ਸਾਰਾ ਫਾਊਂਡੇਸ਼ਨ ਜੰਮੂ ਨੇ 100 ਵਿਦਿਆਰਥੀਆਂ ਨੂੰ ਵੰਡੀਆਂ ਸੈਨੀਟਰੀ ਕਿੱਟਾਂ
ਗੱਟੀ ਰਾਜੋ ਕੇ ਅਤੇ ਕਾਲੂਵਾਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਮੱਦਦ
ਸਾਰਾ ਫਾਊਂਡੇਸ਼ਨ ਜੰਮੂ ਨੇ 100 ਵਿਦਿਆਰਥੀਆਂ ਨੂੰ ਵੰਡੀਆਂ ਸੈਨੀਟਰੀ ਕਿੱਟਾਂ ।
ਗੱਟੀ ਰਾਜੋ ਕੇ ਅਤੇ ਕਾਲੂਵਾਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਮੱਦਦ।
ਫਿਰੋਜ਼ਪੁਰ, 18.9.2023: ਸਮਾਜ ਸੇਵੀ ਸੰਸਥਾ ਸਾਰਾ ਫਾਊਂਡੇਸ਼ਨ ਜੰਮੂ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਸ਼ੇਸ਼ ਤੌਰ ਤੇ ਪਹੁੰਚੀ। ਸੰਸਥਾ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੇ ਪਰਿਵਾਰਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਦੇਖਦੇ ਹੋਏ ਉਹਨਾਂ ਲਈ 100 ਸੈਨੇਟਰੀ ਕਿੱਟਾਂ ਵੰਡੀਆਂ। ਸੰਸਥਾ ਦੇ ਡਾਇਰੈਕਟਰ ਡਾ. ਰਮਿੰਦਰਜੀਤ ਸਿੰਘ ਅਤੇ ਸ਼੍ਰੀਮਤੀ ਮਨਪ੍ਰੀਤ ਕੌਰ ਕੋਆਰਡੀਨੇਟਰ ਨਸ਼ਾ ਛੁਡਾਉ ਪ੍ਰੋਗਰਾਮ ਜੰਮੂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹੜਾਂ ਦੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਦਿਆਂ ਸਰੀਰ ਅਤੇ ਆਲੇ ਦੁਆਲੇ ਦੀ ਸਫ਼ਾਈ ਲਈ ਪ੍ਰੇਰਿਤ ਕੀਤਾ ਅਤੇ ਮੁਸ਼ਕਿਲ ਦੀ ਘੜੀ ਵਿੱਚ ਮਨੋਬਲ ਉੱਚਾ ਰੱਖਣ ਦੀ ਗੱਲ ਕੀਤੀ। ਉਹਨਾਂ ਨੇ ਵਿਦਿਆਰਥੀਆਂ ਦੇ ਪਰਿਵਾਰਾਂ ਲਈ ਹੈਲਥ ਕਿੱਟਾਂ ਵੰਡੀਆਂ ਜਿਸ ਵਿੱਚ ਸਾਬਣ , ਡੀਟੋਲ,ਓਡੋਮਾਸ , ਟੁੱਥਪੇਸਟ, ਟੁਥਬਰਸ਼ ਅਤੇ ਹੋਰ ਲੋੜੀਂਦਾ ਸਮਾਨ ਵੀ ਸੀ। ਉਹਨਾਂ ਨੇ ਸਕੂਲ ਸਟਾਫ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਦੀ ਜ਼ਰੂਰਤ ਅਨੁਸਾਰ ਹੋਰ ਪ੍ਰੋਜੈਕਟ ਇਥੇ ਹੀ ਕਰਨ ਦੀ ਗੱਲ ਵੀ ਕੀਤੀ।
ਡਾ. ਸਤਿੰਦਰ ਸਿੰਘ ਪ੍ਰਿੰਸੀਪਲ ਨੇ ਸਾਰਾ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਹੜਾਂ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਜਿਹਨਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਦਾ ਜ਼ਿਕਰ ਕਰਦਿਆਂ, ਇਹਨਾਂ ਦੀ ਮੱਦਦ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਨਕਾਰੀ ਦਿੱਤੀ। ਉਹਨਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਆਰਥਿਕ ਤੰਗੀ ਪੜ੍ਹਾਈ ਵਿੱਚ ਰੁਕਾਵਟ ਨਹੀਂ ਬਣੇਗੀ। ਸਕੂਲ ਸਟਾਫ, ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹਰ ਸੰਭਵ ਮੱਦਦ ਕੀਤੀ ਜਾਂ ਰਹੀ ਹੈ।
ਇਸ ਮੌਕੇ ਸਰਬਜੀਤ ਸਿੰਘ ਭਾਵੜਾ ਨੇ ਵੀ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦਿਵਾਇਆ।
ਇਸ ਉਪਰੰਤ ਸੰਸਥਾ ਵੱਲੋਂ ਕਾਲੂਵਾਲਾ ਟਾਪੂ ਪਹੁੰਚ ਕੇ
40 ਪਰਿਵਾਰਾਂ ਨੂੰ ਹੈਲਥ ਕਿੱਟਾਂ ਵੰਡੀਆਂ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਮੱਦਦ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਸਕੂਲ ਅਧਿਆਪਕ ਵਿਸ਼ਾਲ ਗੁਪਤਾ, ਸਰੂਚੀ ਮਹਿਤਾ ਅਤੇ ਕੰਚਨ ਬਾਲਾਂ , ਬਚਨ ਸਿੰਘ ਨੰਬਰਦਾਰ,ਮਲਕੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।