Ferozepur News

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਰੇ ਕੇ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਰੇ ਕੇ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

  • ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,43,540 ਮੀਟਰਕ ਟਨ ਝੋਨੇ ਦੀ ਹੋਈ ਖ਼ਰੀਦ
  • ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦੀ ਫਸਲ ਦੀ 986.40 ਕਰੋੜ ਰੁਪਏ ਦੀ ਹੋਈ ਅਦਾਇਗੀ      
  • ਕਿਸਾਨਾਂ ਨੂੰ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ    

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਰੇ ਕੇ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖਰੀਦ ਕੇਂਦਰਾਂ ਦਾ ਦੌਰਾ

ਫਿਰੋਜ਼ਪੁਰ 27 ਅਕਤੂਬਰ 2023…

         ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਆਈ.ਏ.ਐੱਸ ਵੱਲੋਂ ਪਿੰਡ ਬਾਰੇ ਕੇ ਸਮੇਤ ਜ਼ਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਝੋਨੇ ਦੀ ਖਰੀਦ, ਲਿਫਟਿੰਗ, ਅਦਾਇਗੀ ਆਦਿ ਬਾਰੇ ਅਧਿਕਾਰੀਆਂ, ਆੜ੍ਹਤੀਆਂ ਤੇ ਕਿਸਾਨਾਂ ਆਦਿ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਵੀ ਦਿੱਤੇ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੱਲ੍ਹ ਸ਼ਾਮ ਤੱਕ 5 ਲੱਖ 48 ਹਜ਼ਾਰ 809 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 5 ਲੱਖ 43 ਹਜ਼ਾਰ 540 ਮੀਟਰਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ ਅਤੇ 2 ਲੱਖ 85 ਹਜ਼ਾਰ 276 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਖਰੀਦ ਕੀਤੇ ਗਏ ਕੁਲ ਝੋਨੇ ਵਿਚੋਂ ਪਨਗ੍ਰੇਨ ਵੱਲੋਂ 1,96,758 ਮੀਟਰਕ ਟਨ, ਮਾਰਕਫੈੱਡ ਵਲੋਂ 1,46,243  ਮੀਟਰਕ ਟਨ, ਪਨਸਪ ਵੱਲੋਂ 1,30,373 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 66,080 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 4086 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਈ ਕੁੱਲ ਫ਼ਸਲ ਵਿੱਚੋਂ 99 ਫੀਸਦੀ ਖ਼ਰੀਦੀ ਜਾ ਚੁੱਕੀ ਹੈ ਅਤੇ ਹੁਣ ਤੱਕ 986.40 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਗਈ ਹੈ।

          ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ ਮੰਡੀਆਂ ਵਿੱਚ ਕੀਤੇ ਖ਼ਰੀਦ ਪ੍ਰਬੰਧਾਂ ‘ਤੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਸਾਨਾਂ ਨੂੰ ਜ਼ਿਲ੍ਹੇ ਦੇ ਅਗਾਂਹ ਵਧੂ ਕਿਸਾਨਾਂ ਤੋਂ ਸੇਧ ਲੈ ਕੇ ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾ ਕੇ ਪਰਾਲੀ ਦਾ ਨਿਪਟਾਰਾ ਆਧੁਨਿਕ ਸੰਦਾਂ ਨਾਲ ਜਮੀਨ ਵਿੱਚ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਵਾਤਾਵਰਨ ਦੀ ਸ਼ੁੱਧਤਾ ਕਾਇਮ ਰਹੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇ।

          ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬਲਰਾਜ ਸਿੰਘ ਕਟੋਰਾ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਰਾਜ ਰਿਸ਼ੀ ਮਹਿਰਾ, ਮਾਨ ਸਿੰਘ ਆਮੇਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।

 

Related Articles

Leave a Reply

Your email address will not be published. Required fields are marked *

Back to top button