ਕੇਂਦਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ – ਸ੍ਰੀ ਸੰਜੈ ਸੇਠ
- ਕੇਂਦਰੀ ਰੱਖਿਆ ਰਾਜ ਮੰਤਰੀ ਸ੍ਰੀ ਸੰਜੈ ਸੇਠ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ, ਰਾਹਤ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਸਬੰਧੀ ਮੀਟਿੰਗ
ਕੇਂਦਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ – ਸ੍ਰੀ ਸੰਜੈ ਸੇਠ
– ਕੇਂਦਰੀ ਰੱਖਿਆ ਰਾਜ ਮੰਤਰੀ ਸ੍ਰੀ ਸੰਜੈ ਸੇਠ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੇ ਪੁਨਰਵਾਸ, ਰਾਹਤ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਸਬੰਧੀ ਮੀਟਿੰਗ
ਫ਼ਿਰੋਜ਼ਪੁਰ, 05 ਅਕਤੂਬਰ, 2025: ਭਾਰਤ ਸਰਕਾਰ ਦੇ ਰੱਖਿਆ ਰਾਜ ਮੰਤਰੀ ਸ੍ਰੀ ਸੰਜੈ ਸੇਠ ਨੇ ਫਿਰੋਜ਼ਪੁਰ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੇ ਪੁਨਰਵਾਸ, ਰਾਹਤ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਸਬੰਧੀ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ, ਸਾਬਕਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਰਾਣਾ ਸੋਢੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਕੇਂਦਰੀ ਰੱਖਿਆ ਰਾਜ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਰਾਹਤ, ਬਚਾਅ ਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਹਦਾਇਤ ਦਿੱਤੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਤੁਰੰਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੁਨਰਵਾਸ, ਰਾਹਤ ਕਾਰਜਾਂ, ਬੁਨਿਆਦੀ ਢਾਂਚੇ ਦੀ ਮੁੜ ਉਸਾਰੀ, ਹੜ੍ਹ ਪੀੜਤਾਂ ਨੂੰ ਨੁਕਸਾਨ ਦੇ ਮੁਆਵਜ਼ੇ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।
ਸ੍ਰੀ ਸੰਜੈ ਸੇਠ ਨੇ ਇਹ ਵੀ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਫੌਜ, ਐਨ.ਡੀ.ਆਰ.ਐਫ. ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੀ ਸਾਂਝੀ ਕਾਰਵਾਈ ਨੂੰ ਹੜ੍ਹ ਦੌਰਾਨ ਲੋਕਾਂ ਦੀ ਜ਼ਿੰਦਗੀਆਂ ਬਚਾਉਣ ਵਿੱਚ ਅਹਿਮ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਸਿਰਮੌਰ ਰਾਜ ਹੈ ਜੋ ਹਰੇਕ ਮੁਸ਼ਕਲ ਘੜੀ ਵਿੱਚ ਦੇਸ਼ ਨਾਲ ਖੜਾ ਹੁੰਦਾ ਹੈ ਅਤੇ ਅੱਜ ਪੰਜਾਬ ਵੱਡੀ ਕੁਦਰਤੀ ਮਾਰ ਹੇਠ ਆਇਆ ਹੈ ਅਤੇ ਪੰਜਾਬ ਵਿੱਚ ਬਣੀ ਇਸ ਮੁਸ਼ਕਲ ਦੀ ਸਥਿਤੀ ਵਿੱਚ ਪੂਰਾ ਦੇਸ਼ ਮਦਦ ਲਈ ਪੰਜਾਬ ਨਾਲ ਖੜਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਮੰਤਰੀਆਂ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਖੇਤਰਾਂ ਦੇ ਨਿਰੰਤਰ ਦੌਰੇ ਕਰਕੇ ਸਥਿਤੀਆਂ ਦਾ ਜਾਇਜ਼ਾ ਲਿਆ ਗਿਆ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 