Ferozepur News
ਫ਼ਿਰੋਜ਼ਪੁਰ: ਮੀਂਹ ਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜਾ ਦਿੱਤਾ
ਡਿਪਟੀ ਕਮਿਸ਼ਨਰ ਨੇ ਪ੍ਰਭਾਰੀ ਸਕੱਤਰ ਅਜੋਏ ਸ਼ਰਮਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਮੁਆਵਜਾ ਰਾਸ਼ੀ ਦੇ ਚੈੱਕ ਕਿਸਾਨਾਂ ਨੂੰ ਤਕਸੀਮ ਕੀਤੇ
ਮੀਂਹ ਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜਾ ਦਿੱਤਾ
ਡਿਪਟੀ ਕਮਿਸ਼ਨਰ ਨੇ ਪ੍ਰਭਾਰੀ ਸਕੱਤਰ ਅਜੋਏ ਸ਼ਰਮਾ ਆਈ.ਏ.ਐਸ. ਦੀ ਹਾਜ਼ਰੀ ਵਿੱਚ ਮੁਆਵਜਾ ਰਾਸ਼ੀ ਦੇ ਚੈੱਕ ਕਿਸਾਨਾਂ ਨੂੰ ਤਕਸੀਮ ਕੀਤੇ
22,80,916 ਰੁਪਏ ਦੀ ਮੁਆਵਜਾ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਤਬਦੀਲ ਕੀਤੀ: ਧੀਮਾਨ
ਫ਼ਿਰੋਜ਼ਪੁਰ, 13 ਅਪ੍ਰੈਲ 2023:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਵਿੱਚ ਮੀਂਹ, ਗੜੇਮਾਰੀ ਅਤੇ ਝੱਖੜ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁੱਲ ਛੇ ਪਿੰਡਾਂ ਦੇ ਕਿਸਾਨਾਂ ਨੂੰ ਨੂੰ ਚੈੱਕ ਤਕਸੀਮ ਕਰਕੇ ਮੁਆਵਜਾ ਦੇਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਸ੍ਰੀ ਅਜੋਏ ਸ਼ਰਮਾ ਆਈ.ਏ.ਐਸ. ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਆਸਲ, ਬਾਜੇ ਵਾਲਾ, ਬੂਟੇ ਵਾਲਾ ,ਰੁਕਨ ਮੁੰਗਲਾ, ਬਾਜੀਦਪੁਰ ਅਤੇ ਕੋਟਲਾ ਦੇ ਕਿਸਾਨ ਰੇਸ਼ਮ ਸਿੰਘ, ਕਾਰਜ ਸਿੰਘ, ਬਾਜ ਸਿੰਘ ਸਤਪਾਲ ਸਿੰਘ, ਜਸਪਾਲ ਸਿੰਘ ਅਤੇ ਪ੍ਰੀਤਮ ਸਿੰਘ ਨੂੰ ਉਨ੍ਹਾਂ ਵੱਲੋਂ ਮੁਆਵਜਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਕੁੱਲ 96 ਕਿਸਾਨ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਉਨ੍ਹਾਂ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਵਜੋਂ ਕੁੱਲ 22,80,916 ਰੁਪਏ ਸਵੇਰੇ 11:00 ਵਜੇ ਤੋਂ ਪਹਿਲਾਂ-ਪਹਿਲਾਂ ਤਬਦੀਲ ਕਰ ਦਿੱਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਹਿੰਦੇ ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਬਿਲਕੁਲ ਪਾਰਦਰਸ਼ੀ ਢੰਗ ਨਾਲ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਬਣਦਾ ਢੁੱਕਵਾਂ ਮੁਆਵਜ਼ਾ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਖੜ੍ਹੇ ਹਨ ਅਤੇ ਇਸ ਕੁਦਰਤੀ ਆਫ਼ਤ ਨਾਲ ਹੋਏ ਅੰਨਦਾਤਿਆਂ ਦੇ ਹੋਏ ਨੁਕਸਾਨ ਦੀ ਉਚਿੱਤ ਭਰਪਾਈ ਵੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਕੀ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਸ੍ਰੀਮਤੀ ਸੁਖਬੀਰ ਕੌਰ, ਐਸ.ਪੀ. (ਡੀ) ਸ੍ਰੀ ਰਣਧੀਰ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਕਾਨੂੰਨਗੋ ਸ. ਹਰਪ੍ਰੀਤ ਸਿੰਘ ਅਤੇ ਵਤਨਪ੍ਰੀਤ ਸਿੰਘ, ਮਨਜਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।