ਡੀ.ਸੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਨਲਾਈਨ ਕਲਾਸਾਂ ਲਗਾਉਣ ਦੇ ਨਿਰਦੇਸ਼ ਜਾਰੀ
ਡੀ.ਸੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਨਲਾਈਨ ਕਲਾਸਾਂ ਲਗਾਉਣ ਦੇ ਨਿਰਦੇਸ਼ ਜਾਰੀ
ਫਿਰੋਜ਼ਪੁਰ, 22 ਅਗਸਤ, 2025: ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਦੀਪਸ਼ੀਖਾ ਸ਼ਰਮਾ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹੜ੍ਹ ਕਾਰਨ ਅਸਥਾਈ ਤੌਰ ‘ਤੇ ਬੰਦ ਸਕੂਲਾਂ ਲਈ ਆਨਲਾਈਨ ਕਲਾਸਾਂ ਸ਼ੁਰੂ ਕਰਨ ਦੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸਤਲੁਜ ਦਰਿਆ ਦੇ ਵਿੱਚ ਪਾਣੀ ਵਧਣ ਨਾਲ ਪ੍ਰਭਾਵਿਤ ਹੋਏ ਪਿੰਡਾਂ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਹੀਂ ਆਉਣਾ ਚਾਹੀਦਾ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਧਿਆਪਕਾਂ ਵੱਲੋਂ ਡਿਜਿਟਲ ਲੈਕਚਰ ਤਿਆਰ ਕਰਕੇ ਵਿਦਿਆਰਥੀਆਂ ਨੂੰ ਭੇਜੇ ਜਾਣ ਅਤੇ ਨਾਲ ਹੀ, ਵਟਸਐਪ ਗਰੁੱਪ, ਗੂਗਲ ਮੀਟ, ਜ਼ੂਮ ਆਦਿ ਪਲੇਟਫਾਰਮਾਂ ਰਾਹੀਂ ਵੀ ਕਲਾਸਾਂ ਲਗਾਈਆਂ ਜਾਣ। ਇਸ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਦੇ ਨਜ਼ਦੀਕੀ ਪਿੰਡਾਂ ਦੇ ਸਕੂਲਾਂ ਵਿੱਚ ਵੀ ਬੱਚਿਆਂ ਦੀ ਪੜ੍ਹਾਈ ਦੇ ਬਦਲਵੇਂ ਪ੍ਰਬੰਧ ਕੀਤੇ ਜਾ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਜਿੰਨਾਂ ਵਿੱਚ ਕਾਲੂ ਵਾਲਾ ਬਲਾਕ ਫਿਰੋਜਪੁਰ-3, ਧੀਰਾ ਘਾਰਾ, ਨਿਹਾਲਾ ਲਵੇਰਾ ਅਤੇ ਕਾਲੇ ਕਿ ਹਿਠਾੜ ਬਲਾਕ ਫਿਰੋਜਪੁਰ-2, ਨੌ ਬਹਿਰਾਮ ਸ਼ੇਰ ਸਿੰਘ, ਢਾਣੀ ਗੁਰਮੁੱਖ ਸਿੰਘ, ਰਾਣਾ ਪੰਜ ਗਰਾਈਂ ਅਤੇ ਨਿਊਰਾਣਾ ਪੰਜ ਗਰਾਈਂ ਬਲਾਕ ਗੁਰੂਹਰਸਹਾਏ-1, ਆਲੇ ਵਾਲਾ ਅਤੇ ਆਰਾਜੀ ਸਭਰਾਂ ਬਲਾਕ ਮਲਾਂਵਾਲਾ ਸ਼ਾਮਲ ਹਨ, ਵਿੱਚ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਡਿਪਟੀ ਕਮਿਸ਼ਨਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਪੜ੍ਹਾਈ ਸੰਬੰਧੀ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।





