23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ – ਡੀ.ਸੀ.

23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ – ਡੀ.ਸੀ.
– ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ’ਚ 23 ਮਾਰਚ ਨੂੰ ਹੋਵੇਗਾ ਰਾਜ ਪੱਧਰੀ ਸ਼ਹੀਦੀ ਸਮਾਗਮ
– ਸਮਾਗਮ ਦੀਆਂ ਤਿਆਰੀਆਂ ਸਬੰਧੀ ਡੀ. ਸੀ. ਨੇ ਹੁਸੈਨੀਵਾਲਾ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 19 ਮਾਰਚ ( ) :
ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ ਅਤੇ ਉਨ੍ਹਾਂ ਵੱਲੋਂ ਪਬਲਿਕ ਰੈਲੀ ਦੌਰਾਨ ਆਮ ਲੋਕਾਂ ਨੂੰ ਸੰਬੋਧਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਇਸ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਹੁਸੈਨੀਵਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਥੇ ਪਹੁੰਚਣਗੇ।
ਰਾਜ ਪੱਧਰੀ ਸਮਾਗਮ ਦੀਆਂ ਅਗਾਊਂ ਤਿਆਰੀਆਂ ਲਈ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ ਸੌਂਪੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ, ਮੈਡੀਕਲ ਟੀਮਾਂ ਦੀ ਤਾਇਨਾਤੀ, ਐਂਬੂਲੈਂਸ, ਟਰੈਫ਼ਿਕ ਵਿਵਸਥਾ, ਪਾਰਕਿੰਗ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਲੰਗਰ, ਪਖਾਨੇ, ਸਾਫ਼-ਸਫ਼ਾਈ, ਪ੍ਰਮੁੱਖ ਚੌਕਾ ਦੀ ਸਜਾਵਟ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਰਕ ’ਤੇ ਸਰਧਾਂਜਲੀ ਭੇਟ ਕਰਨ ਲਈ ਪਹੁੰਚਣ ਵਾਲੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਬੱਸਾਂ ਅਤੇ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਜੋ ਸਮਾਗਮ ਦੇ ਆਯੋਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ, ਸਹਾਇਕ ਕਮਿਸ਼ਨਰ ਮੈਡਮ ਲਿੰਧਿਆ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਸਿਵਲ ਸਰਜਨ ਰਾਜੀਵ ਪਰਾਸ਼ਰ, ਐਸ.ਪੀ. ਮੰਜੀਤ ਸਿੰਘ, ਡੀ.ਡੀ.ਪੀ.ਓ. ਨਰਭਿੰਦਰ ਸਿੰਘ, ਡੀ.ਐਮ.ਓ. ਜਸ਼ਨਦੀਪ ਸਿੰਘ, ਡੀਐਫਐਸਸੀ ਜਿਤਿਨ ਵਰਮਾ, ਜੀ.ਐਮ. ਰੋਡਵੇਜ਼ ਅਮਿਤ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।




