ਰਾਜਪਾਲ ਪੰਜਾਬ ਵੱਲੋਂ ਹੂਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ, ਵਾਰ ਮੈਮੋਰੀਅਲ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ

ਰਾਜਪਾਲ ਪੰਜਾਬ ਵੱਲੋਂ ਹੂਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ, ਵਾਰ ਮੈਮੋਰੀਅਲ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ
– ਰੀਟਰੀਟ ਸੈਰੇਮਨੀ ਵੀ ਵੇਖੀ
ਫਿਰੋਜ਼ਪੁਰ, 10 ਫਰਵਰੀ 2026:
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਫ਼ਿਰੋਜ਼ਪੁਰ ਵਿਖੇ ਸਥਿਤ ਇਤਿਹਾਸਕ ਹੂਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਬੀ.ਕੇ. ਦੱਤ ਦੀ ਸਮਾਧੀ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਇਸ ਮੌਕੇ ਮਾਨਯੋਗ ਰਾਜਪਾਲ ਜੀ ਵੱਲੋਂ ਵਾਰ ਮੈਮੋਰੀਅਲ ਵਿਖੇ ਵੀ ਸ਼ਰਧਾ ਦੇ ਫੁੱਲ ਭੇਟ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਣਾ ਸਰੋਤ ਹਨ ਅਤੇ ਦੇਸ਼ ਵਾਸੀਆਂ ਦਾ ਫਰਜ਼ ਹੈ ਕਿ ਅਸੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਪ੍ਰਭੂਤਾ ਨੂੰ ਸਦਾ ਮਜ਼ਬੂਤ ਬਣਾਈਏ।
ਦੌਰੇ ਦੇ ਅੰਤ ਵਿੱਚ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ’ਤੇ ਆਯੋਜਿਤ ਰੀਟਰੀਟ ਸੈਰੇਮਨੀ ਵੀ ਵੇਖੀ ਗਈ। ਇਸ ਮੌਕੇ ਉਨ੍ਹਾਂ ਨੇ ਸੁਰੱਖਿਆ ਬਲਾਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਸਰਾਹਨਾ ਕੀਤੀ ਅਤੇ ਦੇਸ਼ ਦੀ ਰੱਖਿਆ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕੀਤਾ।
ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਜਨਗਣਨਾ ਸੰਚਾਲਨ ਲਲਿਤ ਜੈਨ, ਰੈੱਡ ਕਰਾਸ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਦੀਪ ਸਿਖ਼ਾ ਸ਼ਰਮਾ, ਐਸ.ਐਸ.ਪੀ ਭੁਪਿੰਦਰ, ਫੌਜ ਦੇ ਅਧਿਕਾਰੀ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।





