ਥੁੱਕ ਦੇ ਜਰੀਏ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਦੀ ਅਪੀਲ
ਤੰਬਾਕੂ ਦੇ ਸੇਵਨ ਉਪਰੰਤ ਥੁੱਕਣ ਨਾਲ ਜਿੱਥੇ ਕੋਰੋਨਾ ਮਹਾਂਮਾਰੀ ਦੇ ਫੈਲਣ ਦਾ ਖ਼ਤਰਾ ਵੱਧ ਹੁੰਦਾ ਹੈ, ਉੱਥੇ ਹੀ ਤੰਬਾਕੂ ਦੇ ਸੇਵਨ ਨਾਲ ਸਰੀਰ ਦੀ ਇਮੂਨਿਟੀ ਵੀ ਘਟਦੀ ਹੈ- ਸਿਵਲ ਸਰਜਨ
ਫਿਰੋਜ਼ਪੁਰ 9 ਜੂਨ 2020 ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਿਸ਼ਨ ਫ਼ਤਿਹ ਤਹਿਤ ਇੱਕ ਨਵੀਂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਜਨਤਕ ਥਾਵਾਂ ਤੇ ਥੁੱਕਣ ਨੂੰ ਰੋਕਣ ਸਬੰਧੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਸਬੰਧੀ ਜਾਗਰੂਕ ਕਰਨਾ ਅਤੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਤੇ ਥੁੱਕਣ ਨਾਲ ਇਸ ਬਿਮਾਰੀ ਦੇ ਜ਼ਿਆਦਾ ਫੈਲਣ ਦਾ ਖ਼ਤਰਾ ਹੈ ਜਿਸ ਕਰਕੇ ਲੋਕਾਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਲਈ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਵਾਰ ਵਾਰ ਥੁੱਕਣ ਨਾਲ ਕੋਰੋਨਾ ਵਾਇਰਸ ਦੇ ਵਧਣ ਦਾ ਖ਼ਤਰਾ ਹੈ ਉੱਥੇ ਹੀ ਇਸ ਦੇ ਸੇਵਨ ਨਾਲ ਸਰੀਰ ਵਿਚ ਇਮੂਨਿਟੀ ਪਾਵਰ ਘੱਟ ਦੀ ਹੈ।
ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਅੱਗੇ ਦੱਸਿਆ ਕਿ ਅਜੋਕੇ ਸਮੇਂ ਵਿਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਤੰਬਾਕੂ ਦਾ ਸੇਵਨ ਬਹੁਤ ਹੀ ਹਾਨੀਕਾਰਕ ਤਾਂ ਹੈ ਹੀ ਇਸ ਤੋਂ ਇਲਾਵਾ ਵੀ ਤੰਬਾਕੂ ਸੇਵਨ ਸਮੁੱਚੇ ਮਨੁੱਖੀ ਸਰੀਰ ਤੇ ਬਹੁਤ ਮਾੜੇ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦੀ ਵਰਤੋਂ ਨਾਲ ਦਿਲ, ਦਿਮਾਗ਼, ਗੁਰਦਿਆਂ, ਮਿਹਦੇ , ਸਾਹ ਪ੍ਰਣਾਲੀ ਅਤੇ ਪ੍ਰਜਨਣ ਪ੍ਰਣਾਲੀ ਤੇ ਮਾਰੂ ਪ੍ਰਭਾਵ ਪੈਂਦੇ ਹਨ। ਤੰਬਾਕੂ ਸੇਵਨ ਮੂੰਹ ਅਤੇ ਫੇਫੜਿਆਂ ਦੇ ਕੈਂਸਰ ਦਾ ਕਾਰਨ ਵੀ ਬਣਦਾ ਹੈ। ਤੰਬਾਕੂ ਸੇਵਨ ਨਾਲ ਸਰੀਰ ਦੀ ਇਮੂਨਿਟੀ ਘਟਦੀ ਹੈ ਅਤੇ ਇਸ ਦਾ ਲੰਬਾ ਸਮਾਂ ਸੇਵਨ ਸਮੁੱਚੀ ਸਿਹਤ ਵਿੱਚ ਨਿਘਾਰ ਦਾ ਕਾਰਨ ਬਣਦਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਕੋਟਪਾ ਐਕਟ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਢੁਕਵੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ ਤੇ ਤੰਬਾਕੂ ਸੇਵਨ ਇੱਕ ਸਜ਼ਾਯੋਗ ਅਪਰਾਧ ਹੈ ਅਤੇ ਵਿਭਾਗ ਵੱਲੋਂ ਸਮੇਂ ਸਮੇਂ ਤੇ ਇਸ ਸਬੰਧੀ ਚਲਾਨ ਵੀ ਕੱਟੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਤੰਬਾਕੂ ਸੇਵਨ ਛੁਡਾਉਣ ਲਈ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮੁਫ਼ਤ ਉਪਲੱਬਧ ਹਨ। ਇੱਥੇ ਮੁਫ਼ਤ ਕਾਊਂਸਲਿੰਗ ਅਤੇ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਕੋਈ ਵੀ ਵਿਅਕਤੀ ਮਜ਼ਬੂਤ ਇੱਛਾ ਸ਼ਕਤੀ ਅਤੇ ਡਾਕਟਰੀ ਇਲਾਜ ਨਾਲ ਤੰਬਾਕੂ ਸੇਵਨ ਦੀ ਭੈੜੀ ਆਦਤ ਤੋਂ ਛੁਟਕਾਰਾ ਪਾ ਸਕਦਾ ਹੈ।