ਵਿਧਾਇਕ ਦਹੀਯਾ ਨੇ ਕਿਸਾਨਾਂ ਨੂੰ ਖਾਦ ਤੇ ਖੇਤੀਬਾੜੀ ਦੇ ਸੰਦਾਂ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਲਈ ਸਹਿਕਾਰੀ ਸਭਾਵਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਵਿਧਾਇਕ ਦਹੀਯਾ ਨੇ ਕਿਸਾਨਾਂ ਨੂੰ ਖਾਦ ਤੇ ਖੇਤੀਬਾੜੀ ਦੇ ਸੰਦਾਂ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਉਣ ਲਈ ਸਹਿਕਾਰੀ ਸਭਾਵਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਪਰਾਲੀ ਦੇ ਸਹੀ ਪ੍ਰਬੰਧਨ ਅਤੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣ ਖੇਤੀਬਾੜੀ ਦੇ ਆਧੁਨਿਕ ਸੰਦ
ਫਿਰੋਜ਼ਪੁਰ 10 ਅਕਤੂਬਰ 2023. ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਯਾ ਨੇ ਹਲਕੇ ਅੰਦਰ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਨਿਰਵਿਘਨ ਸਪਲਾਈ ਤੇ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਸਹਿਕਾਰੀ ਸਭਾਵਾਂ ਵਿਭਾਗ ਫਿਰੋਜ਼ਪੁਰ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ। ਇਸ ਮੌਕੇ ਡਿਪਟੀ ਡਾਇਰੈਕਟਰ ਸਹਿਕਾਰੀ ਸਭਾਵਾਂ ਸੰਧਿਆ ਸ਼ਰਮਾ ਅਤੇ ਸਹਾਇਕ ਰਜਿਸਟਰਾਰ ਸ. ਸਰਵਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਦਹੀਯਾ ਨੇ ਮੀਟਿੰਗ ਦੌਰਾਨ ਕਿਹਾ ਕਿ ਜੇਕਰ ਸਾਡਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਪੰਜਾਬ ਖੁਸ਼ਹਾਲ ਹੋਵੇਗਾ, ਇਸ ਲਈ ਕਿਸਾਨਾਂ ਨੂੰ ਹਲਕੇ ਅੰਦਰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਤੇ ਕਣਕ ਦੀ ਬਿਜਾਈ ਸਮੇਂ ਖਾਦ ਦੀ ਸਪਲਾਈ ਨਿਰਵਿਘਨ ਕਿਸਾਨਾਂ ਨੂੰ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕੋਆਪ੍ਰੇਟਿਵ ਸੁਸਾਇਟੀਆਂ ਰਾਹੀਂ ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਆਧੁਨਿਕ ਸੰਦ ਮੁਹੱਈਆ ਕਰਵਾਏ ਜਾਣ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਖਾਦ ਦੀ ਕਾਲਾ ਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਲਕੇ ਦੇ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ। ਇਸ ਮੌਕੇ ਸ੍ਰੀ ਰੌਬੀ ਸੰਧੂ, ਸ. ਲਖਵੀਰ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਹਲਕੇ ਅੰਦਰ ਆਉਂਦੀਆਂ 45 ਕੋਆਪ੍ਰੇਟਿਵ ਸੁਸਾਇਟੀਆਂ ਦੇ ਸਕੱਤਰ ਅਤੇ ਪ੍ਰਧਾਨ ਹਾਜ਼ਰ ਸਨ।