਗੇ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਸੈਕਟਰੀ ਲੇਬਰ ਸੁਮੇਰ ਸਿੰਘ ਗੁਰਜ਼ਰ ਆਈਏਐਸ ਨੂੰ ਜ਼ਿਲ੍ਰਾ ਫਿਰੋਜ਼ਪੁਰ ਵਿਚ ਵੱਖ ਵੱਖ ਵਿਭਾਗਾਂ ਦੇ ਕੰਮਾਂ ਦਾ ਰਿਵੀਊ ਕਰਨ ਲਈ ਪ੍ਰਭਾਰੀ (ਇੰਚਾਰਜ) ਨਿਯੁਕਤ ਕੀਤਾ ਗਿਆ ਜਿਸ ਕਰ ਕੇ ਅੱਜ ਉਨ੍ਹਾਂ ਵੱਲੋਂ ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਲੇਬਰ ਵਿਭਾਗ, ਜਲ ਤੇ ਭੂਮੀ ਵਿਭਾਗ, ਬਾਗਬਾਨੀ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਨਾਲ ਉਨ੍ਹਾਂ ਦੇ ਕੰਮਾਂ ਨੂੰ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਜਾਗਰੂਕਤਾ ਲਈ ਵੱਖਰੇ ਤੌਰ ਤੇ ਪਿੰਡਾਂ ਵਿਚ ਕੈਂਪ ਲਗਾਏ ਜਾਣਗੇ ਅਤੇ ਨਾਲ ਹੀ ਸਬੰਧਿਤ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਸਰਪੰਚਾਂ ਨਾਲ ਮੀਟਿੰਗਾਂ ਕਰ ਕੇ ਇਸ ਸਬੰਧੀ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਈ ਜਾਵੇਗੀ ਤਾਂ ਜੋ ਡੁੰਘੇ ਹੁੰਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਅਮਿੱਤ ਮਹਾਜਨ, ਸਹਾਇਕ ਕਮਿਸ਼ਨਰ ਬਬਨਦੀਪ ਸਿੰਘ, ਐਸਡੀਐਮ ਜ਼ੀਰਾ ਸੂਬਾ ਸਿੰਘ, ਮੁੱਖ ਖੇਤੀਬਾੜੀ ਅਫਸਰ ਪਿਰਥੀ ਸਿੰਘ ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।