1600 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ ਪ੍ਰਭਾਵਿਤ ਖੇਤਰਾਂ ਦੇ ਪੁਨਰਵਾਸ ਲਈ ਹਰ ਤਰ੍ਹਾਂ ਨਾਲ ਸਹਿਯੋਗ ਦਿੱਤਾ ਜਾਵੇਗਾ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕੋਈ ਵੀ ਹੜ੍ਹ ਪੀੜਤ ਮੁਆਵਜੇ ਤੋਂ ਵਾਂਝਾ ਨਾ ਰਹੇ ਇਸ ਤੋਂ ਇਲਾਵਾ ਜਿਹਨਾਂ ਕਿਸਾਨਾਂ ਦੀ ਜ਼ਮੀਨ, ਫ਼ਸਲ, ਟਿਊਬਵੈੱਲ ਆਦਿ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਬੀਜ, ਖਾਦਾਂ, ਮੁਆਵਜਾ ਆਦਿ ਛੇਤੀ ਤੋਂ ਛੇਤੀ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੈਡੀਕਲ ਸਹੂਲਤਾਂ ਨਿਸ਼ਚਿਤ ਬਣਾਉਣ ਲਈ ਵੀ ਕਿਹਾ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਸਰੀਨ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਦੱਸਿਆ ਗਿਆ ਕਿ ਜ਼ਿਲ੍ਹੇ ਦੇ 113 ਪਿੰਡ, 38614 ਲੋਕ ਅਤੇ 38400 ਏਕੜ ਫਸਲ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕਾਰਨ ਦੋ ਲੋਕਾਂ ਦੀ ਮੌਤ ਤੇ 76 ਜਾਨਵਰਾਂ ਦੀ ਮੌਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਕੇਂਦਰੀ ਰੱਖਿਆ ਰਾਜ ਮੰਤਰੀ ਨੂੰ ਹੜ੍ਹ ਦੌਰਾਨ ਅਤੇ ਹੜ੍ਹ ਤੋਂ ਬਾਅਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੜ੍ਹ ਦੌਰਾਨ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਫੀਲਡ ਵਿੱਚ ਡਟੇ ਰਹੇ ਅਤੇ ਭਾਰਤੀ ਫੌਜ, ਬੀਐਸਐਫ, ਐਨਡੀਆਰਐਫ, ਪੰਜਾਬ ਪੁਲੀਸ ਅਤੇ ਐਨ.ਜੀ.ਓਜ. ਦੇ ਸਹਿਯੋਗ ਨਾਲ ਲੋਕਾਂ ਦੀ ਮਦਦ ਕੀਤੀ ਗਈ ਅਤੇ ਬੰਨਾ ਨੂੰ ਮਜ਼ਬੂਤ ਕੀਤਾ ਗਿਆ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਜ਼ਰੂਰੀ ਦਵਾਈਆਂ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਾਈਆਂ ਗਈਆਂ। ਉਹਨਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਫ਼ਸਲ, ਖੇਤਾਂ, ਘਰਾਂ ਅਤੇ ਪਸ਼ੂਆਂ ਆਦਿ ਦੇ ਹੋਏ ਨੁਕਸਾਨ ਦਾ ਸਰਵੇ 10 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ 11 ਅਕਤੂਬਰ ਤੋਂ 25 ਫੀਸਦੀ ਪ੍ਰਭਾਵਿਤਾਂ ਨੂੰ ਮੁਆਵਜ਼ਾ ਵੀ ਦੇ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਕਤੂਬਰ ਤੱਕ 100 ਫੀਸਦੀ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕੇਂਦਰੀ ਰਾਜ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਵੱਲੋਂ ਦਿੱਤੇ ਗਏ ਕੀਮਤੀ ਸੁਝਾਵਾਂ ‘ਤੇ ਕੰਮ ਕਰੇਗਾ ਅਤੇ ਹੜ੍ਹ ਪੀੜਤਾਂ ਦੇ ਪੁਨਰਵਾਸ ਅਤੇ ਮੁਆਵਜ਼ਾ ਦੇਣ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕਰ ਲਿਆ ਜਾਵੇਗਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਪੀਸੀਐਸ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।






