ਡੀਸੀ ਫਿਰੋਜ਼ਪੁਰ ਵਲੋਂ ਪੰਜਾਬ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
ਡੀਸੀ ਫਿਰੋਜ਼ਪੁਰ ਵਲੋਂ ਪੰਜਾਬ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ
ਫਿਰੋਜ਼ਪੁਰ, 19 ਮਈ 2025: ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਵੱਲੋਂ ਅੱਜ 12ਵੀਂ ਜਮਾਤ ਦੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਲਏ ਗਏ ਸੈਸ਼ਨ 2024-25 ਦੇ ਇਮਤਿਹਾਨਾਂ ਵਿੱਚ ਪੰਜਾਬ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਦਫ਼ਤਰ ਵਿੱਚ ਬੁਲਾ ਕੇ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਵਿੱਚ ਵਿਦਿਆਰਥੀ ਮਨਵੀਰ ਕੌਰ (99.60% ਨੰਬਰ, ਪੰਜਾਬ ਵਿੱਚ ਦੂਜੀ ਪੁਜੀਸ਼ਨ) ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕੱਸੋਆਣਾ ਅਤੇ ਸੋਨਾਖਸ਼ੀ (99.40%,ਸਰਕਾਰੀ ਸਕੂਲਾਂ ਵਿੱਚੋਂ ਪੂਰੇ ਪੰਜਾਬ ਵਿੱਚੋਂ ਪਹਿਲੀ ਪੁਜੀਸ਼ਨ) ਸਕੂਲ ਆਫ ਐਮੀਨੈਂਸ, ਫਿਰੋਜ਼ਪੁਰ ਸਿਟੀ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਮਿਹਨਤ, ਸਮਰਪਣ ਅਤੇ ਉੱਚ ਆਦਰਸ਼ਾਂ ਦੀ ਖੁਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇੰਝ ਹੀ ਉਪਲਬਧੀਆਂ ਹਾਸਲ ਕਰਨ ਦੀ ਅਸੀਸ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਮਾਪਿਆਂ ਅਤੇ ਸਕੂਲਾਂ ਲਈ ਹੀ ਨਹੀਂ, ਸਗੋਂ ਪੂਰੇ ਜ਼ਿਲ੍ਹੇ ਦਾ ਮਾਣ ਹਨ। ਉਨ੍ਹਾਂ ਨੇ ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨਾਂ, ਕੰਵਲਜੀਤ ਸਿੰਘ ਪ੍ਰਿੰਸੀਪਲ ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਸੋਆਣਾ ਅਤੇ ਰਾਜੇਸ਼ ਮਹਿਤਾ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਫਿਰੋਜ਼ਪੁਰ ਸਿਟੀ ਨੂੰ ਵੀ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਆਗਵਾਈ ਹੇਠ ਕੀਤੇ ਗਏ ਉੱਦਮ ਦੀ ਸਾਰਾਹਨਾ ਕੀਤੀ।
ਇਸ ਮੌਕੇ ਮੁਨੀਲਾ ਅਰੋੜਾ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਪਲਬਧੀ ਲਈ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੀ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ।