Ferozepur News

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਅਤੇ 323 ਮੋਬਾਇਲ ਮੈਡੀਕਲ ਟੀਮਾਂ ਕੀਤੀਆਂ ਨਿਯੁਕਤ  – ਸਿਹਤ ਮੰਤਰੀ ਡਾ. ਬਲਬੀਰ ਸਿੰਘ

- ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਅਤੇ 323 ਮੋਬਾਇਲ ਮੈਡੀਕਲ ਟੀਮਾਂ ਕੀਤੀਆਂ ਨਿਯੁਕਤ  - ਸਿਹਤ ਮੰਤਰੀ ਡਾ. ਬਲਬੀਰ ਸਿੰਘ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਅਤੇ 323 ਮੋਬਾਇਲ ਮੈਡੀਕਲ ਟੀਮਾਂ ਕੀਤੀਆਂ ਨਿਯੁਕਤ  – ਸਿਹਤ ਮੰਤਰੀ ਡਾ. ਬਲਬੀਰ ਸਿੰਘ

– ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

– ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਨਾਲ-ਨਾਲ ਹਰ ਮਦਦ ਮੁਹੱਈਆ ਕਰਵਾਉਣ ਲਈ ਵਚਨਬੱਧ

ਫ਼ਿਰੋਜ਼ਪੁਰ, 23 ਅਗਸਤ, 2025; ਰਾਜ ਵਿੱਚ ਕੈਬਨਿਟ ਮੰਤਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਪਹੁੰਚ ਕਰ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਨਿੱਜੀ ਤੌਰ ’ਤੇ ਮਾਨੀਟਰਿੰਗ ਕੀਤੀ ਜਾ ਰਹੀ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 450 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਇਲ ਮੈਡੀਕਲ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮਾਹਿਰ ਡਾਕਟਰਾਂ ਤੋਂ ਇਲਾਵਾ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਨ ਮੌਕੇ ਇਹ ਜਾਣਕਾਰੀ ਦਿੱਤੀ।

ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਵੀ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਸੰਕਟ ਨਾਲ ਨਿਜੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਰਾਹਤ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਉਹ ਅੱਜ ਫ਼ਿਰੋਜ਼ਪੁਰ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਪੂਰਥਲਾ ਜ਼ਿਲ੍ਹੇ ਤੋਂ ਸ਼ੁਰੂ ਕੀਤਾ ਗਿਆ ਸੀ ਜੋ ਕਿ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿੱਥੇ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ, ਪਾਣੀ, ਪਸ਼ੂਆਂ ਲਈ ਚਾਰਾ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਖ਼ਰਾਬੇ ਦੇ ਪੱਕੇ ਹਲ ਦੇ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਾਫ਼ ਨਿਰਦੇਸ਼ ਦਿੱਤੇ ਗਏ ਹਨ ਕਿ ਹੜ੍ਹ ਪ੍ਰਭਾਵਿਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਇਆ ਜਾਵੇ ਅਤੇ ਜੋ ਵੀ ਖਰਚਾ ਆਵੇਗਾ ਉਸ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 400 ਨਰਸਾਂ ਦੀ ਭਰਤੀ ਲਈ ਵੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ 550 ਨਰਸਾਂ ਦੀ ਹੋਰ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 1000 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ। ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀਜ਼ ਦੇ ਵਿੱਚ 24 ਘੰਟੇ ਸਰਵਿਸ ਮੁਹੱਈਆ ਕਰਵਾਈ ਜਾਵੇਗੀ।  ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਹਸਪਤਾਲ ਦੇ ਵਾਰਡ ਵਿੱਚ ਦਾਖਲ ਮਰੀਜਾਂ ਦਾ ਹਾਲ ਚਾਲ ਪੁਛਿਆ ਅਤੇ ਡਾਕਟਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਵਾਰਡ ਵਿੱਚ ਦਾਖਲ ਲਾਵਾਰਿਸ ਮਰੀਜਾਂ ਦੇ ਇਲਾਜ ਅਤੇ ਸਾਂਭ ਸੰਭਾਲ ਲਈ ਐਨ.ਜੀ.ਓਜ਼ ਦੀ ਸਹਾਇਤਾ ਲਈ ਜਾਵੇ ਤਾਂ ਜੋ ਇਨ੍ਹਾਂ ਦੀ ਵਧੀਆਂ ਢੰਗ ਨਾਲ ਦੇਖਭਾਲ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਡਾਕਟਰੀ ਸਹਾਇਤਾ ਤੋਂ ਵਾਝਾਂ ਨਾ ਰਹੇ ਅਤੇ ਮਿਆਰੀ ਸਿਹਤ ਸੇਵਾਵਾਂ ਹਰੇਕ ਵਿਅਕਤੀ ਦੀ ਪਹੁੰਚ ਤੱਕ ਹੋਣ।

ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਸਿਮਰਨਜੀਤ ਸਿੰਘ ਪੀ.ਸੀ.ਐਸ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button