ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਹੋਈ ਮੀਟਿੰਗ
ਜ਼ਿਲ੍ਹੇ ਵਿੱਚ 20 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ - ਡੀ.ਸੀ.
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਹੋਈ ਮੀਟਿੰਗ
– ਜ਼ਿਲ੍ਹੇ ਵਿੱਚ 20 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ – ਡੀ.ਸੀ.
ਫਿਰੋਜ਼ਪੁਰ 13 ਦਸੰਬਰ, 2022 :
ਜ਼ਿਲ੍ਹੇ ਅੰਦਰ 26 ਜਨਵਰੀ 2023 ਤੱਕ 20 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਸਾਰੇ ਪ੍ਰਾਇਮਰੀ ਸਿਹਤ ਕੇਂਦਰਾਂ ਵਿਖੇ ਇਹ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਿਹਤ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਵੇਂ ਬਨਣ ਜਾ ਰਹੇ ਆਮ ਆਦਮੀ ਕਲੀਨਿਕਾਂ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਮ ਆਦਮੀ ਕਲੀਨਿਕ ਖੋਲ੍ਹਣ ਸਬੰਧੀ ਸਾਰੇ ਪ੍ਰਬੰਧਕੀ ਕਾਰਜ ਮੁਕੰਮਲ ਕਰਨ ਹਿੱਤ ਇਹ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਆਗਾਮੀ 26 ਜਨਵਰੀ ਤੋਂ ਹੋਂਦ ਵਿੱਚ ਆਉਣ ਵਾਲੇ ਸਾਰੇ ਆਮ ਆਦਮੀ ਕਲੀਨਿਕਾਂ ਵਿਖੇ ਆਮ ਆਦਮੀ ਕਲੀਨਿਕ ਪ੍ਰੋਟੋਕਾਲ ਮੁਤਾਬਿਕ ਸਾਰੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਾਜਿੰਦਰ ਮਨਚੰਦਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।