ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ
ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਸਪੈਸ਼ਲ ਟੀਕਾਕਰਨ ਕੈਂਪ ਲਗਾਏ ਜਾਣਗੇ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ
— ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਸਪੈਸ਼ਲ ਟੀਕਾਕਰਨ ਕੈਂਪ ਲਗਾਏ ਜਾਣਗੇ : ਡਿਪਟੀ ਕਮਿਸ਼ਨਰ
— ਸਕੂਲਾਂ ਵਿੱਚ ਸ਼ੂਗਰ ਫ੍ਰੀ ਕੈਂਪੇਨ ਦੀ ਹੋਵੇਗੀ ਸ਼ੁਰੂਆਤ
ਫ਼ਿਰੋਜ਼ਪੁਰ 16 ਜੂਨ, 2025: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਫ਼ਿਰੋਜ਼ਪੁਰ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫ਼ਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ. ਦੇ ਨੁਮਾਇੰਦੇ ਹਾਜ਼ਰ ਸਨ।
ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫ਼ਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਏ.ਐਨ.ਸੀ. ਚੈੱਕਅਪ, ਟੀਕਾਕਰਨ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਆਦਿ ਬਾਰੇ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫ਼ਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ‘ਤੇ ਲਾਗੂ ਕਰਨਾ ਯਕੀਨੀ ਬਨਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਮੀਟਿੰਗ ਵਿੱਚ ਹਾਜ਼ਰ ਸਮੂਹ ਐਸ.ਐਮ.ਓਜ਼. ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਨੂੰ ਹਰ ਸੰਭਵ ਸਿਹਤ ਸਹੂਲਤਾਂ ਪ੍ਰਦਾਨ ਕੀਤੀਆ ਜਾਣ ਅਤੇ ਸਰਕਾਰੀ ਹਸਪਤਾਲਾਂ ਵਿੱਚ ਵੱਧ ਤੋ ਵੱਧ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸੰਬੰਧੀ ਸਪੈਸ਼ਲ ਕੈਂਪ ਲਗਾਏ ਜਾਣ ਤਾਂ ਜੋ ਕੋਈ ਵੀ ਬੱਚਾ ਕਿਸੇ ਕਾਰਨ ਤੋਂ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਕਿਹਾ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਰਾਹੀਂ ਸਕੂਲੀ ਬੱਚਿਆਂ ਨੂੰ ਗੈਰ-ਸੰਚਾਰੀ ਰੋਗ ਸ਼ੂਗਰ ਦੀ ਬਿਮਾਰੀ ਬਾਰੇ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇਗਾ ਅਤੇ ਸਕੂਲ ਖੁੱਲਣ ਉਪਰੰਤ ਸਕੂਲਾਂ ਵਿੱਚ ਸੂਗਰ ਫ੍ਰੀ ਕੈਂਪੇਨ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ੇ ਨਾਲ ਪੀੜਤ ਮਰੀਜਾਂ ਦੇ ਇਲਾਜ਼ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਓ.ਆਰ.ਐਸ. ਦੇ ਪੈਕਟ ਅਤੇ ਜ਼ਿੰਕ ਦੀ ਵੰਡ ਕੀਤੀ ਜਾਵੇਗੀ ਅਤੇ ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਓ.ਆਰ.ਐਸ. ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ। ਸਕੂਲਾਂ ਵਿੱਚ ਬੱਚਿਆਂ ਨੂੰ ਸਾਫ ਸਫਾਈ, ਹੱਥ ਧੋਣ ਦੇ ਤਰੀਕੇ ਆਦਿ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਡਬਲਿਊ.ਐਚ.ਓ. ਦੇ ਮੈਡੀਕਲ ਅਫ਼ਸਰ ਡਾ. ਮੇਘਾ ਪ੍ਰਕਾਸ਼ ਵੱਲੋਂ ਬੱਚਿਆਂ ਵਿੱਚ ਖਸਰਾ ਤੇ ਰੁਬੇਲਾ ਦੀ ਬਿਮਾਰੀ ਦੇ ਖ਼ਾਤਮੇ ਬਾਰੇ ਵਿਸਤਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਮੀਟਿੰਗ ਵਿੱਚ ਐਸ.ਪੀ. ਮੰਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਡਾ. ਸਤਿੰਦਰ ਸਿੰਘ, ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਮਨਦੀਪ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸਮੇਤ ਸਮੂਹ ਐਸ.ਐਮ.ਓਜ਼. ਮਜੂਦ ਸਨ।