Ferozepur News

ਵਿਧਾਇਕ ਰਣਬੀਰ ਸਿੰਘ ਭੁੱਲਰ, ਐਸਡੀਐਮ ਦਿਵਯਾ ਪੀ ਨੇ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੈਗਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਸਹਿਯੋਗ - ਭੁੱਲਰ

ਵਿਧਾਇਕ ਰਣਬੀਰ ਸਿੰਘ ਭੁੱਲਰ, ਐਸਡੀਐਮ ਦਿਵਯਾ ਪੀ ਨੇ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੈਗਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਸਹਿਯੋਗ – ਭੁੱਲਰ

– ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਪੰਚਾਂ/ਸਰਪੰਚਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਐਨ.ਜੀ.ਓਜ਼ ਦੇ ਨੂਮਾਂਇੰਦਿਆਂ ਨੇ ਲਿਆ ਭਾਗ

– ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਦਾ ਕਰਾਇਆ ਪ੍ਰਣ

ਵਿਧਾਇਕ ਰਣਬੀਰ ਸਿੰਘ ਭੁੱਲਰ, ਐਸਡੀਐਮ ਦਿਵਯਾ ਪੀ ਨੇ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੈਗਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਿਰੋਜ਼ਪੁਰ, 22 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਵਿੱਚ ਜਾਗਰੂਕਤਾ ਲਹਿਰ ਨੂੰ ਪ੍ਰਭਾਵਸ਼ਾਲੀ ਬਣਾਉਣ ਅਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਐਸਡੀਐਮ ਫਿਰੋਜ਼ਪੁਰ ਦਿਵਯਾ ਪੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਕੰਟੋਨਮੈਂਟ ਸਟੇਡੀਅਮ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਖ਼ਤਮ ਹੋਈ। ਰੈਲੀ ਸ਼ੁਰੂ ਹੋਣ ਤੋਂ ਸਟੇਡੀਅਮ ਵਿਖੇ ਵਿਦਿਆਰੀਆਂ ਅਤੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਲਈ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਐਸ.ਐਸ.ਪੀ. ਫ਼ਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

                ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਉਣਾ ਜਿਥੇ ਮੁੱਖ ਤਰਜ਼ੀਹ ਹੈ ਉਥੇ ਹੀ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿਚ ਲਿਆਂਦੀ ਤੇਜ਼ੀ ਅਤੇ ਸਬੰਧਤ ਵਿਭਾਗਾਂ ਦੀ ਸਰਗਰਮ ਭੂਮਿਕਾ ਸਦਕਾ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕਾ ਕੋਈ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ, ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਜਾਂ ਸਬੰਧਤ ਅਧਿਕਾਰੀਆਂ ਨਾਲ ਰਾਬਤਾ ਕਰ ਸਕਦਾ ਹੈ ਤਾਂ ਜੋ ਸੁਚੱਜੇ ਢੰਗ ਨਾਲ ਉਸ ਨੂੰ ਇਸ ਅਲਾਮਤ ’ਚੋਂ ਕੱਢਿਆ ਜਾ ਸਕੇ। ਅੱਜ ਦੀ ਇਸ ਰੈਲੀ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਵਿਭਾਗਾਂ, ਸਮਾਜਿਕ ਜਥੇਬੰਦੀਆਂ, ਐਨ.ਜੀ.ਓਜ਼., ਵਿਦਿਆਰਥੀਆਂ ਆਦਿ ਵੱਲੋਂ ਵੱਡੀ ਗਿਣਤੀ ਵਿੱਚ ਬੈਨਰ ਅਤੇ ਤਖਤੀਆਂ ਫੜ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ।

                ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਮੈਗਾ ਰੈਲੀ ਵਿੱਚ ਲੱਗਭਗ 5000 ਤੋਂ ਵੱਧ ਵਿਦਿਆਰਥੀਆਂ, ਪੰਚਾਂ, ਸਰਪੰਚਾਂ, ਸਮਾਜ ਸੇਵੀ ਸੰਸਥਾਵਾਂ ਦੇ ਨੂਮਾਂਇੰਦਿਆਂ, ਪ੍ਰਸ਼ਾਸਨਿਕ ਅਧਿਕਾਰੀਆਂ ਕਰਮਚਾਰੀਆਂ, ਯੁਵਕ ਕਲੱਬਾਂ ਅਤੇ ਆਮ ਲੋਕਾਂ ਨੇ ਉਤਸ਼ਾਹ ਤੇ ਜੋਸ਼ ਨਾਲ ਹਿੱਸਾ ਲਿਆ, ਜਿਸ ਤੋਂ ਪਤਾ ਲਗਦਾ ਹੈ ਕਿ ਲੋਕ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਫ਼ਿਰੋਜ਼ਪੁਰ ਤੋਂ ਇਲਾਵਾ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਸਮੇਤ ਹੋਰ ਵਿਭਾਗ ਵੀ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਵਿਭਾਗਾਂ ਵੱਲੋਂ ਨਿਯਮਿਤ ਤੌਰ ਤੇ ਕੈਂਪ, ਜਾਗਰੂਕਤਾ ਸਭਾਵਾਂ, ਨਾਟਕ, ਭਾਸ਼ਣ, ਗੀਤ, ਪੇਂਟਿੰਗ, ਖੇਡਾਂ ਆਦਿ ਦੇ ਮੁਕਾਬਲਿਆਂ ਦਾ ਆਯੋਜਨ ਕਰਵਾ ਕੇ ਸਕੂਲੀ ਵਿਦਿਆਰਥੀਆਂ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

          ਐਸ.ਡੀ.ਐਮ. ਦਿਵਯਾ ਪੀ. ਨੇ ਦੱਸਿਆ ਕਿ ਇਸ ਰੈਲੀ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਕੰਸਟੀਚੂਐਂਟ ਕਾਲਜ, ਦੇਵ ਸਮਾਜ ਕਾਲਜ, ਆਰ.ਐਸ.ਡੀ. ਕਾਲਜ, ਗੁਰੂ ਨਾਨਕ ਕਾਲਜ, ਐਸ.ਬੀ.ਐਸ. ਨਰਸਿੰਗ ਕਾਲਜ ਅਤੇ ਜੈਨਸਿਸ ਡੈਂਟਲ ਕਾਲਜ ਤੋਂ ਇਲਾਵਾ 15 ਤੋਂ ਵੱਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।  ਅੰਤ ਵਿੱਚ ਐਸ.ਡੀ.ਐਮ. ਦਿਵਯਾ ਪੀ. ਵੱਲੋਂ ਰੈਲੀ ਵਿੱਚ ਭਾਗ ਲੈਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

                ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ  (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ, ਐਲਡੀਐਮ ਗੀਤਾ ਮਹਿਤਾ, ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਕੋਆਰਡੀਨੇਟਰ, ਅਸ਼ਵਿੰਦਰ ਸਿੰਘ ਵੋਕੇਸ਼ਨਲ ਕੋਆਰਡੀਨੇਟਰ, ਅਕਸ਼ ਕੁਮਾਰ, ਗਗਨ ਮਾਟਾ, ਜ਼ਿਲ੍ਹਾ ਰੈੱਡ ਕਰਾਸ ਸੰਸਥਾ ਤੋਂ ਸੁਨੀਲ ਸ਼ਰਮਾ, ਹਿਮਾਂਸ਼ੂ ਠੱਕਰ, ਮਨਪ੍ਰੀਤ ਸਿੰਘ, ਪੰਚ/ਸਰਪੰਚ ਸਾਹਿਬਾਨ ਤੋਂ ਇਲਾਵਾ ਸਿੱਖਿਆ ਸੰਸਥਾਵਾਂ, ਯੁਵਕ ਸੰਸਥਾਵਾਂ ਤੇ ਐਨ.ਜੀ.ਓ ਦੇ ਨੁਮਾਇੰਦੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button