Ferozepur News
ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ: ਡਿਪਟੀ ਕਮਿਸ਼ਨਰ
ਰਾਹਤ ਕੇਂਦਰਾਂ ਵਿੱਚ ਦਵਾਈਆਂ, ਤਰਪਾਲਾਂ ਅਤੇ ਖਾਣੇ ਦੀ ਕੀਤੀ ਗਈ ਹੈ ਵਿਵਸਥਾ

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ: ਡਿਪਟੀ ਕਮਿਸ਼ਨਰ
ਪਾਣੀ ਦੀ ਆਮਦ ਵੱਧਣ ਤੇ ਬੰਨਾਂ ਦੀ ਨਿਗਰਾਨੀ ਰੱਖਣ ਸਬੰਧੀ ਕੀਤਾ ਗਿਆ ਹੈ ਸੁਚੇਤ
ਪਿੰਡ ਰੁਕਨੇ ਵਾਲਾ ਵਿਖੇ ਲਗਾਤਾਰ ਕਿਸ਼ਤੀਆਂ ਰਾਹੀਂ ਪਾਣੀ ਵਿੱਚ ਫਸੇ ਪਿੰਡ ਵਾਸੀਆਂ ਨੂੰ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ ਅਤੇ ਜ਼ਰੂਰੀ ਸਮਾਨ
ਰਾਹਤ ਕੇਂਦਰਾਂ ਵਿੱਚ ਦਵਾਈਆਂ, ਤਰਪਾਲਾਂ ਅਤੇ ਖਾਣੇ ਦੀ ਕੀਤੀ ਗਈ ਹੈ ਵਿਵਸਥਾ
ਫ਼ਿਰੋਜ਼ਪੁਰ, 3 ਸਤੰਬਰ 2025: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਵੱਲੋਂ ਖੁਦ ਪਿੰਡਾਂ ਦੇ ਵਿੱਚ ਜਾ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਕੋਈ ਸੂਚਨਾ ਮਿਲਦੀ ਹੈ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸਹਾਇਤਾ ਦੇ ਨਾਲ ਤੁਰੰਤ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 3432 ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਸਥਾਨਾਂ ਤੇ ਬਚਾਅ ਕਾਰਜ ਵਿੱਚ ਲੱਗੀਆਂ ਟੀਮਾਂ ਵੱਲੋਂ ਪਹੁੰਚਾਇਆ ਗਿਆ ਹੈ| ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਰਾਹਤ ਕੈਂਪ ਬਣਾਏ ਗਏ ਹਨ ਜਿੱਥੇ ਹੜ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਤੋਂ ਇਲਾਵਾ ਹਰ ਲੋੜੀਂਦੀ ਸੁਵਿਧਾ ਮੁਹਈਆ ਕਰਵਾਈ ਜਾ ਰਹੀ ਹੈ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨਾਲ ਹਰੀਕੇ ਹੈੱਡ ਵਰਕਸ ਤੇ ਜਾ ਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਣੀ ਦੀ ਆਮਦ ਵਿੱਚ ਵਾਧਾ ਹੋਇਆ ਹੈ ਜਿਸ ਦੇ ਮੱਦੇਜ਼ਰ ਬੰਨ੍ਹਾ ਦੀ ਮਜ਼ਬੂਤੀ ਦੇ ਲਈ ਨਿਗਰਾਨੀ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਵੱਲੋਂ ਪਿੰਡ ਰੁਕਨੇ ਵਾਲਾ, ਮੱਖੂ ਦਾ ਰਾਤ 10 ਵਜੇ ਜਾਇਜ਼ਾ ਲਿਆ ਗਿਆ ਅਤੇ ਪਿੰਡ ਵਾਸੀਆਂ ਨੂੰ ਸੁਚੇਤ ਰਹਿਣ ਸਬੰਧੀ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ ਬੰਨ੍ਹ ਦੀ ਮਜ਼ਬੂਤੀ ਲਈ ਦਿਨ ਰਾਤ ਗੱਟੇ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਰਫ਼ਤਾਰ ਤੇਜ਼ ਹੋਣ ਤੇ ਇਸ ਨੂੰ ਨੁਕਸਾਨ ਨਾ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਰੈਸਕਿਊ ਕਰਨ ਦੇ ਲਈ ਐਨਡੀਆਰਐਫ ਅਤੇ ਬੀ.ਐਸ.ਐੱਫ ਦੀਆਂ ਟੀਮਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਅਤੇ ਕਿਸੇ ਨੂੰ ਵੀ ਆਪਣੇ ਪੱਧਰ ਤੇ ਰੈਸਕਿਊ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਰਹੀ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਦੱਸਿਆ ਕਿ ਪਿੰਡ ਰੁਕਨੇ ਵਾਲਾ ਵਿਖੇ ਲਗਾਤਾਰ ਕਿਸ਼ਤੀਆਂ ਰਾਹੀਂ ਪਾਣੀ ਵਿੱਚ ਫਸੇ ਪਿੰਡ ਵਾਸੀਆਂ ਨੂੰ ਰਾਸ਼ਨ ਅਤੇ ਜ਼ਰੂਰੀ ਸਮਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾ ਕੇ ਮੁੱਢਲੀ ਸਹਾਇਤਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ।




