ਕਮਿਸ਼ਨਰ ਮੰਡਲ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਨਿਗਰਾਨੀ ਲਈ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਪ੍ਰਦੂਸ਼ਣ ਦੀ ਰੋਕਥਾਮ ਦੇ ਲਈ ਵਿਸ਼ੇਸ਼ ਯਤਨ ਸਮੇਂ ਦੀ ਲੋੜ - ਦਲਜੀਤ ਸਿੰਘ ਮਾਂਗਟ
ਕਮਿਸ਼ਨਰ ਮੰਡਲ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਨਿਗਰਾਨੀ ਲਈ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
– ਪ੍ਰਦੂਸ਼ਣ ਦੀ ਰੋਕਥਾਮ ਦੇ ਲਈ ਵਿਸ਼ੇਸ਼ ਯਤਨ ਸਮੇਂ ਦੀ ਲੋੜ – ਦਲਜੀਤ ਸਿੰਘ ਮਾਂਗਟ
ਫ਼ਿਰੋਜ਼ਪੁਰ, 17 ਅਪ੍ਰੈਲ 2023:
ਪ੍ਰਦੂਸ਼ਣ ਦੀ ਰੋਕਥਾਮ ਦੇ ਲਈ ਵਿਸ਼ੇਸ਼ ਯਤਨ ਸਮੇਂ ਦੀ ਲੋੜ ਹੈ ਅਤੇ ਵਾਤਾਵਰਨ ਸੰਭਾਲ ਸਬੰਧੀ ਸਾਨੂੰ ਹਰ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਅਸੀਂ ਆਪਣੀ ਭਵਿੱਖੀ ਪੀੜ੍ਹੀ ਲਈ ਨਰੋਆ ਤੇ ਸਿਹਤਮੰਦ ਵਾਤਾਵਰਨ ਛੱਡ ਕੇ ਜਾਈਏ। ਇਹ ਪ੍ਰਗਟਾਵਾ ਕਮਿਸ਼ਨਰ ਮੰਡਲ ਫਿਰੋਜ਼ਪੁਰ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫ਼ਿਰੋਜ਼ਪੁਰ ਡਵੀਜ਼ਨ ਨਾਲ ਸਬੰਧਤ ਜ਼ਿਲ੍ਹਿਆਂ ਦੀ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਨਿਗਰਾਨੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਕੁਮਾਰ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂ ਦੁੱਗਲ ਹਾਜ਼ਰ ਸਨ।
ਇਸ ਦੌਰਾਨ ਕਮਿਸ਼ਨਰ ਮੰਡਲ ਫਿਰੋਜ਼ਪੁਰ ਸ੍ਰੀ ਦਲਜੀਤ ਸਿੰਘ ਮਾਂਗਟ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਪਲਾਨ ਵਿੱਚ ਦਰਸਾਏ ਕੰਮਾਂ ਦੀ ਵਿਸਥਾਰ ਦੇ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਫਿਰੋਜ਼ਪੁਰ, ਮੋਗਾ, ਮੁਕਤਸਰ ਅਤੇ ਫ਼ਾਜ਼ਿਲਕਾ ਵਿਖੇ ਚਲ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਯੋਜਨਾਬੱਧ ਤਰੀਕੇ ਦੇ ਨਾਲ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਇਕਹਿਰੇ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਅਤੇ ਇਸ ਦੇ ਮੁੜ ਪ੍ਰਯੋਗ ਲਿਆਉਣ ਜਾਂ ਨਵਿਆਉਣਯੋਗ ਪਦਾਰਥਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ, ਉਪਕਰਨਾਂ ਤੇ ਸਾਧਨਾਂ ਦੇ ਬਦਲਵੇਂ ਪ੍ਰਬੰਧਾਂ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਅਜੋਕੇ ਯੁਗ ਦੀ ਮੰਗ ਅਤੇ ਜ਼ਰੂਰਤ ਵੀ ਹੈ।
ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਵਾਤਾਵਰਨ ਯੋਜਨਾ ਅਤੇ ਐਨ.ਜੀ.ਟੀ. ਦੀਆਂ ਗਾਈਡਲਾਈਨਜ਼ ਅਨੁਸਾਰ ਵਾਤਾਵਰਨ ਦੀ ਸੰਭਾਲ ਲਈ ਵਾਤਾਵਰਨ ਪਲਾਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਾਫ ਸਫਾਈ, ਗੰਦੇ ਪਾਣੀ ਦੇ ਪ੍ਰਬੰਧ, ਪਿੰਡਾਂ ਵਿੱਚੋਂ ਨਿਕਲਣ ਵਾਲੇ ਸੀਵਰੇਜ ਸਬੰਧੀ ਕੀਤੇ ਗਏ ਪ੍ਰਬੰਧ, ਪਲਾਸਟਿਕ ਵੇਸਟ ਮੈਨੇਜਮੈਂਟ, ਹਵਾ ਅਤੇ ਪਾਣੀ ਦੀ ਸ਼ੁੱਧਤਾ, ਵੇਸਟ ਮੈਨੇਜਮੈਂਟ ਸਬੰਧੀ ਫੰਡ, ਖੇਤੀਬਾੜੀ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ, ਗੰਦੇ ਪਾਣੀ ਨੂੰ ਨਦੀਆਂ ਵਿੱਚ ਵਹਿਣ ਤੋਂ ਰੋਕਣ ਆਦਿ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਸਬੰਧੀ ਐਨ.ਜੀ.ਟੀ. ਜਾਂ ਸਰਕਾਰ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਇਨ੍ਹਾਂ ਨੂੰ ਅਮਲ ਵਿੱਚ ਲਿਆਣਾ ਯਕੀਨੀ ਬਣਾਇਆ ਜਾਵੇ ਅਤੇ ਪ੍ਰਦੂਸ਼ਣ ਰੋਕਥਾਮ ਲਈ ਹਰ ਤਰ੍ਹਾਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਮੀਟਿੰਗ ਦੌਰਾਨ ਸਮੂਹ ਡਿਪਟੀ ਕਮਿਸ਼ਨਰਾਂ ਨੇ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਨੂੰ ਆਪਣੇ ਆਪਣੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਵਾਤਾਵਰਨ ਯੋਜਨਾ ਅਨੁਸਾਰ ਪ੍ਰਦੂਸ਼ਣ ਦੀ ਰੋਕਥਾਮ, ਐਸ.ਟੀ.ਪੀ. ਸੋਲਿਡ ਵੇਸਟ ਮੈਨੇਜਮੈਂਟ, ਫੰਡਾਂ ਅਤੇ ਯੋਜਨਾਵਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਮਨਦੀਪ ਕੌਰ, ਜਾਇੰਟ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀ ਗੁਰਪ੍ਰੀਤ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਫ਼ਰੀਦਕੋਟ ਸ੍ਰੀ ਗੁਨੀਤ ਸੇਠੀ ਤੋਂ ਇਲਾਵਾ ਫ਼ਿਰੋਜ਼ਪੁਰ ਮੰਡਲ ਦੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।