Ferozepur News

ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਤੇ ਗਰਭਵਤੀ ਔਰਤਾਂ ਦਾ 100 ਪ੍ਰਤੀਸ਼ਤ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ – ਡਾ. ਰਾਜਿੰਦਰ ਪਾਲ

ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਤੇ ਗਰਭਵਤੀ ਔਰਤਾਂ ਦਾ 100 ਪ੍ਰਤੀਸ਼ਤ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ - ਡਾ. ਰਾਜਿੰਦਰ ਪਾਲ

ਮਿਸ਼ਨ ਇੰਦਰ ਧਨੁਸ਼ ਤਹਿਤ ਬੱਚਿਆਂ ਤੇ ਗਰਭਵਤੀ ਔਰਤਾਂ ਦਾ 100 ਪ੍ਰਤੀਸ਼ਤ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ – ਡਾ. ਰਾਜਿੰਦਰ ਪਾਲ

– ਤਿੰਨ ਗੇੜਾਂ ਵਿਚ ਇੱਕ-ਇੱਕ ਹਫ਼ਤਾ ਚੱਲੇਗੀ ਮੁਹਿੰਮ – ਜ਼ਿਲ੍ਹਾ ਟੀਕਾਕਰਨ ਅਫ਼ਸਰ – ਸਟਾਫ ਨੂੰ ਯੂਵਿਨ ਪੋਰਟਲ ਸਬੰਧੀ ਦਿੱਤੀ ਟ੍ਰੇਨਿੰਗ

