ਐਸਬੀਐਸ ਸਟੇਟ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਨੇ ਯੂਜੀਸੀ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਾ ਕਰਨ ਨੂੰ ਲੈ ਕੇ ਵੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ; ਹੜਤਾਲ 39ਵੇਂ ਦਿਨ ਵਿੱਚ ਦਾਖਲ
ਐਸਬੀਐਸ ਸਟੇਟ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਨੇ ਯੂਜੀਸੀ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਾ ਕਰਨ ਨੂੰ ਲੈ ਕੇ ਵੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ; ਹੜਤਾਲ 39ਵੇਂ ਦਿਨ ਵਿੱਚ ਦਾਖਲ
ਫਿਰੋਜ਼ਪੁਰ , 23-10-2024: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਫੈਕਲਟੀ ਮੈਂਬਰਾਂ ਵੱਲੋਂ ਯੂਜੀਸੀ ਦੇ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਧਰਨਾ ਅੱਜ 39ਵੇਂ ਦਿਨ ਵਿੱਚ ਦਾਖਲ ਹੋ ਗਿਆ। ਫੈਕਲਟੀ ਮੈਂਬਰਾਂ ਨੇ ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਇਕੱਠੇ ਹੋ ਕੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਨਾਅਰੇਬਾਜ਼ੀ ਕੀਤੀ।
ਤਨਖ਼ਾਹ ਕਮਿਸ਼ਨ ਨੂੰ ਲਾਗੂ ਨਾ ਕਰਨ ਦੇ ਨਾਲ-ਨਾਲ ਧਰਨਾਕਾਰੀ ਉਨ੍ਹਾਂ ਦੀਆਂ ਬਕਾਇਆ ਤਨਖ਼ਾਹਾਂ ਜਾਰੀ ਕਰਨ ਦੀ ਵੀ ਮੰਗ ਕਰ ਰਹੇ ਹਨ, ਜੋ ਪਿਛਲੇ ਪੰਜ ਮਹੀਨਿਆਂ ਤੋਂ ਨਹੀਂ ਮਿਲੀਆਂ | ਲੰਬੀ ਹੜਤਾਲ ਕਾਰਨ ਰਾਜ ਭਰ ਵਿੱਚ ਤਕਨੀਕੀ ਸਿੱਖਿਆ ਪੂਰੀ ਤਰ੍ਹਾਂ ਠੱਪ ਹੋ ਗਈ ਹੈ, ਕਿਉਂਕਿ ਚਾਰ ਪ੍ਰਮੁੱਖ ਤਕਨੀਕੀ ਸੰਸਥਾਵਾਂ-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ (ਫਿਰੋਜ਼ਪੁਰ), ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ (ਕਪੂਰਥਲਾ), ਐਮਆਰਐਸ ਪੰਜਾਬ ਟੈਕਨੀਕਲ ਯੂਨੀਵਰਸਿਟੀ (ਬਠਿੰਡਾ) ਦੇ ਫੈਕਲਟੀ ਮੈਂਬਰਾਂ ਅਤੇ ਮਲੋਟ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਲੋਟ)- ਨੇ 21 ਅਕਤੂਬਰ, 2024 ਤੋਂ ਪੂਰੀ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਹੋਈ ਹੈ ।
ਇੰਜਨੀਅਰਿੰਗ ਕਾਲਜ ਟੀਚਰਜ਼ ਐਸੋਸੀਏਸ਼ਨ (ਈਕਟਾ) ਦੇ ਪ੍ਰਧਾਨ ਡਾ: ਦਪਿੰਦਰ ਦੀਪ ਸਿੰਘ ਨੇ ਸਰਕਾਰ ਦੀ ਲਗਾਤਾਰ ਅਣਗਹਿਲੀ ‘ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਜਦੋਂ ਕਿ ਬਾਕੀ ਸਾਰੇ ਰਾਜ ਦੇ ਕਰਮਚਾਰੀਆਂ ਨੂੰ ਸੋਧੇ ਹੋਏ ਤਨਖਾਹ ਸਕੇਲ ਦਿੱਤੇ ਗਏ ਹਨ, ਇਨ੍ਹਾਂ ਤਕਨੀਕੀ ਸੰਸਥਾਵਾਂ ਦੇ ਫੈਕਲਟੀ ਮੈਂਬਰਾਂ ਨੂੰ ਇਸ ਤੋਂ ਵਾਂਝੇ ਰੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਤਕਨੀਕੀ ਅਦਾਰਿਆਂ ਵਿੱਚ ਮੁਕੰਮਲ ਹੜਤਾਲ ਦੇ ਬਾਵਜੂਦ ਸਰਕਾਰ ਕੋਈ ਠੋਸ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਫੈਕਲਟੀ ਮੈਂਬਰਾਂ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਆਪਣਾ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।