Ferozepur News
20 ਸਾਲਾਂ ਦੀ ਨੌਕਰੀ ਤੋਂ ਬਾਅਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਘਟਾਉਣ ਦੀ ਤਿਆਰੀ ਨਿੰਦਨਯੋਗ – ਡੀਟੀਐੱਫ

20 ਸਾਲਾਂ ਦੀ ਨੌਕਰੀ ਤੋਂ ਬਾਅਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਘਟਾਉਣ ਦੀ ਤਿਆਰੀ ਨਿੰਦਨਯੋਗ – ਡੀਟੀਐੱਫ
ਤਨਖਾਹਾਂ ਘਟਾਉਣ ਦੇ ਫੈਸਲੇ ਖ਼ਿਲਾਫ਼ ਡੀਟੀਐੱਫ ਵਲੋਂ ਕਰਮਚਾਰੀਆਂ ਨਾਲ ਮਿਲ ਤਿੱਖੇ ਸੰਘਰਸ਼ ਦੀ ਚਿਤਾਵਨੀ
17 ਦੇ ਸਿੱਖਿਆ ਭਵਨ ਘਿਰਾਓ ਅਤੇ ਚੰਡੀਗੜ੍ਹ ਮਾਰਚ ਮੌਕੇ ਡੀਟੀਐੱਫ ਕਰੇਗੀ ਭਰਵੀਂ ਸ਼ਮੂਲੀਅਤ-ਵਿਕਰਮਦੇਵ /ਕੌੜਿਆਂਵਾਲੀ
ਫ਼ਿਰੋਜ਼ਪੁਰ 6 ਫਰਵਰੀ, 2026: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆਂ ਨਾਲ ਕੀਤੇ ਜਾ ਰਹੇ ਘੋਰ ਵਿਤਕਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡੀਟੀਐੱਫ ਆਗੂਆਂ ਨੇ ਕਿਹਾ ਕਿ 20 ਸਾਲਾਂ ਤੱਕ ਸੇਵਾ ਨਿਭਾਉਣ ਤੋਂ ਬਾਅਦ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ 50,000 ਰੁਪਏ ਤੋਂ ਘਟਾ ਕੇ 19,000 ਕਰਨ ਦੀ ਤਿਆਰੀ ਕਰਨਾ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ 08/09/2025 ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਸਮੱਗਰਾ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਉਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਇਹ ਫੈਸਲਾ ਸਿਰਫ਼ ਨੋਟੀਫਿਕੇਸ਼ਨ ਦੀਆਂ ਫਾਈਲਾਂ ਅਤੇ ਟੇਬਲਾਂ ਦੀ ਸ਼ੋਭਾ ਬਣ ਕੇ ਰਹਿ ਗਿਆ ਹੈ। ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਾਰ-ਵਾਰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੇ ਹੁਕਮ ਦਿੱਤੇ ਗਏ, ਇੱਥੋਂ ਤੱਕ ਕਿ 10 ਅਕਤੂਬਰ 2025 ਨੂੰ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਵੀ 01.04.2018 ਤੋਂ ਅਧਿਆਪਕਾਂ ਦੀ ਤਰ੍ਹਾਂ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਬਾਰੇ ਸਹਿਮਤੀ ਬਣੀ ਸੀ, ਪਰ ਅੱਜ ਤੱਕ ਫਾਈਲ ਇੱਕ ਟੇਬਲ ਤੋਂ ਦੂਜੇ ਟੇਬਲ ‘ਤੇ ਘੁੰਮ ਰਹੀ ਹੈ। ਆਗੂਆਂ ਯਾਦ ਦਿਵਾਇਆ ਕਿ ਸਾਲ 2018 ਵਿੱਚ 8886 ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਸੀ ਜਦਕਿ ਦਫ਼ਤਰੀ ਕਰਮਚਾਰੀਆਂ ਨਾਲ ਸਪੱਸ਼ਟ ਵਿਤਕਰਾ ਕੀਤਾ ਗਿਆ, ਜਿਸ ਖਿਲਾਫ ਅਦਾਲਤ ਨੇ ਵੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ ਅਤੇ ਤਤਕਾਲੀ ਸਕੱਤਰ ਨੇ ਇਸਨੂੰ ਵਿਭਾਗੀ ਗਲਤੀ ਮੰਨਿਆ ਸੀ ਪਰ ਫਿਰ ਵੀ ਅਦਾਲਤੀ ਟਿੱਪਣੀਆਂ ਨੂੰ ਦਰਕਿਨਾਰ ਕਰਕੇ ਅੱਜ ਤੱਕ ਨੋਟੀਫਿਕੇਸ਼ਨ ਲਾਗੂ ਨਹੀਂ ਕੀਤਾ ਗਿਆ। ਡੀਟੀਐੱਫ ਆਗੂਆਂ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਦਿੱਤੀ ਸੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੇ ਭਵਿੱਖ ਨਾਲ ਖੇਡ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ 01.04.2018 ਤੋਂ ਰੈਗੂਲਰ ਆਰਡਰ ਜਾਰੀ ਕਰਨ, ਤਨਖਾਹਾਂ ਨਾ ਘਟਾਉਣ ਅਤੇ ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ ਨੂੰ ਵੀ ਨਾਲ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 17 ਫਰਵਰੀ ਨੂੰ ਸਿੱਖਿਆ ਭਵਨ ਮੋਹਾਲੀ ਅਤੇ ਡੀ.ਪੀ.ਆਈ ਦਫਤਰ ਦਾ ਘਿਰਾਓ ਅਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਡੀ.ਟੀ.ਐੱਫ.ਪੰਜਾਬ ਵਲੋਂ ਇਸ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।। ਇਸ ਮੌਕੇ ਗੁਰਵਿੰਦਰ ਸਿੰਘ ਖੋਸਾ, ਅਮਿਤ ਸ਼ਰਮਾ,ਦਵਿੰਦਰ ਨਾਥ, ਸਰਬਜੀਤ ਸਿੰਘ ਭਾਵੜਾ,ਰਾਜ ਕੁਮਾਰ ਮਹਿਰੋਕ ,ਰਾਮ ਕੁਮਾਰ, ਅਮਿਤ ਕੰਬੋਜ਼,ਹੀਰਾ ਸਿੰਘ ਤੂਤ,ਮਨੋਜ ਕੁਮਾਰ,ਸਵਰਨ ਸਿੰਘ,ਨਰਿੰਦਰ ਜੰਮੂ, ,ਹਰਜਿੰਦਰ ਜਨੇਰ,ਬਿਕਰਮਜੀਤ ਉੱਪਲ ,ਅਨਿਲ ਧਵਨ ,ਗਗਨ ਮਿੱਤਲ ,ਸੰਦੀਪ ਕੁਮਾਰ ,ਇੰਦਰ ਸਿੰਘ ਸੰਧੂ,ਵਰਿੰਦਰਪਾਲ ਸਿੰਘ,ਕਿਰਪਾਲ ਸਿੰਘ ,ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।





