ਫਿਰੋਜ਼ਪੁਰ ਦੇ 563 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦੇ ਆਰਡਰ ਮਿਲੇ – ਰਣਬੀਰ ਭੁੱਲਰ
ਕਿਹਾ, ਛੇਤੀ ਹੀ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ
ਫਿਰੋਜ਼ਪੁਰ ਦੇ 563 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦੇ ਆਰਡਰ ਮਿਲੇ – ਰਣਬੀਰ ਭੁੱਲਰ
– ਕਿਹਾ, ਛੇਤੀ ਹੀ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ
ਫ਼ਿਰੋਜ਼ਪੁਰ, 28 ਜੁਲਾਈ 2023:
ਪੰਜਾਬ ਵਿੱਚ ਕੱਚੇ ਅਧਿਆਪਕਾਂ ਲਈ ਅੱਜ ਦਾ ਦਿਨ ਇਤਿਹਾਸਕ ਤੇ ਯਾਦਗਾਰੀ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪੇ। ਇਸੇ ਲੜੀ ਵਿੱਚ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਵੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੱਚੇ ਅਧਿਆਪਕਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁਲ 563 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਦਿੱਤੇ ਗਏ ਹਨ ਜਿਨ੍ਹਾਂ ਵਿੱਚ 215 ਸਿੱਖਿਆ ਪ੍ਰੋਵਾਈਡਰ, 56 ਆਈ.ਈ.ਵੀ. ਅਤੇ 292 ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ. ਅਧਿਆਪਕਾਂ ਨੂੰ ਸਰਵਿਸ ਰੈਗੁਲਰਾਈਜੇਸ਼ਨ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਅਤੇ ਸਮਾਜ ਦੇ ਭਵਿੱਖ ਨਿਰਮਾਤਾ ਹਨ ਅਤੇ ਅੱਜ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਕੇ ਇਨ੍ਹਾਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਅਧਿਆਪਕ ਹੋਰ ਵੀ ਮਿਹਨਤ ਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਲਗਾਤਾਰ ਉਚਾਈਆਂ ਨੂੰ ਛੋਹ ਰਿਹਾ ਹੈ ਅਤੇ ਛੇਤੀ ਹੀ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਚਮਕੌਰ ਸਿੰਘ ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਰਗਟ ਸਿੰਘ ਬਰਾੜ, ਬਲਾਕ ਪ੍ਰਾਈਮਰੀ ਸਿੱਖਿਆ ਅਫ਼ਸਰ ਸੁਮਨਦੀਪ ਕੌਰ, ਰਣਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਮਨਜੀਤ ਭੱਲਾ, ਸੈਂਟਰ ਹੈੱਡ ਟੀਚਰ ਜਸਵਿੰਦਰ ਕੌਰ, ਭੁਪਿੰਦਰ ਕੌਰ, ਜਨਕ ਸਿੰਘ, ਮੈਡਮ ਚਿੰਕੀ, ਸੁਰਿੰਦਰ ਨਰੁਲਾ, ਕੁਲਦੀਪ ਕੌਰ, ਹਿਮਾਂਸ਼ੂ ਠੱਕਰ, ਰਾਜ ਬਹਾਦਰ ਸਿੰਘ ਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।