Ferozepur News

ਕੇਂਦਰ ਸਰਕਾਰ ਵੱਲੋਂ ਮਜਦੂਰ ਵਰਗ ਨੂੰ ਜੈ ਰਾਮ ਜੀ ਸਕੀਮ ਰਾਹੀਂ ਦਿੱਤਾ ਸਿੱਧਾ ਲਾਭ – ਰਾਣਾ ਸੋਢੀ

ਫਿਰੋਜ਼ਪੁਰ 13 ਜਨਵਰੀ 2026 : ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਗਰੀਬ ਵਰਗ ਲਈ ਚੱਲ ਰਹੀ ਮਗਨਰੇਗਾ ਹੁਣ ਜੈ ਰਾਮ ਜੀ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵਿਸ਼ੇਸ਼ ਤੌਰ ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਰਾਣਾ ਸੋਢੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਗਰੀਬ ਵਰਗ ਦੇ ਲੋਕਾਂ ਲਈ ਕੁਝ ਨਾ ਕੁਝ ਨਵਾਂ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਉਹਨਾਂ ਕਿਹਾ ਕਿ ਇਸ ਸਕੀਮ ਅਧੀਨ ਕੰਮ ਦਿਨਾਂ ਨੂੰ ਵਧਾ ਕੇ 125 ਕਰਨ ਦਾ ਫੈਸਲਾ ਕੀਤਾ ਗਿਆ ਹੈ, ਜੋ ਕਿ ਮਜਦੂਰ ਵਰਗ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗਾ। ਰਾਣਾ ਸੋਢੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਗਰੀਬ ਵਰਗ ਲਈ ਨਵੇਂ ਸਾਲ ਦਾ ਇਕ ਵਿਸ਼ੇਸ਼ ਤੋਹਫ਼ਾ ਹੈ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਮਨਰੇਗਾ ਹੇਠ ਮਜ਼ਦੂਰਾਂ ਦੀ ਮਿਨੀਮਮ ਦਿਹਾੜੀ ਸਿੱਧੀ ਮਜ਼ਦੂਰ ਦੇ ਖਾਤੇ ਵਿੱਚ ਜਮ੍ਹਾ ਹੋਵੇਗੀ, ਜਿਸ ਨਾਲ ਵਿਚੋਲਿਆਂ ਦੀ ਭੂਮਿਕਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਸ਼ੇਸ਼ ਅਤੇ ਦੂਰਦਰਸ਼ੀ ਸੋਚ ਦਾ ਨਤੀਜਾ ਹੈ, ਜੋ ਹਮੇਸ਼ਾ ਗਰੀਬ, ਮਜ਼ਦੂਰ ਅਤੇ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੰਦੇ ਹਨ।
ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਰਾਜ ਸਰਕਾਰ ਮਨਰੇਗਾ ਦੇ ਫੰਡਾਂ ਦੀ ਸਹੀ ਅਤੇ ਇਮਾਨਦਾਰ ਵਰਤੋਂ ਕਰੇ, ਤਾਂ ਪੰਜਾਬ ਵਿੱਚੋਂ ਬੇਰੋਜ਼ਗਾਰੀ ਕਾਫ਼ੀ ਹੱਦ ਤੱਕ ਦੂਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਸਿਰਫ਼ ਰੋਜ਼ਗਾਰ ਹੀ ਨਹੀਂ, ਸਗੋਂ ਪਿੰਡਾਂ ਦੇ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕਾਂ ਦੀ ਆਰਥਿਕ ਹਾਲਤ ਸੁਧਾਰਨ ਦਾ ਵੱਡਾ ਸਾਧਨ ਹੈ।
ਪ੍ਰੈਸ ਕਾਨਫਰੰਸ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਹੀ ਉਹ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਤਰੱਕੀ ਦੀ ਲੀਹਾਂ ‘ਤੇ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਬਹੁਤ ਕੁਝ ਦੇਣਾ ਚਾਹੁੰਦੇ ਹਨ, ਪਰ ਇਸ ਲਈ ਰਾਜ ਸਰਕਾਰ ਨੂੰ ਵੀ ਕੇਂਦਰ ਨਾਲ ਮਿਲ ਕੇ ਵਿਕਾਸਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਪਵੇਗਾ।
ਅੰਤ ਵਿੱਚ, ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਮਨਰੇਗਾ ਅਤੇ ਹੋਰ ਕੇਂਦਰੀ ਯੋਜਨਾਵਾਂ ਦੇ ਜ਼ਰੀਏ ਭਾਜਪਾ ਦਾ ਮੁੱਖ ਮਕਸਦ ਗਰੀਬਾਂ ਨੂੰ ਸਸ਼ਕਤ ਕਰਨਾ, ਪਿੰਡਾਂ ਨੂੰ ਮਜ਼ਬੂਤ ਬਣਾਉਣਾ ਅਤੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ‘ਤੇ ਲਿਜਾਣਾ ਹੈ।

Related Articles

Leave a Reply

Your email address will not be published. Required fields are marked *

Back to top button