ਕਣਕ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਵੱਲੋਂ ਕੀਤੇ ਗਏ ਪੰਬ੍ਰਧ ਤਸੱਲੀਬਖ਼ਸ਼ ਹਨ, ਪੀਣ ਵਾਲੇ ਪਾਣੀ, ਬਾਰਦਾਣਾ ਅਤੇ ਲੇਬਰ ਨੂੰ ਲੈ ਕੇ ਕਿਸੇ ਵੀ ਚੀਜ਼ ਦੀ ਕੋਈ ਘਾਟ ਨਹੀਂ – ਕਿਸਾਨ ਕੁਲਬੀਰ ਸਿੰਘ
ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 65,439 ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 56,711 ਮੀਟ੍ਰਿਕ ਟਨ ਦੀ ਖ਼ਰੀਦ ਹੋਈ -ਡਿਪਟੀ ਕਮਿਸ਼ਨਰ
ਫਿਰੋਜ਼ਪੁਰ 20 ਅਪ੍ਰੈਲ 2020 ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆ ਰਹੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੱਲਵਾਲ ਪਿੰਡ ਦੇ ਕਿਸਾਨ ਕੁਲਬੀਰ ਸਿੰਘ ਨੇ ਫਿਰੋਜਪੁਰ ਛਾਉਣੀ ਦੀ ਦਾਣਾ ਮੰਡੀ ਵਿਖੇ ਆਪਣੀ ਕਣਕ ਦੀ ਫ਼ਸਲ ਲਿਆਉਣ ਮੌਕੇ ਕੀਤਾ।
ਕਿਸਾਨ ਕੁਲਬੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਦੇਖਦਿਆਂ ਸਰਕਾਰ ਵੱਲੋਂ ਜੋ ਵੀ ਹਦਾਇਤਾਂ ਜਾਰੀ ਹੋਈਆਂ ਹਨ ਉਸ ਦੇ ਅਨੁਸਾਰ ਹੀ ਕਣਕ ਦੀ ਖ਼ਰੀਦ ਹੋ ਰਹੀ ਹੈ ਅਤੇ ਸਮੇਂ ਸਮੇਂ ਤੇ ਮੰਡੀਆਂ ਵਿਚ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਬਾਰਦਾਣਾ ਅਤੇ ਲੇਬਰ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਵੀ ਕੋਈ ਦਿੱਕਤ ਨਹੀਂ ਹੈ। ਕਿਸਾਨ ਕੁਲਬੀਰ ਸਿੰਘ ਨੇ ਕਿਹਾ ਕਿ ਮਾਰਕਿਟ ਕਮੇਟੀ ਵੱਲੋਂ ਜਾਰੀ ਪਾਸ ਅਨੁਸਾਰ ਹੀ ਮੈ ਮੰਡੀ ਵਿੱਚ ਆਪਣੀ ਕਣਕ ਦੀ ਫ਼ਸਲ ਲੈ ਕੇ ਆਇਆ ਹਾਂ ਤੇ ਮੰਡੀ ਦੇ ਐਂਟਰੀ ਗੇਟ ਤੇ ਮੇਰੇ ਟਰੈਕਟਰ ਟਰਾਲੀ ਨੂੰ ਵੀ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਸੈਨੇਟਾਈਜ਼ ਕੀਤਾ ਗਿਆ ਹੈ ਤੇ ਮੰਡੀ ਆਉਂਦਿਆਂ ਹੀ ਮੇਰੀ ਫ਼ਸਲ ਨੂੰ ਲਾਹ ਕੇ ਪੱਖਾ ਲਗਾਇਆ ਗਿਆ ਹੈ ਤੇ ਹੁਣ ਇਸ ਦੀ ਤੁਲਾਈ ਹੋਣ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਸ ਮੁਤਾਬਿਕ ਮੰਡੀ ਵਿੱਚ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਦੇ ਹੋਏ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨੇ ਵੀ ਕਿਸਾਨ ਸਵੇਰੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਂਦੇ ਹਨ ਉਹ ਸ਼ਾਮ ਤੱਕ ਆਪਣੀ ਫ਼ਸਲ ਵੇਚ ਕੇ ਘਰ ਚਲੇ ਜਾਂਦੇ ਹਨ, ਇਸ ਲਈ ਅਸੀਂ ਸਾਰੇ ਕਿਸਾਨ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ ਜਿਨ੍ਹਾਂ ਨੇ ਸਾਡੇ ਲਈ ਇਸੇ ਉਚੇਚੇ ਪ੍ਰਬੰਧ ਕਰ ਰੱਖੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 65,439 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ 56,711 ਮੀਟ੍ਰਿਕ ਟਨ ਦੀ ਖ਼ਰੀਦ ਹੋਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 16,292 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 16,655, ਪਨਸਪ ਵੱਲੋਂ 10,752, ਪੰਜਾਬ ਵੇਅਰਹਾਊਸ ਵੱਲੋਂ 11,733, ਐਫਸੀਆਈ ਵੱਲੋਂ 1259 ਅਤੇ ਵਪਾਰੀਆਂ ਵੱਲੋਂ 20 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕਣਕ ਦੀ ਫ਼ਸਲ ਪੂਰੀ ਤਰਾਂ ਪਕਾ ਕੇ ਤੇ ਕਰਫ਼ਿਊ ਪਾਸ ਪ੍ਰਾਪਤ ਕਰਨ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।