ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਤੇ ਵਿਧਾਇਕਾਂ ਦੀ ਹਾਜ਼ਰੀ ਵਿਚ ਚੰਦ ਸਿੰਘ ਗਿੱਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਤੇ ਵਿਧਾਇਕਾਂ ਦੀ ਹਾਜ਼ਰੀ ਵਿਚ ਚੰਦ ਸਿੰਘ ਗਿੱਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਫਿਰੋਜ਼ਪੁਰ, 20 ਜਨਵਰੀ 2023:
ਲੋਕ ਨਿਰਮਾਣ ਅਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਦੀ ਹਾਜ਼ਰੀ ਵਿਚ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਚੰਦ ਸਿੰਘ ਗਿੱਲ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਅਵਸਰ ‘ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸ. ਬਲਜੀਤ ਸਿੰਘ ਖਹਿਰਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ, ਡੀ.ਆਰ.ਓ. ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਅਤੇ ਅਭਿਸ਼ੇਕ ਸ਼ਰਮਾ ਪੀ.ਸੀ.ਐਸ. ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਆਪ ਪਾਰਟੀ ਪ੍ਰਤੀ ਬਹੁਤ ਅਹਿਮ ਯੋਗਦਾਨ ਅਤੇ ਲੰਮੀਆਂ ਸੇਵਾਵਾਂ ਕਾਰਨ ਸ. ਚੰਦ ਸਿੰਘ ਗਿੱਲ ਨੂੰ ਇਹ ਮਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਚੰਦ ਸਿੰਘ ਗਿੱਲ ਨੂੰ ਚੇਅਰਮੈਨ ਨਿਯੁਕਤ ਕਰਕੇ ਆਪ ਪਾਰਟੀ ਨੇ ਇਕ ਸਾਫ਼-ਸੁੱਥਰੀ ਰਾਜਨੀਤੀ ਦੀ ਮਿਸਾਲ ਕਾਇਮ ਕੀਤੀ ਹੈ ਕਿਉਂਕਿ ਉਹ ਬਹੁਤ ਹੀ ਇਮਾਨਦਾਰ ਤੇ ਸਾਫ਼-ਸੁਥਰੀ ਸ਼ਖ਼ਸੀਅਤ ਦੇ ਧਾਰਨੀ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ. ਚੰਦ ਸਿੰਘ ਗਿੱਲ ਦੀ ਅਗਵਾਈ ਵਿੱਚ ਪਲਾਨਿੰਗ ਕਮੇਟੀ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਏਗੀ।
ਸਥਾਨਕ ਜ਼ਿਲਾ ਪ੍ਰਬੰਧਕੀ ਕੈਪਲੈਕਸ ਦੇ ਪੀ.ਡਬਲਿਊ.ਡੀ. ਬਲਾਕ ਵਿਖੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਦਾ ਅਹੁਦਾ ਸੰਭਾਲਣ ਉਪੰਰਤ ਸ. ਚੰਦ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ, ਜ਼ਿਲ੍ਹੇ ਦੇ ਵਿਧਾਇਕਾਂ, ਸਾਬਕਾ ਐਮ.ਪੀ. ਪ੍ਰੋ. ਸਾਧੂ ਸਿੰਘ ਅਤੇ ਆਪ ਵਲੰਟੀਰਜ਼, ਜ਼ਿਲ੍ਹੇ ਦੀਆਂ ਸਮੂਹ ਰਾਜਸੀ ਤੇ ਸਮਾਜਿਕ ਜਥੇਬੰਦੀਆਂ ਤੇ ਸਮੁੱਚੀ ਆਪ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਬਾਖੂਬੀ ਨਿਭਾਉਣਗੇ ਤੇ ਉਨ੍ਹਾਂ ਦੇ ਵਿਸ਼ਵਾਸ ‘ਤੇ ਖਰਾ ਉਤਰਨਗੇ।
ਸ. ਗਿੱਲ ਨੇ ਕਿਹਾ ਕਿ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ ਹਿਤੈਸ਼ੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਪਹਿਲ ਹੋਵੇਗੀ। ਉਨ੍ਹਾਂ ਭਰੋਸਾ ਦਿਵਾਇਆ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਜਨਤਾ ਤੱਕ ਪਹੁੰਚਾਇਆ ਜਾਵੇਗਾ। ਸਮਾਜ ਦੇ ਕਮਜ਼ੋਰ ਅਤੇ ਜ਼ਰੂਰਤਮੰਦ ਵਰਗਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਪਲਾਨਿੰਗ ਕਮੇਟੀ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਪਹਿਲੇ ਨੰਬਰ ‘ਤੇ ਲਿਆਉਣਾ ਉਨ੍ਹਾਂ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਉਹ ਸ. ਭਗਵੰਤ ਸਿੰਘ ਮਾਨ ਅਤੇ ਆਪ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਜ਼ਿਲ੍ਹੇ ਦੀ ਸਰਵਪੱਖੀ ਤਰੱਕੀ ਤੇ ਵਿਕਾਸ ਲਈ ਕੰਮ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਆਗੂ ਅਤੇ ਵਲੰਟੀਅਰਜ਼ ਨੇ ਸ. ਚੰਦ ਸਿੰਘ ਗਿੱਲ ਨੂੰ ਵਧਾਈ ਦਿੱਤੀ।