ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰ ਰਹੇ ਹਨ ਅਧਿਕਾਰੀ: ਡਿਪਟੀ ਕਮਿਸ਼ਨਰ
ਹੜ੍ਹ
ਪ੍ਰਭਾਵਿਤ ਖੇਤਰਾਂ ਵਿੱਚ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰ ਰਹੇ ਹਨ ਅਧਿਕਾਰੀ: ਡਿਪਟੀ ਕਮਿਸ਼ਨਰ
-ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਨਾਲ ਹੈ ਅੰਡਰ ਕੰਟਰੋਲ, ਪਾਣੀ ਦਾ ਪੱਧਰ ਘਟਿਆ
ਫਿਰੋਜ਼ਪੁਰ 11 ਸਤੰਬਰ 2025.
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਸਤਲੁਜ ਦਰਿਆ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਹੜਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲੈਣ ਲਈ ਅਤੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ। ਪਟਵਾਰੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅਨੁਮਾਨ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਮਦੋਟ, ਰੁਕਨੇ ਵਾਲਾ, ਹਬੀਬ ਵਾਲਾ, ਗੱਟਾ ਬਾਦਸ਼ਾਹ ਆਦਿ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਮੈਡੀਕਲ ਕੈਂਪ ਲਗਾ ਕੇ ਸਿਹਤ ਸਬੰਧੀ ਮੁਢਲੀ ਸਹਾਇਤਾ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਕਾਫ਼ੀ ਘੱਟ ਗਿਆ ਹੈ ਅਤੇ ਜਿੰਨ੍ਹਾਂ ਪਿੰਡਾਂ ਵਿੱਚ ਪਾਣੀ ਭਰ ਗਿਆ ਸੀ ਉਹ ਵੀ ਨਿਕਲ ਗਿਆ ਹੈ ਫਿਲਹਾਲ ਫ਼ਸਲਾਂ ਵਿੱਚ ਪਾਣੀ ਖੜ੍ਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਐਸਡੀਐਮ ਆਪਣੇ ਆਪਣੇ ਖੇਤਰਾਂ ਦੇ ਵਿੱਚ ਮੁਸਤੈਦ ਹਨ ਅਤੇ ਉਹਨਾਂ ਵੱਲੋਂ ਲਗਾਤਾਰ ਆਪਣੇ ਆਪਣੇ ਖੇਤਰ ਅਧੀਨ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਹੋਏ ਨੁਕਸਾਨ ਦਾ ਪਟਵਾਰੀਆਂ ਅਤੇ ਹੋਰਾਂ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਤਾਂ ਜੋ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਦਰਿਆ ਨਾਲ ਲੱਗਦੇ ਪਿੰਡਾਂ ਦੇ ਵਿੱਚ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਟਵਾਰੀ ਹੋਏ ਨੁਕਸਾਨ ਦਾ ਅਨੁਮਾਨ ਲਗਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਿਹਾਲੇਵਾਲਾ ਵਿੱਚ ਮੈਡੀਕਲ ਕੈਂਪ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਜਾਂਚ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਰਿਆ ਦੇ ਵਿੱਚ ਪਾਣੀ ਦੇ ਵਹਾ ਦੇ ਨੇੜੇ ਬਿਲਕੁਲ ਵੀ ਨਾ ਜਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਨਸੁਖਾਵੀ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਮੁਸਤੈਦੀ ਨਾਲ ਕੰਮ ਕਰ ਰਹੇ ਹਨ ਉਥੇ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਵੀ ਇਸ ਦੌਰਾਨ ਲੋਕਾਂ ਦੀ ਪੂਰੀ ਮੱਦਦ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਵਾਸਤੇ ਸਾਫ਼ ਪੀਣਯੋਗ ਪਾਣੀ ਦੀ ਵਰਤੋਂ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਪਹਿਰ ਤੱਕ ਮਿਲੀਆਂ ਰਿਪੋਰਟਾਂ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਕਾਫ਼ੀ ਘੱਟ ਗਿਆ ਹੈ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਆਵਾਜਾਈ ਵੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਸੜਕਾਂ ਜਾਂ ਬੰਨਾਂ ਦਾ ਨੁਕਸਾਨ ਹੋਇਆ ਹੈ ਬਿਨਾਂ ਦੇਰੀ ਉਨ੍ਹਾਂ ਦੀ ਰਿਪੇਅਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਦੋਨਾ ਮੱਤੜ(ਗਜ਼ਨੀ ਵਾਲਾ) ਸਮੇਤ ਕਈ ਪਿੰਡਾਂ ਵਿੱਚ ਗਰਦਾਵਰੀ ਦਾ ਕੰਮ ਪਟਵਾਰੀਆਂ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਸਮ ਵਿੱਚ ਪਾਣੀ ਕਰਕੇ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪਿੰਡਾਂ ਵਿੱਚ ਫੋਗਿੰਗ ਵੀ ਲਗਾਤਾਰ ਕਰਵਾਈ ਜਾ ਰਹੀ ਹੈ।





