Ferozepur News
ਆਈ.ਏ.ਐੱਸ. ਅਤੇ ਵਰਤਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਕੂਲ ਆਫ਼ ਐਮੀਨੈੱਸ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਕੜੀ ਮਿਹਨਤ ਨਾਲ ਹਾਸਲ ਕੀਤਾ ਜਾ ਸਕਦਾ ਹੈ ਲਕਸ਼ : ਆਈ.ਏ.ਐੱਸ. ਹਿਮਾਂਸ਼ੂ ਅਗਰਵਾਲ

ਕੜੀ ਮਿਹਨਤ ਨਾਲ ਹਾਸਲ ਕੀਤਾ ਜਾ ਸਕਦਾ ਹੈ ਲਕਸ਼ : ਆਈ.ਏ.ਐੱਸ. ਹਿਮਾਂਸ਼ੂ ਅਗਰਵਾਲ
ਵਧੀਆ ਭਵਿੱਖ ਬਣਾਉਣ ਦੇ ਲਈ ਅਧਿਆਪਕ ਅਤੇ ਮਾਤਾ-ਪਿਤਾ ਦਾ ਹੁੰਦਾ ਹੈ ਅਹਿਮ ਰੋਲ
ਆਈ.ਏ.ਐੱਸ. ਅਤੇ ਵਰਤਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਕੂਲ ਆਫ਼ ਐਮੀਨੈੱਸ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਫ਼ਿਰੋਜ਼ਪੁਰ, 20 ਮਈ, 2025: ਕੜੀ ਮਿਹਨਤ ਨਾਲ ਕਿਸੇ ਵੀ ਲਕਸ਼ ਨੂੰ ਹਾਸਲ ਕੀਤਾ ਜਾ ਸਕਦਾ ਹੈ। ਵਧੀਆ ਭਵਿੱਖ ਬਣਾਉਣ ਦੇ ਲਈ ਜਿੱਥੇ ਅਧਿਆਪਕ ਅਤੇ ਮਾਤਾ-ਪਿਤਾ ਦਾ ਅਹਿਮ ਰੋਲ ਹੁੰਦਾ ਹੈ ਉੱਥੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਖੁਦ ਦੀ ਮਿਹਨਤ ਇੱਕ ਨਾ ਇੱਕ ਦਿਨ ਜ਼ਰੂਰ ਕਾਮਯਾਬ ਹੁੰਦੀ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੀ ਵਸਨੀਕ ਆਈ.ਏ.ਐੱਸ. ਹਿਮਾਂਸ਼ੂ ਅਗਰਵਾਲ ਅਤੇ ਵਰਤਮਾਨ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਂਟਰਸ਼ਿਪ ਪ੍ਰੋਗਰਾਮ ਦੇ ਤਹਿਤ ਸਕੂਲ ਆਫ਼ ਐਮੀਨੈੱਸ ਵਿਖੇ ਵਿਦਿਆਰਥੀਆਂ ਦੇ ਰੂਬਰੂ ਹੋ ਕੇ ਮੁਲਾਕਾਤ ਕੀਤੀ ਅਤੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ. ਨਿੱਧੀ ਕੁਮੁਦ ਬੰਬਾਹ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੀ.ਸੈ.) ਸ੍ਰੀਮਤੀ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਸਕੂਲ ਪ੍ਰਿੰਸੀਪਲ ਰਾਜੇਸ਼ ਮਹਿਤਾ ਵੀ ਮੌਜੂਦ ਸਨ।
