ਵਿਧਾਇਕ ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 36.94 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ
- ਮਾਨ ਸਰਕਾਰ ਲੋਕਾਂ ਦੇ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ : ਭੁੱਲਰ

ਵਿਧਾਇਕ ਰਣਬੀਰ ਭੁੱਲਰ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 36.94 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ
– ਮਾਨ ਸਰਕਾਰ ਲੋਕਾਂ ਦੇ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ : ਭੁੱਲਰ
ਫਿਰੋਜ਼ਪੁਰ, 16 ਅਕਤੂਬਰ, 2025: ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹੇ ‘ਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਦੀ ਵੰਡ ਤਹਿਤ ਅੱਜ ਹੁਸੈਨੀ ਵਾਲਾ ਰੈਸਟ ਹਾਊਸ ਵਿਖੇ ਹੋਏ ਸਮਾਗਮ ਵਿਚ 60 ਦੇ ਕਰੀਬ ਲਾਭਪਾਤਰੀਆਂ ਨੂੰ 36.94 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ। ਇਹਨਾਂ ਲਾਭਪਾਤਰੀਆਂ ਵਿੱਚ ਪਿੰਡ ਵੀਅਰ, ਕਾਲੂਵਾੜਾ, ਟੇੰਡੀ ਵਾਲਾ, ਗੱਟੀ ਰਾਜੋ ਕੇ, ਨਵੀਂ ਗੱਟੀ ਰਾਜੋ ਕੇ, ਗੱਟੀ ਰਹੀਮੇ ਕੇ ਭੱਖੜਾ ਅਤੇ ਝੁੱਗੇ ਹਜ਼ਾਰਾ ਸਿੰਘ ਵਾਲਾ ਦੇ ਹੜ੍ਹ ਪ੍ਰਭਾਵਿਤ ਸ਼ਾਮਿਲ ਸਨ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਫੰਡ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖੁਸ਼ੀ ਅਤੇ ਦੁੱਖ ਵਿੱਚ ਆਪਣੇ ਕਿਸਾਨ ਵੀਰਾਂ ਦੇ ਨਾਲ ਖੜ੍ਹੀ ਹੈ। ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਲਈ ਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਮੁਆਵਜ਼ਾ ਵੰਡਿਆ ਜਾ ਰਿਹਾ ਹੈ, ਜਿਸ ਨਾਲ ਸਾਰੇ ਯੋਗ ਵਿਅਕਤੀਆਂ ਤੱਕ ਤੁਰੰਤ ਪਹੁੰਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਰਾਹਤ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਪਰਿਵਾਰ ਰਾਹਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਨਤਕ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਨਾ ਸਿਰਫ਼ ਵਾਅਦੇ ਕਰਦੀ ਹੈ ਸਗੋਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਵੀ ਕਰਦੀ ਹੈ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਮੁਆਵਜ਼ੇ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਹਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤਾਂ ਦੇ ਨੁਮਾਇੰਦੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।





