Ferozepur News
ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਆਦੇਸ਼ ਦੇ ਕੇ ਮੁੱਖ ਮੰਤਰੀ ਨੇ ਲਿਆ ਇਤਿਹਾਸਕ ਫੈਸਲਾ – ਭੁੱਲਰ
ਮੁੱਖ ਮੰਤਰੀ ਵੱਲੋਂ ਲੋਕ ਹਿੱਤ ਵਿੱਚ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਆਦੇਸ਼ਾਂ ਦਾ ਸਾਰੇ ਵਰਗਾਂ ਵੱਲੋਂ ਸਵਾਗਤ
ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਆਦੇਸ਼ ਦੇ ਕੇ ਮੁੱਖ ਮੰਤਰੀ ਨੇ ਲਿਆ ਇਤਿਹਾਸਕ ਫੈਸਲਾ – ਭੁੱਲਰ
– ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਫੈਸਲੇ ਬਾਰੇ ਕਿਸਾਨਾਂ, ਇਲਾਕਾ ਵਾਸੀਆਂ ਨੂੰ ਜਾਣੂ ਕਰਵਾਇਆ
– ਮੁੱਖ ਮੰਤਰੀ ਵੱਲੋਂ ਲੋਕ ਹਿੱਤ ਵਿੱਚ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਆਦੇਸ਼ਾਂ ਦਾ ਸਾਰੇ ਵਰਗਾਂ ਵੱਲੋਂ ਸਵਾਗਤ
ਜ਼ੀਰਾ (ਫਿਰੋਜ਼ਪੁਰ), 17 ਜਨਵਰੀ 2023:
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਫੈਕਟਰੀ ਮਨਸੂਰਵਾਲ, ਜ਼ੀਰਾ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਬਾਰੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਫੈਸਲਾ ਸੁਣਾ ਕੇ ਫੈਕਟਰੀ ਦੇ ਬਾਹਰ ਸਥਾਨਕ ਲੋਕਾਂ ਅਤੇ ਕਿਸਾਨਾਂ ਵੱਲੋਂ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਚੱਲ ਰਹੇ ਧਰਨੇ ਵਾਲੀ ਥਾ ਤੇ ਜਾ ਕੇ ਜਾਣੂ ਕਰਾਇਆ ਗਿਆ।
ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਫੈਕਟਰੀ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਾਉਣ ਦਾ ਫੈਸਲਾ ਪੰਜਾਬ ਦੇ ਵਾਤਾਵਰਣ ਅਤੇ ਲੋਕਾਂ ਦੇ ਹਿੱਤਾਂ ਵਿੱਚ ਲਿਆ ਗਿਆ ਇਤਿਹਾਸਕ ਫੈਸਲਾ ਹੈ। ਉਨ੍ਹਾਂ ਇਸ ਫੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਦਾ ਰਾਜ ,ਇਲਾਕੇ ਦੇ ਸਾਰੇ ਵਰਗਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ਪੰਜਾਬ ਦੇ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਕਰਕੇ ਅੱਜ ਉਨ੍ਹਾਂ ਵੱਲੋਂ ਇਸ ਮਾਮਲੇ ‘ਤੇ ਵੱਡਾ ਫੈਸਲਾ ਲੈਂਦਿਆਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਫੈਕਟਰੀ ਸਬੰਧੀ ਵੱਖ-ਵੱਖ ਕਮੇਟੀਆਂ ਤੋਂ ਸਰਵੇ ਕਰਵਾਉਣ ਅਤੇ ਵਾਤਾਵਰਣ ਦੀ ਸੁੱਧਤਾ ਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨੀ ਮਾਹਿਰਾਂ ਦੀ ਰਾਏ ਲੈਣ ਤੋਂ ਬਾਅਦ ਫੈਕਟਰੀ ਬੰਦ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।ਧਰਨੇ ਵਿੱਚ ਬੈਠੇ ਆਗੂਆਂ , ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਵੱਲੋਂ ਲਏ ਗਏ ਇਤਿਹਾਸਕ ਤੇ ਲੋਕਹਿੱਤ ਫੈਸਲੇ ਦਾ ਸਵਾਗਤ ਕੀਤਾ ਹੈ।