ਸਕੂਲ ਦੀ ਲਾਇਬ੍ਰੇਰੀ ਹਾਲ ਦੇ ਵਿੱਚ ਵਿਦਿਆਰਥੀਆਂ ਦੇ ਨਾਲ ਰੂਬਰੂ ਹੁੰਦੇ ਹੋਏ ਆਈ.ਏ.ਐੱਸ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਕੂਲ ਦੇ ਜੀਵਨ ਕਾਲ ਦੌਰਾਨ ਹੀ ਸਾਨੂੰ ਆਪਣੇ ਟੀਚੇ ਹਾਸਲ ਕਰਨ ਦੇ ਲਈ ਕੜੀ ਮਿਹਨਤ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਦਸਵੀਂ ਜਮਾਤ ਤੋਂ ਬਾਅਦ ਬਹੁਤ ਸਾਰੇ ਕੋਰਸ ਇਸ ਤਰ੍ਹਾਂ ਦੇ ਹੁੰਦੇ ਹਨ ਜੋ ਸਾਨੂੰ ਉੱਜਵਲ ਭਵਿੱਖ ਵੱਲ ਲੈ ਜਾਂਦੇ ਹਨ। ਇਸ ਲਈ ਸਾਨੂੰ ਸਕੂਲ ਦੇ ਅਧਿਆਪਕਾਂ ਅਤੇ ਰੁਚੀ ਦੇ ਅਨੁਸਾਰ ਆਰਟਸ, ਸਾਇੰਸ, ਕਾਮਰਸ ਅਤੇ ਮੈਡੀਕਲ ਦੇ ਵਿਸ਼ੇ ਚੁਣਨੇ ਚਾਹੀਦੇ ਹਨ ਅਤੇ ਜੋ ਵੀ ਲਕਸ਼ ਹੋਵੇ ਉਸ ਨੂੰ ਹਾਸਲ ਕਰਨ ਲਈ ਕੜੀ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਅਤੇ ਪੜ੍ਹਾਈ ਦੇ ਤਜ਼ਰਬੇ ਵੀ ਸਾਂਝੇ ਕੀਤੇ।
ਉਨ੍ਹਾਂ ਦੱਸਿਆ ਕਿ ਮੈਂਟਰਸ਼ਿਪ ਪ੍ਰੋਗਰਾਮ ਦੇ ਤਹਿਤ ਉਨ੍ਹਾਂ ਵੱਲੋਂ ਇਸ ਸਕੂਲ ਨੂੰ ਚੁਣਿਆ ਗਿਆ ਹੈ। ਇਸ ਦੇ ਤਹਿਤ ਵਿਦਿਆਰਥੀਆਂ ਨੂੰ ਜਿੱਥੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਵੇਗਾ ਉਥੇ ਸਕੂਲ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਸਕੂਲ ਸਟਾਫ਼, ਆਧਿਆਪਕਾਂ ਲਈ ਟ੍ਰੇਨਿੰਗ ਅਤੇ ਹੋਰ ਚੀਜ਼ਾਂ ਦਾ ਪ੍ਰਬੰਧ ਕਰਕੇ ਸਕੂਲ ਦੀ ਬਿਹਤਰੀ ਲਈ ਕਦਮ ਚੁੱਕੇ ਜਾਣਗੇ ਤਾਂ ਜੋ ਇਸ ਸਕੂਲ ਦੇ ਵਿਦਿਆਰਥੀ ਆਪਣੇ ਟੀਚੇ ਹਾਸਲ ਕਰ ਸਕਣ।
ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਆਪਣੇ ਉੱਜਵਲ ਭਵਿੱਖ ਲਈ ਆਈ.ਏ.ਐਸ. ਹਿਮਾਂਸ਼ੂ ਅਗਰਵਾਲ ਦੇ ਨਾਲ ਵਿਚਾਰ ਵਟਾਂਦਰਾ ਅਤੇ ਸਵਾਲ ਵੀ ਪੁੱਛੇ ਗਏ ਜਿਨ੍ਹਾਂ ਦਾ ਉਨ੍ਹਾਂ ਨੇ ਬਹੁਤ ਹੀ ਹਲੀਮੀ ਅਤੇ ਸਰਲ ਸ਼ਬਦਾਂ ਵਿੱਚ ਜਵਾਬ ਦਿੱਤੇ। ਉਨ੍ਹਾਂ ਬੱਚਿਆਂ ਨੂੰ ਐਨ.ਡੀ.ਏ. ਅਤੇ ਯੂ.ਪੀ.ਐੱਸ.ਸੀ. ਪ੍ਰੀਖਿਆਵਾਂ ਦੀਆਂ ਤਿਆਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2024-25 ਦੇ ਇਮਤਿਹਾਨਾਂ ਵਿੱਚ ਪੰਜਾਬ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਸੋਨਾਕਸ਼ੀ ਅਤੇ ਪਲਕਪ੍ਰੀਤ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ਼ ਦੇ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।