ਡਿਪਟੀ ਕਮਿਸ਼ਨਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਅਤੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਹੋਏ ਨਤਮਸਤਕ
ਹੁਸੈਨੀਵਾਲਾ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ : ਰਾਜੇਸ਼ ਧੀਮਾਨ
ਡਿਪਟੀ ਕਮਿਸ਼ਨਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਅਤੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਹੋਏ ਨਤਮਸਤਕ
ਹੁਸੈਨੀਵਾਲਾ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ : ਰਾਜੇਸ਼ ਧੀਮਾਨ
ਕਿਹਾ, ਕੌਮੀ ਸ਼ਹੀਦ ਸਾਡੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹਿਣਗੇ
ਫਿਰੋਜ਼ਪੁਰ, 18 ਜਨਵਰੀ 2023:
ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਥੋਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲੰਬਰ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਵੀ ਨਤਮਸਤਕ ਹੋਏ। ਉਨ੍ਹਾਂ ਕੌਮੀ ਸ਼ਹੀਦਾਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਸੁਤੰਤਰਤਾ ਸੰਗ੍ਰਾਮੀ ਬਟੁਕੇਸ਼ਵਰ ਦੱਤ ਅਤੇ ਰਾਜ ਮਾਤਾ ਦੀਆਂ ਸਮਾਧਾਂ ‘ਤੇ ਨਤਸਮਤਕ ਹੋਏ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਲਈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਲਈ ਹਮੇਸ਼ਾਂ ਹੀ ਪ੍ਰੇਰਣਾ ਸਰੋਤ ਰਹਿਣਗੇ, ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਹਮੇਸ਼ਾਂ ਜਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਨੈਸ਼ਨਲ ਐਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਇਨ੍ਹਾਂ ਇਤਿਹਾਸਕ ਸਥਾਨਾਂ ਅਤੇ ਹਿੰਦ-ਪਾਕਿ ਜੰਗਾਂ ਦੇ ਸ਼ਹੀਦ ਨਾਇਕਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹੁਸੈਨੀਵਾਲਾ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਸ਼ਹੀਦਾਂ ਨੂੰ ਨਮਨ ਕਰਨ ਲਈ ਆਉਣ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸ਼ਹੀਦੀ ਸਮਾਰਕ ਅਤੇ ਆਲੇ-ਦੁਆਲ਼ੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਪੂਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ।
ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ੍ਰੀ ਗਗਨਦੀਪ ਸਿੰਘ, ਸੁਪਰਡੰਟ ਸ੍ਰੀ ਜੋਗਿੰਦਰਪਾਲ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।