ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਚੇਅਰਮੈਨ ਚੰਦ ਸਿੰਘ ਗਿੱਲ, ਡਾ. ਅਮਨਦੀਪ ਕੌਰ ਗੋਸਲ ਨੇ ਵੀ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਦਿੱਤਾ ਸੱਦਾ
ਪਿੰਡ ਚਾਂਦੀ ਵਾਲਾ, ਝੁੱਗੇ ਛੀਨਾ ਸਿੰਘ, ਝੁੱਗੇ ਕੇਸਰ ਸਿੰਘ ਵਾਲਾ, ਭੱਦਰੂ, ਰੱਜੀ ਵਾਲਾ, ਹਸਤੀ ਵਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਖਿਲਾਫ ਜੰਗ ਲੜਨ ਲਈ ਕੀਤਾ ਪ੍ਰੇਰਿਤ
ਫ਼ਿਰੋਜ਼ਪੁਰ 30 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ।
‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋ ਰਹੀਆਂ ਇਹਨਾਂ ਜਾਗਰੂਕਤਾ ਸਭਾਵਾਂ ਦੀ ਲੜੀ ਵਿੱਚ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਭੱਦਰੂ, ਰੱਜੀ ਵਾਲਾ, ਹਸਤੀ ਵਾਲਾ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ। ਉਨਾਂ ਕਿਹਾ ਕਿ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਦਾ ਅਹਿਦ ਜੋ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ ਇਸ ਨੂੰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਰਾਜ ਵਾਸੀਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਤਹਿਤ ਨਾਜ਼ਾਇਜ਼ ਤਰੀਕੇ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਦੇ ਲਈ ਮਿੱਥੇ ਗਏ ਟੀਚੇ ਨੂੰ ਛੇਤੀ ਹੀ ਪੂਰਾ ਕਰਕੇ ਦਿਖਾਇਆ ਜਾਵੇਗਾ।
ਇਸੇ ਤਰ੍ਹਾਂ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਚਾਂਦੀ ਵਾਲਾ, ਝੁੱਗੇ ਛੀਨਾ ਸਿੰਘ, ਝੁੱਗੇ ਕੇਸਰ ਸਿੰਘ ਵਾਲਾ ਵਿਖੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ ਅਤੇ ਡਾ. ਅਮਨਦੀਪ ਕੌਰ ਗੋਸਲ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫਿਰੋਜ਼ਪੁਰ ਸ਼ਹਿਰੀ) ਨੇ ਵੀ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਦਾ ਸਫਾਇਆ ਕਰਨ ਲਈ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਇਸ ਮੌਕੇ ਪਿੰਡਾਂ ਦੇ ਨਿਵਾਸੀਆਂ ਨੂੰ ਨਸ਼ੇ ਦਾ ਖਾਤਮਾ ਕਰਨ ਦਾ ਪ੍ਰਣ ਵੀ ਕਰਵਾਇਆ ਗਿਆ।
ਇਸ ਦੌਰਾਨ ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਅਮਰਿੰਦਰ ਸਿੰਘ, ਸਲਵਿੰਦਰ ਸਿੰਘ ਐਮ.ਸੀ (ਵਾਰਡ ਨੰ 32), ਮਨਦੀਪ ਸਿੰਘ, ਗੁਰਭੇਜ ਸਿੰਘ, ਗੁਲਸ਼ਨ ਗੱਖੜ, ਮਨਜੀਤ ਸਿੰਘ ਨਿੱਕੂ, ਸੁਰਜੀਤ ਸਿੰਘ (ਬਲਾਕ ਪ੍ਰਧਾਨ), ਮਨਪ੍ਰੀਤ ਸਿੰਘ, ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।