ਫਿਰੋਜ਼ਪੁਰ, 7 ਜੁਲਾਈ 2023: ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਰੁਟੀਨ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਰੂਟੀਨ ਟੀਕਾਕਰਨ ਦੌਰਾਨ ਵਾਂਝੇ ਰਹਿ ਗਏ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਤੀਬਰ ਮਿਸ਼ਨ ਇੰਦਰ ਧਨੁਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਾਜਿੰਦਰ ਪਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਸਬੰਧ ਵਿਚ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਬਲਾਕ ਟੀਕਾਕਰਨ ਨੋਡਲ ਅਫਸਰ, ਬਲਾਕ ਐਕਸਟੈਂਸ਼ਨ ਐਜੂਕੇਟਰਾਂ, ਮਲਟੀਪਰਪਜ਼ ਹੈਲਥ ਸੁਪਰਵਾਇਜ਼ਰਾਂ, ਸੂਚਨਾ ਸਹਾਇਕਾਂ ਅਤੇ ਬੀ.ਐਸ.ਏ. ਦੀ ਟ੍ਰੇਨਿੰਗ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਫ਼ਿਰੋਜ਼ਪੁਰ ਵਿਖੇ ਕਰਵਾਈ ਗਈ। ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਸਮੂਹ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਖੇਤਰ ਵਿਚ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਜਾਣ ਅਤੇ ਉਨ੍ਹਾਂ ਲਈ ਵਿਸ਼ੇਸ਼ ਸੈਸ਼ਨ ਤਿਆਰ ਕਰਕੇ ਐਕਸ਼ਨ ਪਲਾਨ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਮਕਸਦ 5 ਸਾਲ ਤੋਂ ਛੋਟੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ ਨਿਯਮਿਤ ਟੀਕਾਕਰਨ ਵਿਚ ਪਏ ਪਾੜੇ ਨੂੰ ਪੂਰ ਕੇ ਮੁਕੰਮਲ ਟੀਕਾਕਰਨ ਕਰਨਾ ਹੈ। ਇਹ ਮੁਹਿੰਮ ਜ਼ਿਲ੍ਹੇ ਅੰਦਰ ਤਿੰਨ ਗੇੜਾਂ ਵਿੱਚ ਇੱਕ-ਇੱਕ ਹਫ਼ਤਾ ਚੱਲੇਗੀ ਅਤੇ ਇਸ ਮਿਸ਼ਨ ਅਧੀਨ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦੇ 100 ਪ੍ਰਤੀਸ਼ਤ ਟੀਕਾਕਰਨ ਨੂੰ ਯਕੀਨੀ ਬਨਾਇਆ ਜਾਵੇਗਾ ਤਾਂ ਜੋ ਗਰਭਵਤੀਆਂ ਅਤੇ ਨਵ-ਜਨਮੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਤਿੰਨ ਗੇੜਾਂ ਵਿੱਚ ਪਹਿਲਾ ਗੇੜ 7 ਅਗਸਤ ਤੋਂ 12 ਅਗਸਤ ਤੱਕ ਚਲਾਇਆ ਜਾਵੇਗਾ ਗਿਆ। ਦੂਜਾ ਗੇੜ 11 ਸਤੰਬਰ ਤੋਂ 16 ਸਤੰਬਰ ਤੱਕ ਅਤੇ ਤੀਜਾ ਗੇੜ 9 ਅਕਤੂਬਰ ਤੋਂ 14 ਅਕਤੂਬਰ ਤੱਕ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਟੀਕਾਕਰਨ ਤੋਂ ਛੁੱਟ ਗਏ ਏਰੀਏ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ ਝੌਂਪੜੀਆਂ, ਭੱਠੇ, ਖਾਲੀ ਸਬ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਨ ਸੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ। ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਗਰਭਵਤੀ ਮਾਂਵਾਂ ਨੂੰ ਟੈਟਨਸ ਦੇ ਦੋ ਟੀਕੇ ਅਤੇ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਟੀਕਾਕਰਨ ਦੇ ਸਮੁੱਚੇ ਰਿਕਾਰਡ ਨੂੰ ਆਨਲਾਈਨ ਕਰਨ ਹਿੱਤ ਤਿਆਰ ਕੀਤੇ ਗਏ ਯੂਵਿਨ ਆਨਲਾਇਨ ਪੋਰਟਲ ਸਬੰਧੀ ਟ੍ਰੇਨਿੰਗ ਦਿੱਤੀ ਗਈ। ਪ੍ਰੋਗਰਾਮ ਅਫਸਰ ਜਾਵੇਦ ਅਹਿਮਦ ਯੂ.ਐਨ.ਡੀ.ਪੀ. ਨੇ ਕਿਹਾ ਕਿ ਇਸ ਨਵੇਂ ਆਨਲਾਇਨ ਪਲੇਟਫਾਰਮ ਦੀ ਸ਼ੁਰੂਆਤ ਦੇ ਨਾਲ ਰੂਟੀਨ ਟੀਕਾਕਰਨ ਦੇ ਕੰਮ ਵਿੱਚ ਹੋਰ ਜ਼ਿਆਦਾ ਪਾਰਦਰਸ਼ਤਾ ਆਵੇਗੀ ਅਤੇ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਸ਼ੁਰੂ ਹੋਣ ਨਾਲ ਹਰ ਗਰਭਵਤੀ ਔਰਤ ਅਤੇ ਨਵ-ਜਨਮੇ ਬੱਚੇ ਦਾ ਰਿਕਾਰਡ ਆਨਲਾਇਨ ਪੋਰਟਲ ‘ਤੇ ਦਰਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਈਵਿਨ ਅਤੇ ਕੋਵਿਨ ਪੋਰਟਲ ਦੇ ਸਾਰਥਕ ਨਤੀਜੇ ਆਉਣ ਤੋਂ ਬਾਅਦ ਇਸ ਨਵੇਂ ਉਪਰਾਲੇ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੀ.ਸੀ.ਸੀ.ਐਮ.ਯੂ.ਐਨ.ਡੀ.ਪੀ ਪਰਮਜੀਤ ਸਿੰਘ ਵੱਲੋਂ ਪੋਰਟਲ ਤੇ ਆਨਲਾਇਲ ਰਿਪੋਰਟਿੰਗ ਅਤੇ ਰਿਕਾਰਡ ਦਰਜ ਕਰਨ ਸਬੰਧੀ ਨੁਕਤਿਆਂ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨਜਰ ਹਰੀਸ਼ ਕਟਾਰੀਆ, ਜੋਤੀ ਮੋਂਗਾ ਅਤੇ ਵਿਭਾਗ ਦੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button