ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ – ਧੀਮਾਨ
ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਜਾ ਰਹੀ ਹੈ ਮੱਦਦ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ – ਧੀਮਾਨ
· ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ – ਭੁੱਲਰ
· ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀ ਜਾ ਰਹੀ ਹੈ ਮੱਦਦ
ਫ਼ਿਰੋਜ਼ਪੁਰ, 19 ਅਗਸਤ 2023:
ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਹੋਰ ਵਧਣ ਕਾਰਨ ਦਰਿਆ ਸਤਲੁਜ ਦੇ ਹੜ੍ਹ ਨੇ ਹੁਸੈਨੀਵਾਲਾ ਸਰਹੱਦ ਨਜ਼ਦੀਕ ਕਰੀਬ 20 ਪਿੰਡਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਦੀ ਮਦਦ ਨਾਲ ਜਿੱਥੇ ਪਿਛਲੇ ਦੋ ਦਿਨਾਂ ਤੋਂ 2 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਉੱਥੇ ਹੀ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆ ਕੇ ਲੋਕਾਂ ਲਈ ਲੰਗਰ, ਪਾਣੀ ਅਤੇ ਪਸ਼ੂਆਂ ਲਈ ਚਾਰਾ ਸਮੇਤ ਹਰ ਤਰ੍ਹਾਂ ਦੀ ਲੋੜੀਂਦੀ ਰਸਦ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਕਾਰਜ ਵਿੱਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਹੁਸੈਨੀਵਾਲਾ ਸਰਹੱਦ ਨਜ਼ਦੀਕ ਪਿੰਡਾਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਵੀ ਉਨ੍ਹਾਂ ਨਾਲ ਸਨ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਦੇ ਅਧਿਕਾਰੀ ਤੇ ਕਰਮਚਾਰੀ ਲਗਾਤਾਰ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ ਅਤੇ ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਟੀਮਾਂ ਤੇ ਸਮਾਜ ਸੇਵੀ ਸੰਸਥਾਵਾਂ ਵੀ ਰਾਹਤ ਕਾਰਜਾਂ ਤੇ ਬਚਾਅ ਕੰਮਾਂ ਵਿੱਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਹਰ ਸਮੇਂ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਨਾਲ ਖੜ੍ਹੇ ਹਨ ਤੇ ਲੋਕਾਂ ਨੂੰ ਰਾਸ਼ਨ ਜਾਂ ਪਸ਼ੂਆਂ ਦੇ ਚਾਰੇ ਸਮੇਹ ਹੋਰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਹੁਸੈਨੀਵਾਲਾ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਸੁਰੱਖਿਤ ਥਾਵਾਂ ਤੇ ਪਹੁੰਚਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਅਤੇ ਇਸ ਲਈ ਸੱਤ ਮੋਟਰ ਬੋਟਸ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਰੈਸਕਿਊ ਆਪਰੇਸ਼ਨ ਰਾਹੀਂ ਲੋਕਾਂ ਨੂੰ ਰਾਹਤ ਕੈਂਪਾਂ ਅਤੇ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਬੱਚੇ, ਔਰਤਾਂ, ਮਰੀਜਾਂ ਅਤੇ ਬਜ਼ੁਰਗਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹਤ ਕੈਂਪਾਂ ਤੋਂ ਇਲਾਵਾ ਮੈਡੀਕਲ ਟੀਮਾਂ ਨੂੰ ਵੀ ਹੜ੍ਹ ਪੀੜਤਾਂ ਲਈ ਮੌਕੇ ‘ਤੇ ਤਾਇਨਾਤ ਕੀਤਾ ਗਿਆ ਹੈ। ਪੀੜਤ ਲੋਕਾਂ ਲਈ ਲੰਗਰ, ਪਾਣੀ, ਪਸ਼ੂਆਂ ਦਾ ਲਈ ਚਾਰੇ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਤਹਿਸੀਲਦਾਰ ਫ਼ਿਰੋਜ਼ਪੁਰ ਨਾਇਬ ਤਹਿਸੀਲਦਾਰ ਨਵਜੀਵਨ ਛਾਬੜਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਉਪਕਾਰ ਸਿੰਘ ਐਸ.ਈ. ਸਿੰਚਾਈ ਵਿਭਾਗ, ਗਿਤੇਸ਼ ਕੁਮਾਰ ਐਕਸੀਅਨ ਡਰੇਨੇਜ਼ ਵਿਭਾਗ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ ਤੋਂ ਇਲਾਵਾ ਫੌਜ ਅਤੇ ਬੀ.ਐਸ.ਐਫ. ਦੇ ਅਧਿਕਾਰੀ ਹਾਜ਼ਰ ਸਨ।