Ferozepur News

ਸਕੂਲ ਆਫ਼ ਐਮੀਂਨਸ ਫ਼ਿਰੋਜ਼ਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਕੀਤਾ ਗਿਆ ਸ਼ਾਨਦਾਰ ਪ੍ਰੋਗਰਾਮ

ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਲਿਆ ਰਹੀ ਕ੍ਰਾਂਤੀਕਾਰੀ ਬਦਲਾਅ - ਵਿਧਾਇਕ ਭੁੱਲਰ

ਸਕੂਲ ਆਫ਼ ਐਮੀਂਨਸ ਫ਼ਿਰੋਜ਼ਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਕੀਤਾ ਗਿਆ ਸ਼ਾਨਦਾਰ ਪ੍ਰੋਗਰਾਮ

ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਲਿਆ ਰਹੀ ਕ੍ਰਾਂਤੀਕਾਰੀ ਬਦਲਾਅ – ਵਿਧਾਇਕ ਭੁੱਲਰ

ਸਕੂਲ ਆਫ਼ ਐਮੀਂਨਸ ਫ਼ਿਰੋਜ਼ਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਕੀਤਾ ਗਿਆ ਸ਼ਾਨਦਾਰ ਪ੍ਰੋਗਰਾਮ

 

 

ਫਿਰੋਜ਼ਪੁਰ, 28 ਮਾਰਚ, 2026: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ “ਮਾਪੇ-ਅਧਿਆਪਕ ਮਿਲਣੀਆਂ” ਇੱਕ ਮਹੱਤਵਪੂਰਨ ਕਦਮ ਵਜੋਂ ਸਾਹਮਣੇ ਆਈਆਂ ਹਨ। ਇਹਨਾਂ ਮਿਲਣੀਆਂ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਦੂਰੀ ਨੂੰ ਘਟਾਉਣਾ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਹਾਂ-ਪੱਖੀ ਵਾਤਾਵਰਣ ਤਿਆਰ ਕਰਨਾ ਹੈ।

ਇਸੇ ਲੜੀ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਸਤਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਅਤੇ ਸਲਾਨਾ ਨਤੀਜੇ ਐਲਾਨਣ ਲਈ ਪ੍ਰਭਾਵਸ਼ਾਲੀ ਸਮਾਗਮਾਂ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸਕੂਲ ਆਫ ਐਮੀਨੈਸ ਫਿਰੋਜ਼ਪੁਰ ਵਿਖੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਡਾ. ਸਤਿੰਦਰ ਸਿੰਘ (ਨੈਸ਼ਨਲ ਅਵਾਰਡੀ) ਅਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਕੋਮਲ ਅਰੋੜਾ ਸਮੇਤ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਰਹੇ।
ਸਕੂਲ ਪ੍ਰਿੰਸੀਪਲ ਰਜੇਸ਼ ਮਹਿਤਾ ਨੇ ਆਏ ਮਹਿਮਾਨਾਂ ਦਾ ਰਸਮੀ ਰੂਪ ਵਿੱਚ ਸਵਾਗਤ ਕੀਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ, ਵਿਦਿਆਰਥੀਆਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਭਾਗ ਲਿਆ।

ਮੁੱਖ ਮਹਿਮਾਨ ਸ. ਰਣਬੀਰ ਸਿੰਘ ਭੁੱਲਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਵਚਨਬੱਧ ਹੈ ਅਤੇ ਮਾਪੇ-ਅਧਿਆਪਕ ਮਿਲਣੀਆਂ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਤਜਰਬੇਕਾਰ ਅਧਿਆਪਕ ਅਤੇ ਸੁਧਰੇ ਹੋਏ ਸਿੱਖਣ ਮਾਹੌਲ ਨਾਲ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਅਤੇ ਸਿੱਖਿਆ ਕ੍ਰਾਂਤੀ ਭਾਗ ਦੋ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਉੱਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਨੇ ਆਪਣੇ ਵਿਚਾਰਾਂ ਦੌਰਾਨ ਦੱਸਿਆ ਕਿ ਇਹ ਮਿਲਣੀਆਂ ਸਿਰਫ਼ ਇੱਕ ਰਸਮੀ ਪ੍ਰਕਿਰਿਆ ਨਹੀਂ, ਸਗੋਂ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਮਜ਼ਬੂਤ ਸਾਂਝ ਬਣਾਉਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ ਅਤੇ ਸਮੂਹਿਕ ਵਿਕਾਸ ਬਾਰੇ ਖੁੱਲ੍ਹੀ ਚਰਚਾ ਕਰਨਾ ਇਸ ਦਾ ਮੁੱਖ ਉਦੇਸ਼ ਹੈ, ਜਿਸ ਨਾਲ ਬੱਚਿਆਂ ਦੀ ਪ੍ਰਗਤੀ ਨੂੰ ਹੋਰ ਨਿਖਾਰਿਆ ਜਾ ਸਕਦਾ ਹੈ।

ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ ਨੇ ਸਮਾਗਮ ਦੌਰਾਨ ਸਕੂਲ ਵਿੱਚ ਉਪਲਬਧ ਆਧੁਨਿਕ ਸਹੂਲਤਾਂ ਅਤੇ ਸਿੱਖਣ ਦੇ ਨਵੇਂ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸਕੂਲ ਵਿੱਚ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਨੇ ਮਾਪਿਆਂ ਦਾ ਖਾਸ ਧਿਆਨ ਖਿੱਚਿਆ।

ਸਮਾਗਮ ਦੌਰਾਨ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉਤਸ਼ਾਹ ਨੂੰ ਹੋਰ ਵਧਾਇਆ ਗਿਆ। ਇਸ ਮੌਕੇ ਸਿੱਖਿਆ ਵਿਭਾਗ ਵੱਲੋਂ ਆਉਣ ਵਾਲੀਆਂ ਨਵੀਆਂ ਨੀਤੀਆਂ ਅਤੇ ਸੁਧਾਰਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਇਹ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਨਵਾਂ ਉਤਸ਼ਾਹ ਪੈਦਾ ਕਰਨ ਵਿੱਚ ਸਫਲ ਰਹੀ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਇੱਕ ਸਕਾਰਾਤਮਕ ਕਦਮ ਸਾਬਤ ਹੋਈ। ਇਸ ਮੌਕੇ ਐਲਵਿਨ ਭੱਟੀ,ਰਾਜ ਬਹਾਦਰ ਸਿੰਘ ਗਿੱਲ, ਵਿਕਾਸ ਕੁਮਾਰ ਸਿਖਿਆ ਕੋਆਰਡੀਨੇਟਰ ,ਅਧਿਆਪਕ ਮਲਕੀਤ ਸਿੰਘ ਹਰਾਜ, ਅਰਵਿੰਦ ਕੌਰ, ਮਧੂ ਨੰਦਾ, ਦਵਿੰਦਰ ਨਾਥ, ਭੁਪਿੰਦਰ ਕੌਰ, ਅਮਨਪ੍ਰੀਤ ਕੌਰ, ਵਰਿੰਦਰ ਕੌਰ, ਰਾਘਵ ਕਪੂਰ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button