ਜ਼ਿਲ੍ਹੇ ਦੀ ਤਰੱਕੀ, ਵਿਕਾਸ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਮੀਡੀਆ ਦਾ ਸਹਿਯੋਗ ਜ਼ਰੂਰੀ: ਧੀਮਾਨ
ਫਿਰੋਜ਼ਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਕੀਤੀ ਮੀਟਿੰਗ
ਜ਼ਿਲ੍ਹੇ ਦੀ ਤਰੱਕੀ, ਵਿਕਾਸ ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਮੀਡੀਆ ਦਾ ਸਹਿਯੋਗ ਜ਼ਰੂਰੀ: ਧੀਮਾਨ
ਫਿਰੋਜ਼ਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 18 ਜਨਵਰੀ 2023:
ਜ਼ਿਲ੍ਹੇ ਦੀ ਤਰੱਕੀ, ਵਿਕਾਸ, ਸਮਾਜਿਕ ਅਲਾਮਤਾਂ ਦੇ ਖਾਤਮੇ ਅਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪ੍ਰੈਸ ਤੇ ਪ੍ਰਸ਼ਾਸਨ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਆਪਣੇ ਦਫਤਰ ਵਿੱਚ ਪੱਤਰਕਾਰਾਂ ਨਾਲ ਪਹਿਲੀ ਮਿਲਣੀ ਦੌਰਾਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੱਤਰਕਾਰ ਦੇਸ਼ ਦੇ ਲੋਕਤੰਤਰ ਦਾ ਚੌਥਾ ਸਤੰਭ ਹਨ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਇਕ ਮਜ਼ਬੂਤ ਲੋਕਤੰਤਰ ਦੀ ਸਥਾਪਨਾ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਤੋਂ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਵਿੱਚ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ/ ਖਰੀਦਦਾਰੀ ਸਬੰਧੀ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਗਤੀਵਿਧੀ ਬਾਰੇ ਉਨ੍ਹਾਂ ਨੂੰ ਖਬਰ ਮਿਲਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲੈ ਕੇ ਆਉਣ ਤਾਂ ਜੋ ਇਨ੍ਹਾਂ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਜ਼ਿਲ੍ਹੇ ਵਿੱਚ ਸੁਚੱਜੇ ਪ੍ਰਸ਼ਾਸਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ ਸਮਾਂਬੱਧ ਤਰੀਕੇ ਨਾਲ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਅਤੇ ਇਤਿਹਾਸਕ ਮਹੱਤਤਾ ਵਾਲੇ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਬਤੌਰ ਡਿਪਟੀ ਕਮਿਸ਼ਨਰ ਲੱਗਣ ਤੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ।
ਇਸ ਤੋਂ ਪਹਿਲਾਂ ਪੱਤਰਕਾਰ ਭਾਈਚਾਰੇ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੂੰ ਜੀ ਆਇਆ ਕਿਹਾ ਗਿਆ ਅਤੇ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਦੀ ਤਰੱਕੀ ਤੇ ਵਿਕਾਸ ਲਈ ਪੱਤਰਕਾਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਵਾਂਗ ਉਸਾਰੂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਮਰੀਕ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਮੀਡੀਆ ਦੇ ਸਾਥੀਆਂ ਦੀ ਜਾਣ ਪਹਿਚਾਣ ਕਰਾਈ ਤੇ ਦੱਸਿਆ ਕਿ ਸਮੁੱਚੀ ਪ੍ਰੈਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨਾਲ ਵਧੀਆ ਸਹਿਯੋਗ ਕੀਤਾ ਜਾ ਰਿਹਾ ਹੈ।