ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਦੇ ਮੁਕਾਬਲੇ
ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਦੇ ਮੁਕਾਬਲੇ
ਫਿਰੋਜ਼ਪੁਰ, ਅਗਸਤ 9, 2024: ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਦੀ ਸਰਪ੍ਰਸਤੀ ਅਧੀਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਮਿਤੀ 8 ਅਗਸਤ 2024 ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ‘ਪੰਜਾਬੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ’ ਦੇ ਮੁਕਾਬਲੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਅਤੇ ਕਲਾਤਮਿਕ ਰੁਚੀਆਂ ਵਿੱਚ ਪ੍ਰਫੁੱਲਤਾ ਪੈਦਾ ਕਰਨਾ ਹੈ। ਸਾਹਿਤ ਸਿਰਜਨ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਮੌਕੇ ‘ਤੇ ਦਿੱਤੇ ਹੋਏ ਵਿਸ਼ੇ ਉੱਪਰ ਕਵਿਤਾ, ਕਹਾਣੀ ਅਤੇ ਲੇਖ ਲਿਖੇ। ਕਾਵਿ-ਸਿਰਜਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਤਰਣਪ੍ਰੀਤ ਕੌਰ ਡੀ. ਡੀ. ਬੀ. ਡੀ.ਏ.ਵੀ. ਸੈਨਟਨਰੀ ਪਬਲਿਕ ਸਕੂਲ, ਫ਼ਿਰੋਜ਼ਪੁਰ ਛਾਉਣੀ , ਦੂਸਰਾ ਸਥਾਨ ਪ੍ਰਭਦੀਪ ਸਿੰਘ ਸੰਧੂ ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਅਤੇ ਤੀਸਰਾ ਸਥਾਨ ਮਨਜੋਤ ਕੌਰ ਸਰਕਾਰੀ ਹਾਈ ਸਕੂਲ ਦੁਲਚੀ ਕੇ ਨੇ ਪ੍ਰਾਪਤ ਕੀਤਾ। ਕਹਾਣੀ ਸਿਰਜਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਮਨਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਵਾਹਗੇ ਵਾਲਾ, ਦੂਸਰਾ ਸਥਾਨ ਨਵਨੀਤ ਕੌਰ ਸਰਕਾਰੀ ਹਾਈ ਸਕੂਲ ਵਾਹਗੇ ਵਾਲਾ ਅਤੇ ਤੀਸਰਾ ਸਥਾਨ ਦੇਵਾਂਸ਼ੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਨੇ ਪ੍ਰਾਪਤ ਕੀਤਾ।
ਲੇਖ ਸਿਰਜਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਸ਼ਾਹ, ਦੂਸਰਾ ਸਥਾਨ ਰਜਨੀ ਸਰਕਾਰੀ ਹਾਈ ਸਕੂਲ ਦੁਲਚੀ ਕੇ ਅਤੇ ਤੀਸਰਾ ਸਥਾਨ ਸੁਖਮਨੀ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਨੇ ਪ੍ਰਾਪਤ ਕੀਤੇ।
ਮੁਕਾਬਲਿਆਂ ਦੇ ਦੂਜੇ ਪੜਾਅ ਵਿੱਚ ਕਵਿਤਾ ਗਾਇਨ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਕਰਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੀ ਨੇ ਪਦਮ ਸ਼੍ਰੀ ਸੁਰਜੀਤ ਪਾਤਰ ਜੀ ਦੀ ਕਵਿਤਾ ਪੇਸ਼ ਕਰਕੇ ਪ੍ਰਾਪਤ ਕੀਤਾ, ਦੂਸਰਾ ਸਥਾਨ ਸੰਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੀ ਨੇ ਸ਼ਿਵ ਕੁਮਾਰ ਬਟਾਲਵੀ ਦੀ ਕਵਿਤਾ ਪੇਸ਼ ਕਰਕੇ ਪ੍ਰਾਪਤ ਕੀਤਾ ਅਤੇ ਤੀਸਰਾ ਸਥਾਨ ਹਰਮਨਜੀਤ ਕੌਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ ਨੇ ਹਰਭਜਨ ਸਿੰਘ ਹੁੰਦਲ ਦੀ ਕਵਿਤਾ ਪੇਸ਼ ਕਰਕੇ ਪ੍ਰਾਪਤ ਕੀਤੇ। ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਭਾਸ਼ਾ ਡਾ. ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਸਾਹਿਤ ਮਨੁੱਖ ਨੂੰ ਮਨੁੱਖ ਬਣਾਉਣ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦਾ ਹੈ ਅਤੇ ਅਜਿਹੇ ਸਾਹਿਤਕ ਅਤੇ ਕਲਾਤਮਿਕ ਉਪਰਾਲੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਮੁੱਖ ਮਹਿਮਾਨ ਵਜੋਂ ਪਹੁੰਚੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਪ੍ਰਗਟ ਸਿੰਘ ਬਰਾੜ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲਾ ਦੇ ਖੇਤਰ ਵਿੱਚ ਵੀ ਵਿਦਿਆਰਥੀ ਬਹੁਤ ਵੱਡੀਆਂ ਬੁਲੰਦੀਆਂ ਪ੍ਰਾਪਤ ਕਰ ਸਕਦੇ ਹਨ। ਉਹਨਾਂ ਨੇ ਬਹੁਤ ਸਾਰੇ ਕਲਾਕਾਰਾਂ ਦੇ ਹਵਾਲੇ ਨਾਲ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਦੀ ਮੈਨੇਜ਼ਮੈਂਟ ਕਮੇਟੀ ਦੇ ਪ੍ਰਧਾਨ ਸ. ਸਤਿੰਦਰਜੀਤ ਸਿੰਘ ਅਤੇ ਚੇਅਰਮੈਨ ਸ. ਜਸਜੀਤ ਸਿੰਘ ਮਲਿਕ ਵੀ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪਹੁੰਚੇ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਵਿਦਿਆਰਥੀਆਂ ਦੀਆਂ ਸਾਹਿਤਿਕ ਅਤੇ ਕਲਾਤਮਿਕ ਰੁਚੀਆਂ ਦਾ ਨਿਰੀਖਣ ਸਾਹਿਤ ਅਤੇ ਕਲਾ ਜਗਤ ਦੀਆਂ ਮਾਣਮੱਤੀਆਂ ਸ਼ਖਸ਼ੀਅਤਾਂ ਨੇ ਕੀਤਾ ।
ਨਿਰੀਖਕ ਪੈਨਲ ਵਿੱਚ ਕਹਾਣੀ ਅਤੇ ਆਲੋਚਨਾ ਦੇ ਵਿਦਵਾਨ ਡਾ. ਅੰਮ੍ਰਿਤਪਾਲ ਕੌਰ ਸਹਾਇਕ ਪ੍ਰੋਫ਼ੈਸਰ ਡੀ.ਏ.ਵੀ. ਕਾਲਜ ਫ਼ਿਰੋਜ਼ਪੁਰ ਛਾਉਣੀ, ਪੰਜਾਬੀ ਕਾਵਿ-ਜਗਤ ਦੇ ਮਾਣ ਗ਼ਜ਼ਲਗੋ ਮੀਨਾ ਮਹਿਰੋਕ ਅਤੇ ਪ੍ਰੀਤ ਜੱਗੀ ਤੋਂ ਇਲਾਵਾ ਡਾ. ਰਜਨੀ ਜੱਗਾ ਲੈਕਚਰਾਰ ਪੰਜਾਬੀ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫ਼ਿਰੋਜ਼ਪੁਰ ਛਾਉਣੀ ਪਹੁੰਚੇ। ਮੰਚ ਸੰਚਾਲਨ ਦੀ ਭੂਮਿਕਾ ਉੱਘੇ ਭਾਸ਼ਾ ਚਿੰਤਕ ਡਾ. ਰਾਮੇਸ਼ਵਰ ਸਿੰਘ ਕਟਾਰਾ ਨੇ ਬਹੁਤ ਹੀ ਢੁੱਕਵੇਂ ਅਤੇ ਸਾਹਿਤਕ ਅੰਦਾਜ਼ ਵਿੱਚ ਨਿਭਾਈ।
ਇਹਨਾਂ ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਸਿਮਰਤ ਕੌਰ ਬੇਦੀ ਦੀ ਅਗਵਾਈ ਵਿੱਚ ਕਾਰਜਕਾਰੀ ਪ੍ਰਿੰਸੀਪਲ ਚਰਨਜੀਤ ਕੌਰ, ਪ੍ਰੀਤ ਕਮਲ ਕੌਰ, ਰਾਜਵਿੰਦਰ ਕੌਰ, ਪਰਮਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਅਤੇ ਸਹਿਯੋਗ ਰਿਹਾ। ਸਮਾਗਮ ਦੇ ਪ੍ਰਬੰਧਨ, ਵਿਉਂਤਬੰਦੀ ਅਤੇ ਨੇਪਰੇ ਚਾੜ੍ਹਨ ਵਿੱਚ ਖੋਜ ਅਫ਼ਸਰ ਸ. ਦਲਜੀਤ ਸਿੰਘ, ਜੂਨੀਅਰ ਸਹਾਇਕ ਸ. ਨਵਦੀਪ ਸਿੰਘ, ਰਵੀ ਕੁਮਾਰ ਅਤੇ ਦੀਪਕ ਕੁਮਾਰ ਦਾ ਕਾਰਜ ਸ਼ਲਾਘਾਯੋਗ ਰਿਹਾ।
ਇਸ ਮੌਕੇ ‘ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਤੋਂ ਸੁਖਚੈਨ ਸਿੰਘ ਸਟੈਨੋ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ।